ਫਤਿਹਾਬਾਦ, 13 ਨਵੰਬਰ, 2026 (ਸੰਜੀਵ ਸ਼ਰਮਾ): ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਔਰਤਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸਵੈ-ਸਹਾਇਤਾ ਸਮੂਹਾਂ ਨੇ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜ ਵਿੱਚ ਆਪਣੀ ਗੱਲ ਰੱਖਣ ਅਤੇ ਫੈਸਲੇ ਲੈਣ ਦਾ ਆਤਮ-ਵਿਸ਼ਵਾਸ ਵੀ ਪ੍ਰਦਾਨ ਕੀਤਾ ਹੈ ਫਤਿਹਾਬਾਦ ਵਿਖੇ ਹਰਿਆਣਾ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ ਤਹਿਤ ਚਲਾਏ ਜਾ ਰਹੇ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨਾਲ ਸਿੱਧਾ ਸੰਵਾਦ ਕਰਦਿਆਂ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਕਿਹਾ ਕਿ ਆਰਥਿਕ ਆਜ਼ਾਦੀ ਔਰਤਾਂ ਦੀ ਆਪਣੀ ਪਛਾਣ ਅਤੇ ਸਨਮਾਨ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਔਰਤਾਂ ਨੂੰ ਵੱਧ ਤੋਂ ਵੱਧ ਹੋਰ ਭੈਣਾਂ ਨੂੰ ਸਵੈ-ਸਹਾਇਤਾ ਸਮੂਹਾਂ ਨਾਲ ਜੋੜਨ ਅਤੇ ਹਰ ਹਾਲਤ ਵਿੱਚ ਧੀਆਂ ਦੀ ਸਿੱਖਿਆ ਨੂੰ ਪਹਿਲ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸਮੂਹਾਂ ਵੱਲੋਂ ਤਿਆਰ ਕੀਤੇ ਜਾ ਰਹੇ ਉਤਪਾਦਾਂ ਦੀ ਗੁਣਵੱਤਾ ਚੰਗੀ ਹੈ। ਹੁਣ ਲੋੜ ਹੈ ਕਿ ਇਨ੍ਹਾਂ ਉਤਪਾਦਾਂ ਦੀ ਪੈਕੇਜਿੰਗ, ਬ੍ਰਾਂਡਿੰਗ ਅਤੇ ਆਨਲਾਈਨ ਮਾਰਕੀਟਿੰਗ ਨੂੰ ਹੋਰ ਬਿਹਤਰ ਬਣਾਇਆ ਜਾਵੇ, ਤਾਂ ਜੋ ਸਥਾਨਕ ਉਤਪਾਦਾਂ ਨੂੰ ਵੱਡਾ ਬਾਜ਼ਾਰ ਮਿਲ ਸਕੇ। ਉਨ੍ਹਾਂ ਔਰਤਾਂ ਨੂੰ ਬਾਜ਼ਾਰ ਦੀ ਮੰਗ ਅਨੁਸਾਰ ਨਵੇਂ ਉਤਪਾਦ ਤਿਆਰ ਕਰਨ ਅਤੇ ਡਿਜੀਟਲ ਮਾਧਿਅਮਾਂ ਰਾਹੀਂ ਵਿਕਰੀ ਵਧਾਉਣ ਲਈ ਵੀ ਪ੍ਰੇਰਿਤ ਕੀਤਾ। ਸੂਬਾ ਪ੍ਰਧਾਨ ਡਾ. ਗੁਪਤਾ ਨੇ ਡਰੋਨ ਦੀਦੀ ਯੋਜਨਾ ਅਤੇ ਸਵੈ-ਸਹਾਇਤਾ ਸਮੂਹਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਔਰਤਾਂ ਖੇਤੀਬਾੜੀ, ਉੱਦਮਤਾ ਅਤੇ ਕਾਰੋਬਾਰ ਦੇ ਨਵੇਂ ਖੇਤਰਾਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੀਆਂ ਹਨ। ਉਨ੍ਹਾਂ ਸਮੂਹਾਂ ਦੀਆਂ ਨੁਮਾਇੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀਆਂ ਹੋਰ ਲੋੜਵੰਦ ਔਰਤਾਂ ਨੂੰ ਵੀ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਧੀਆਂ ਨੂੰ ਪੜ੍ਹਾਉਣਾ, ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਉਤਪਾਦਾਂ ਲਈ ਬਾਜ਼ਾਰ ਮੁਹੱਈਆ ਕਰਵਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਔਰਤਾਂ ਤੱਕ ਪਹੁੰਚਾਉਣ ਲਈ ਸੰਗਠਨ ਅਤੇ ਜਨ ਪ੍ਰਤੀਨਿਧੀ ਪੂਰਾ ਸਹਿਯੋਗ ਕਰਨਗੇ।






