ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ, ਨਮੀ ਦੇ ਮਾਪਦੰਡਾਂ ਦੀ ਕੀਤੀ ਜਾਂਚ
ਅਮਲੋਹ/ਫ਼ਤਹਿਗੜ੍ਹ ਸਾਹਿਬ, 16 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਉਪ ਮੰਡਲ ਮੈਜਿਸਟ੍ਰੇਟ ਅਮਲੋਹ ਹਰਵੀਰ ਕੌਰ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੱਛਰਾਏ ਕਲਾਂ ਅਤੇ ਬੁੱਗਾ ਕਲਾਂ ਦੀ ਮੰਡੀ ਦਾ ਦੌਰਾ ਕਰਕੇ ਲਿਫਟਿੰਗ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਐਸ ਡੀ ਐਮ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਇਸ ਦੌਰਾਨ ਝੋਨੇ ਵਿੱਚ ਨਮੀ ਦੀ ਮਾਤਰਾ ਦੀ ਅਚਨਚੇਤ ਜਾਂਚ ਵੀ ਕੀਤੀ ਗਈ, ਜੋ ਨਿਰਧਾਰਤ ਮਾਪਦੰਡਾਂ ਅਨੁਸਾਰ ਪਾਈ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

ਇਸ ਤੋਂ ਪਹਿਲਾਂ ਐਸਡੀਐਮ ਹਰਵੀਰ ਕੌਰ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੈਂਬਰਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਸਬੰਧੀ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਰਹਿਣ ਦੇ ਨਾਲ-ਨਾਲ ਲਿਫਟਿੰਗ ਦਾ ਕੰਮ ਵੀ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਸ੍ਰੀ ਪਰਮਵੀਰ ਸਿੰਘ ਮਾਂਗਟ, ਮੈਂਬਰ ਸ੍ਰੀ ਰਾਜ ਸਿੰਘ, ਸ੍ਰੀ ਪ੍ਰਮੋਦ ਕੁਮਾਰ, ਸ੍ਰੀ ਪਰਮਜੀਤ ਸਿੰਘ ਪੰਮੀ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।