ਨਵੀਂ ਦਿੱਲੀ, 12 ਅਗਸਤ 2026 (ਜਗਦੇਵ ਸਿੰਘ ਜੱਗੀ) : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਦਿੱਲੀ ਪੁਲਿਸ ਵੱਲੋਂ ਰਾਜਧਾਨੀ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਵਧਾਉਣ ਦੇ ਨਾਲ-ਨਾਲ ਵਾਹਨਾਂ ਦੀ ਚੈਕਿੰਗ, ਨਾਕਾਬੰਦੀ ਅਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਦੱਖਣੀ ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਤਹਿਤ 1,600 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿੱਚ ਮਹਿਲਾ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਇਲਾਕੇ ਵਿੱਚ ਕਰੀਬ 60 ਨਾਕੇ ਲਗਾਏ ਗਏ ਹਨ, ਜਿਨ੍ਹਾਂ ਵਿੱਚ ਸਰਹੱਦੀ, ਮੁੱਖ ਅਤੇ ਛੋਟੇ ਨਾਕੇ ਸ਼ਾਮਲ ਹਨ। ਦੱਖਣੀ ਦਿੱਲੀ ਦੇ ਡੀਸੀਪੀ ਅਨੰਤ ਮਿੱਤਲ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੁਰੱਖਿਆ ਨੂੰ ਲੈ ਕੇ ਪੁਲਿਸ ਦੇ ਸਾਰੇ ਪੱਧਰਾਂ ਦੇ ਅਧਿਕਾਰੀ ਮੈਦਾਨ ਵਿੱਚ ਹਨ। ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਾਊਦਰਨ ਰੇਂਜ ਦੇ ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਵਿਜੇ ਕੁਮਾਰ ਮੁਤਾਬਕ ਮੁੱਖ ਨਾਕਿਆਂ ’ਤੇ ਦਿੱਲੀ ਟ੍ਰੈਫਿਕ ਪੁਲਿਸ, ਪੀਸੀਆਰ ਅਤੇ ਸਥਾਨਕ ਪੁਲਿਸ ਵੱਲੋਂ ਸਾਂਝੀ ਚੈਕਿੰਗ ਕੀਤੀ ਜਾ ਰਹੀ ਹੈ। ਚਾਰ ਪਹੀਆ ਅਤੇ ਦੋ ਪਹੀਆ ਵਾਹਨਾਂ ਤੋਂ ਇਲਾਵਾ ਪਾਰਕਿੰਗ ਸਥਾਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਖਾਸ ਧਿਆਨ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਅਤੇ ਸ਼ਰਾਰਤੀ ਤੱਤਾਂ ’ਤੇ ਹੈ। ਸੀਨੀਅਰ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ।
ਪੂਰਬੀ ਦਿੱਲੀ ਵਿੱਚ ਵੀ ਪੁਲਿਸ ਵੱਲੋਂ ਵਿਆਪਕ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਡੀਸੀਪੀ ਰਾਜੀਵ ਕੁਮਾਰ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਸੜਕਾਂ ’ਤੇ ਤਾਇਨਾਤ ਹਨ ਅਤੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸੁਰੱਖਿਆ ਪ੍ਰਬੰਧਾਂ ਵਿੱਚ ਡਰੋਨ ਰਾਹੀਂ ਨਿਗਰਾਨੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਖਾਸ ਕਰਕੇ ਭੀੜ ਵਾਲੇ ਇਲਾਕਿਆਂ, ਸੰਵੇਦਨਸ਼ੀਲ ਸਥਾਨਾਂ ਅਤੇ ਵੱਧ ਆਵਾਜਾਈ ਵਾਲੇ ਖੇਤਰਾਂ ’ਤੇ ਹਵਾਈ ਨਿਗਰਾਨੀ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਨੇ ਸਰਹੱਦੀ ਇਲਾਕਿਆਂ ਅਤੇ ਰਾਜਧਾਨੀ ਦੇ ਮੁੱਖ ਦਾਖ਼ਲਾ ਤੇ ਨਿਕਾਸੀ ਮਾਰਗਾਂ ’ਤੇ ਵੀ ਨਿਗਰਾਨੀ ਵਧਾ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਜ਼ਾਦੀ ਦਿਹਾੜੇ ਤੱਕ ਰੋਕਥਾਮੀ ਸੁਰੱਖਿਆ, ਲਗਾਤਾਰ ਗਸ਼ਤ ਅਤੇ ਤੁਰੰਤ ਕਾਰਵਾਈ ’ਤੇ ਖਾਸ ਜ਼ੋਰ ਰਹੇਗਾ, ਤਾਂ ਜੋ 15 ਅਗਸਤ ਦੇ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਕਰਵਾਏ ਜਾ ਸਕਣ।





