Home ਪੰਜਾਬ ਐੱਸ.ਡੀ.ਐੱਮ. ਸਤੀਸ਼ ਚੰਦਰ ਵੱਲੋਂ ਘਾਬਦਾਂ, ਬਾਲੀਆਂ ਤੇ ਭਿੰਡਰਾਂ ਦੀਆਂ ਅਨਾਜ ਮੰਡੀਆਂ ਦਾ...

ਐੱਸ.ਡੀ.ਐੱਮ. ਸਤੀਸ਼ ਚੰਦਰ ਵੱਲੋਂ ਘਾਬਦਾਂ, ਬਾਲੀਆਂ ਤੇ ਭਿੰਡਰਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ; ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

#SDMSatishChandra #PaddyProcurement

0
ਸੰਗਰੂਰ, 23 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਐੱਸ.ਡੀ.ਐੱਮ. ਸੰਗਰੂਰ ਸ਼੍ਰੀ ਸਤੀਸ਼ ਚੰਦਰ ਨੇ ਘਾਬਦਾਂ, ਬਾਲੀਆਂ ਅਤੇ ਭਿੰਡਰਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀਆਂ ਵਿੱਚ ਫ਼ਸਲ ਦੀ ਆਮਦ ਅਤੇ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਗੱਲ ’ਤੇ ਜ਼ੋਰ ਦਿੱਤਾ। ਇਸ ਮੌਕੇ ਸ਼੍ਰੀ ਸਤੀਸ਼ ਚੰਦਰ ਨੇ ਕਿਹਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖਰੀਦ ਏਜੰਸੀਆਂ, ਮੰਡੀ ਬੋਰਡ ਅਤੇ ਹੋਰਨਾਂ ਸਬੰਧਤ ਵਿਭਾਗਾਂ ਵਿਚਾਲੇ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਖੱਜਲ-ਖੁਆਰੀ ਨਾ ਹੋਣ ਦਿੱਤੀ ਜਾਵੇ। ਐੱਸ.ਡੀ.ਐੱਮ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਨਮੀ ਮਾਪਦੰਡਾਂ ਅਨੁਸਾਰ ਫ਼ਸਲ ਲਿਆਉਣ ਨਾਲ ਖਰੀਦ ਪ੍ਰਕਿਰਿਆ ਛੇਤੀ ਮੁਕੰਮਲ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜਾ ਇੰਤਜ਼ਾਰ ਨਹੀਂ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਲਿਆਉਣ ਨਾਲ ਉਸ ਨੂੰ ਸੁਕਾਉਣ ਲਈ ਵਾਧੂ ਸਮਾਂ ਲੱਗਦਾ ਹੈ, ਜਿਸ ਕਾਰਨ ਖਰੀਦ ਵਿੱਚ ਦੇਰੀ ਹੋ ਸਕਦੀ ਹੈ। ਇਸ ਲਈ ਕਿਸਾਨ ਫ਼ਸਲ ਦੀ ਵਾਢੀ, ਸੰਭਾਲ ਅਤੇ ਮੰਡੀ ਵਿੱਚ ਲਿਆਉਣ ਸਮੇਂ ਨਮੀ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਖਰੀਦ ਅਮਲੇ ਨਾਲ ਸਹਿਯੋਗ ਕਰਨ। ਸ਼੍ਰੀ ਸਤੀਸ਼ ਚੰਦਰ ਨੇ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਰੋਸ਼ਨੀ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਹੋਰ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਜਗ੍ਹਾ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸੁਚੱਜੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਵਿਭਾਗ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।

Exit mobile version