ਪਟਿਆਲਾ, 30 ਸਤੰਬਰ, 2026 (ਗੁਰਮੀਤ ਸਿੰਘ ਤੁੰਗ): ਕਾਂਗਰਸ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਪਟਿਆਲਾ ਦਿਹਾਤੀ ਅਵਤਾਰ ਸਿੰਘ ਨੰਨੜੇ ਨੇ ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਸਵਾਲ ਚੁੱਕੇ ਹਨ। ਪਟਿਆਲਾ ਦਿਹਾਤੀ ਖੇਤਰ ਵਿੱਚ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਯਾਤਰਾਵਾਂ ਕੱਢਣ ਦੀ ਬਜਾਏ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ’ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਜ਼ਰੂਰੀ ਹੈ। ਅਵਤਾਰ ਸਿੰਘ ਨੰਨੜੇ ਨੇ ਕਿਹਾ ਕਿ ਪੰਜਾਬ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਸਰਹੱਦੀ ਇਲਾਕਿਆਂ ਵਿੱਚ 50km ਤੱਕ (BSF- POLICE) ਸੁਰੱਖਿਆ ਪ੍ਰਬੰਧ ਵੀ ਮੌਜੂਦ ਹਨ। ਉਨ੍ਹਾਂ ਮੁਤਾਬਕ, ਕੇਂਦਰ ਸਰਕਾਰ ਕੋਲ ਸਰਹੱਦ ਪਾਰੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ ਲਈ ਲੋੜੀਂਦੇ ਸਰੋਤ ਅਤੇ ਅਧਿਕਾਰ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਕਰਨ ਦੀ ਮੰਗ ਕੀਤੀ।

ਨੰਨੜੇ ਨੇ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ’ਤੇ ਸਿਆਸੀ ਉਦੇਸ਼ ਦਾ ਦੋਸ਼ ਲਗਾਉਂਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਇਸ ਨੂੰ ਸਿਆਸੀ ਗਤੀਵਿਧੀ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਗੰਭੀਰ ਹੈ ਅਤੇ ਇਸ ਦੇ ਹੱਲ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਪ੍ਰਭਾਵਸ਼ਾਲੀ ਰਣਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਨੰਨੜੇ ਨੇ ਦਾਅਵਾ ਕੀਤਾ ਕਿ ਕਾਂਗਰਸ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਸਮੇਤ ਹੋਰ ਜਨਹਿੱਤ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਕਾਰ ਜਾਵੇਗੀ ਅਤੇ ਸੂਬੇ ਦੇ ਵਿਕਾਸ ਅਤੇ ਨਸ਼ਾਮੁਕਤੀ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਰੱਖੇਗੀ।