ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਟੋਹਾਣਾ, 12 ਅਕਤੂਬਰ, 2026 (ਸੰਜੀਵ ਸ਼ਰਮਾ): ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਗਾਏ ਗਏ ਉਪਮੰਡਲ ਪੱਧਰੀ ਸਮਾਧਾਨ ਕੈਂਪ ਵਿੱਚ ਐੱਸਡੀਐੱਮ ਆਕਾਸ਼ ਸ਼ਰਮਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਜਲਦੀ ਅਤੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰੇਕ ਸ਼ਿਕਾਇਤ ਦਾ ਨਿਰਧਾਰਤ ਸਮਾਂ-ਸੀਮਾ ਅੰਦਰ ਗੁਣਵੱਤਾਪੂਰਨ ਹੱਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸੋਮਵਾਰ ਨੂੰ ਲਗਾਏ ਗਏ ਸਮਾਧਾਨ ਕੈਂਪ ਵਿੱਚ ਪਰਿਵਾਰ ਪਛਾਣ ਪੱਤਰ, ਖੁਰਾਕ ਤੇ ਸਪਲਾਈ ਵਿਭਾਗ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਇੱਕ-ਇੱਕ ਅਰਜ਼ੀ ਪ੍ਰਾਪਤ ਹੋਈ। ਇਨ੍ਹਾਂ ਅਰਜ਼ੀਆਂ ਨੂੰ ਸਬੰਧਤ ਵਿਭਾਗਾਂ ਕੋਲ ਭੇਜਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਨਿਰਧਾਰਤ ਸਮਾਂ-ਸੀਮਾ ਅੰਦਰ ਇਨ੍ਹਾਂ ਦਾ ਪ੍ਰਭਾਵਸ਼ਾਲੀ ਅਤੇ ਤਸੱਲੀਬਖ਼ਸ਼ ਨਿਪਟਾਰਾ ਯਕੀਨੀ ਬਣਾਉਣ।
ਸਮਾਧਾਨ ਕੈਂਪ ਵਿੱਚ ਬਿਜਲੀ, ਪੁਲਿਸ, ਨਗਰ ਕੌਂਸਲ, ਖੁਰਾਕ ਤੇ ਸਪਲਾਈ, ਸਮਾਜਿਕ ਸੁਰੱਖਿਆ ਪੈਨਸ਼ਨ, ਕਾਡਾ, ਸਿੰਚਾਈ, ਮਾਲ, ਜਨ ਸਿਹਤ ਇੰਜੀਨੀਅਰਿੰਗ, ਖੇਤੀਬਾੜੀ, ਪੀਣ ਵਾਲੇ ਪਾਣੀ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਐੱਸਡੀਐੱਮ ਆਕਾਸ਼ ਸ਼ਰਮਾ ਨੇ ਕਿਹਾ ਕਿ ਸਮਾਧਾਨ ਕੈਂਪ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ। ਇਨ੍ਹਾਂ ਕੈਂਪਾਂ ਰਾਹੀਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਨਾਲ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇੱਕੋ ਥਾਂ ’ਤੇ ਸਹੂਲਤ ਮਿਲ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਮਾਧਾਨ ਕੈਂਪਾਂ ਵਿੱਚ ਪਹੁੰਚ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਹਰ ਸੋਮਵਾਰ ਅਤੇ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਮਾਧਾਨ ਕੈਂਪ ਲਗਾਏ ਜਾਂਦੇ ਹਨ, ਜਿੱਥੇ ਪ੍ਰਾਪਤ ਸ਼ਿਕਾਇਤਾਂ ’ਤੇ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ।
