ਅਦਾਲਤ ਨੇ ਲਾਂਘਾ ਬੰਦ ਰੱਖਣ ਨੂੰ ਕੇਂਦਰ ਸਰਕਾਰ ਦਾ ਨੀਤੀਗਤ ਫ਼ੈਸਲਾ ਦੱਸਿਆ, ਸਰਕਾਰ ਨੂੰ ਪਟੀਸ਼ਨਕਰਤਾ ਦੇ ਮੰਗ ਪੱਤਰ ’ਤੇ ਵਿਚਾਰ ਕਰਨ ਲਈ ਕਿਹਾ
ਨਵੀਂ ਦਿੱਲੀ, 25 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਧਾਮ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਲਾਂਘਾ ਬੰਦ ਰੱਖਣ ਦਾ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਅਤੇ ਨਾਗਰਿਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਨੀਤੀਗਤ ਫ਼ੈਸਲਾ ਹੈ। ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਰਕਾਰ ਨੇ ਇਹ ਕਦਮ ਚੁੱਕਿਆ ਸੀ। ਅਦਾਲਤ ਮੁਤਾਬਕ ਸੰਵਿਧਾਨ ਦੀ ਧਾਰਾ 226 ਅਧੀਨ ਅਜਿਹੇ ਨੀਤੀਗਤ ਫ਼ੈਸਲੇ ਵਿੱਚ ਦਖ਼ਲ ਦੇਣ ਦਾ ਕੋਈ ਉਚਿਤ ਆਧਾਰ ਨਹੀਂ ਬਣਦਾ। ਇਹ ਪਟੀਸ਼ਨ ‘ਪਾਰਦਰਸ਼ਿਤਾ ਪਬਲਿਕ ਵੈੱਲਫੇਅਰ ਫਾਊਂਡੇਸ਼ਨ’ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਦਾ ਸੰਚਾਲਨ ਮੁੜ ਸ਼ੁਰੂ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੰਸਥਾ ਵੱਲੋਂ ਇਸ ਸਬੰਧੀ ਸਰਕਾਰ ਨੂੰ ਪਹਿਲਾਂ ਹੀ ਮੰਗ ਪੱਤਰ ਭੇਜਿਆ ਜਾ ਚੁੱਕਾ ਹੈ, ਜਿਸ ’ਤੇ ਸਬੰਧਤ ਅਧਿਕਾਰੀ ਵਿਚਾਰ ਕਰਨਗੇ।
ਸਿੱਖ ਸ਼ਰਧਾਲੂਆਂ ਲਈ ਬੇਹੱਦ ਮਹੱਤਵਪੂਰਨ ਹੈ ਕਰਤਾਰਪੁਰ ਸਾਹਿਬ
ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਿੱਖ ਧਰਮ ਦੇ ਸਭ ਤੋਂ ਮਹੱਤਵਪੂਰਨ ਧਾਰਮਿਕ ਅਸਥਾਨਾਂ ਵਿੱਚੋਂ ਇੱਕ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ 18 ਸਾਲ ਇਸੇ ਪਵਿੱਤਰ ਧਰਤੀ ’ਤੇ ਬਤੀਤ ਕੀਤੇ ਸਨ। ਇਸ ਕਾਰਨ ਭਾਰਤ ਅਤੇ ਦੁਨੀਆ ਭਰ ਵਿੱਚ ਵੱਸਦੀ ਸਿੱਖ ਸੰਗਤ ਲਈ ਇਸ ਗੁਰਧਾਮ ਦੇ ਦਰਸ਼ਨਾਂ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ 24 ਅਕਤੂਬਰ 2019 ਨੂੰ ਕਰਤਾਰਪੁਰ ਲਾਂਘੇ ਸਬੰਧੀ ਸਮਝੌਤਾ ਹੋਇਆ ਸੀ। ਇਸ ਦੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ੇ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਗਈ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ 2019 ਨੂੰ ਇਸ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ। ਸਮਝੌਤੇ ਅਨੁਸਾਰ ਲੋੜੀਂਦੀ ਰਜਿਸਟ੍ਰੇਸ਼ਨ ਅਤੇ ਸੁਰੱਖਿਆ ਮਨਜ਼ੂਰੀ ਤੋਂ ਬਾਅਦ ਰੋਜ਼ਾਨਾ 5,000 ਭਾਰਤੀ ਸ਼ਰਧਾਲੂਆਂ ਨੂੰ ਇਸ ਰਸਤੇ ਰਾਹੀਂ ਦਰਸ਼ਨਾਂ ਦੀ ਇਜਾਜ਼ਤ ਸੀ।
7 ਮਈ 2025 ਤੋਂ ਬੰਦ ਹੈ ਲਾਂਘਾ
ਪਹਿਲਗਾਮ ਅੱਤਵਾਦੀ ਹਮਲੇ ਅਤੇ ਇਸ ਤੋਂ ਬਾਅਦ ਭਾਰਤ ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਸਿੰਦੂਰ’ ਦੇ ਮੱਦੇਨਜ਼ਰ 7 ਮਈ 2025 ਨੂੰ ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘੇ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਸੀ। ਉਦੋਂ ਤੋਂ ਹੀ ਸ਼ਰਧਾਲੂਆਂ ਨੂੰ ਇਸ ਰਸਤੇ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦਾ ਮੌਕਾ ਨਹੀਂ ਮਿਲ ਰਿਹਾ। ਹਾਈਕੋਰਟ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਹੁਣ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉਮੀਦ ਸਰਕਾਰ ਦੇ ਅਗਲੇ ਫ਼ੈਸਲੇ ’ਤੇ ਨਿਰਭਰ ਕਰੇਗੀ। ਸਿੱਖ ਸੰਗਤ ਲਈ ਇਹ ਮਸਲਾ ਸਿਰਫ਼ ਦੋ ਦੇਸ਼ਾਂ ਵਿਚਾਲੇ ਆਵਾਜਾਈ ਦਾ ਨਹੀਂ, ਸਗੋਂ ਆਪਣੇ ਪਹਿਲੇ ਗੁਰੂ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਧਾਰਮਿਕ ਸਾਂਝ ਦਾ ਵੀ ਹੈ।






