Home ਹਰਿਆਣਾ ਆਧੁਨਿਕ ਤਕਨੀਕ ਨਾਲ ਸ਼ਾਹਾਬਾਦ ਸ਼ੂਗਰ ਮਿੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ :...

ਆਧੁਨਿਕ ਤਕਨੀਕ ਨਾਲ ਸ਼ਾਹਾਬਾਦ ਸ਼ੂਗਰ ਮਿੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ : ਡਾ. ਅਰਵਿੰਦ ਕੁਮਾਰ ਸ਼ਰਮਾ

Shahabad Sugar Mill Begins Its 43rd Crushing Season; Haryana Government Promises Modernisation and Better Facilities for Sugarcane Farmers.

0

ਕੈਬਨਿਟ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਵੀਡੀਓ ਕਾਨਫਰੰਸ ਰਾਹੀਂ ਸਮਾਗਮ ਵਿੱਚ ਹੋਏ ਸ਼ਾਮਲ

ਸ਼ਾਹਾਬਾਦ, 24 ਨਵੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਸਹਿਕਾਰਤਾ ਵਿਭਾਗ ਦੇ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਕਿਹਾ ਕਿ ਸਹਿਕਾਰਤਾ ਰਾਹੀਂ ਕਿਸਾਨਾਂ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ। ਸ਼ਾਹਾਬਾਦ ਸ਼ੂਗਰ ਮਿੱਲ ਨੂੰ ਆਧੁਨਿਕ ਤਕਨੀਕ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਗੰਨੇ ਦੀ ਪਿੜਾਈ ਹੋ ਸਕੇ ਅਤੇ ਕਿਸਾਨਾਂ ਨੂੰ ਵਧੇਰੇ ਲਾਭ ਮਿਲ ਸਕੇ। ਕੈਬਨਿਟ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਵੀਡੀਓ ਕਾਨਫਰੰਸ ਰਾਹੀਂ ਦੀ ਸ਼ਾਹਾਬਾਦ ਕੋ-ਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ, ਸ਼ਾਹਾਬਾਦ ਦੇ 43ਵੇਂ ਪਿੜਾਈ ਸੀਜ਼ਨ 2026-27 ਦੇ ਰਸਮੀ ਸ਼ੁਭ ਆਰੰਭ ਸਮਾਗਮ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸ਼ੂਗਰ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਇੰਦਰਜੀਤ ਅਤੇ ਐੱਸ.ਡੀ.ਐੱਮ. ਸ਼ੰਭੂ ਰਾਠੀ ਨੇ ਹਵਨ-ਪੂਜਨ ਕਰਨ ਉਪਰੰਤ ਮਿੱਲ ਦੇ ਕੇਨ ਕੈਰੀਅਰ ਵਿੱਚ ਗੰਨਾ ਪਾ ਕੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਨੇ ਇਸ ਮੌਕੇ ਸਮੂਹ ਕਿਸਾਨਾਂ, ਕਰਮਚਾਰੀਆਂ ਅਤੇ ਮਿੱਲ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਕਿਹਾ ਕਿ ਸ਼ਾਹਾਬਾਦ ਸ਼ੂਗਰ ਮਿੱਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਗੰਨਾ ਕਿਸਾਨਾਂ ਨੂੰ ਸਮੇਂ ਸਿਰ ਗੰਨੇ ਦੀਆਂ ਪਰਚੀਆਂ ਜਾਰੀ ਕਰਨਾ, ਸੁਚਾਰੂ ਢੰਗ ਨਾਲ ਤੋਲ ਕਰਵਾਉਣਾ ਅਤੇ ਜਲਦੀ ਤੋਂ ਜਲਦੀ ਫ਼ਸਲ ਦੀ ਅਦਾਇਗੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਿੱਲ ਪ੍ਰਬੰਧਨ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿੜਾਈ ਸੀਜ਼ਨ ਦੀ ਸ਼ੁਰੂਆਤ ਮੌਕੇ ਕਿਸਾਨਾਂ, ਕਰਮਚਾਰੀਆਂ ਅਤੇ ਪ੍ਰਸ਼ਾਸਨ ਵੱਲੋਂ ਮਿਲ ਕੇ ਤਿਉਹਾਰ ਵਾਂਗ ਸਮਾਗਮ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਵਧੀਆ ਖੰਡ ਦੀ ਰਿਕਵਰੀ ਹੋਵੇ, ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਮਿਲੇ ਅਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਸਹਿਕਾਰਤਾ ਵਿਭਾਗ ਵੱਲੋਂ ਸ਼ੂਗਰ ਮਿੱਲਾਂ ਦੇ ਆਧੁਨਿਕੀਕਰਨ ਅਤੇ ਪਿੜਾਈ ਸਮਰੱਥਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮਿੱਲ ਪ੍ਰਬੰਧਨ ਨੂੰ ਪਿੜਾਈ ਸੀਜ਼ਨ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਹਰਿਆਣਾ ਦੇ ਦੌਰੇ ‘ਤੇ ਆਉਂਦੇ ਹਨ ਤਾਂ ਸਭ ਤੋਂ ਪਹਿਲਾਂ ਕਿਸਾਨਾਂ ਦਾ ਜ਼ਿਕਰ ਕਰਦੇ ਹਨ। ਹਰਿਆਣਾ ਦੀ ਪਛਾਣ ਕਿਸਾਨਾਂ ਅਤੇ ਖੇਤੀਬਾੜੀ ਨਾਲ ਜੁੜੀ ਹੋਈ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕਿਸਾਨਾਂ ਦੀ ਖੁਸ਼ਹਾਲੀ ਲਈ ਸਮੇਂ-ਸਮੇਂ ‘ਤੇ ਨਵੀਆਂ ਨੀਤੀਆਂ ਅਤੇ ਨਿਯਮ ਲਾਗੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੇਸ਼ ਵਿੱਚ ਸਭ ਤੋਂ ਪਹਿਲਾਂ ਕਿਸਾਨਾਂ ਦੀਆਂ ਸਾਰੀਆਂ 24 ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੇਣ ਦਾ ਕੰਮ ਕੀਤਾ ਹੈ। ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਖੁਸ਼ਹਾਲ ਬਣਾਉਣ ਲਈ ਯਤਨਸ਼ੀਲ ਹਨ। ਕਿਸਾਨਾਂ ਦੀ ਖੁਸ਼ਹਾਲੀ ਨਾਲ ਹੀ ਸੂਬੇ ਅਤੇ ਦੇਸ਼ ਦਾ ਵਿਕਾਸ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਆਪਣੀ ਕੋਈ ਸਮੱਸਿਆ ਜਾਂ ਗੱਲ ਸਰਕਾਰ ਤੱਕ ਪਹੁੰਚਾਉਣੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਰਵਾਜ਼ੇ ਵੀ ਕਿਸਾਨਾਂ ਲਈ 24 ਘੰਟੇ ਖੁੱਲ੍ਹੇ ਹਨ। ਕਿਸਾਨ ਆਪਣੀ ਸਮੱਸਿਆ ਉਨ੍ਹਾਂ ਦੇ ਸਾਹਮਣੇ ਰੱਖ ਸਕਦੇ ਹਨ, ਤਾਂ ਜੋ ਉਨ੍ਹਾਂ ਦੀ ਗੱਲ ਸੁਣ ਕੇ ਢੁੱਕਵਾਂ ਹੱਲ ਕੱਢਿਆ ਜਾ ਸਕੇ।

ਸ਼ੂਗਰ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਇੰਦਰਜੀਤ ਨੇ ਦੱਸਿਆ ਕਿ ਮੌਜੂਦਾ ਪਿੜਾਈ ਸੀਜ਼ਨ ਲਈ ਮਿੱਲ ਪ੍ਰਬੰਧਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਲਈ ਗੰਨੇ ਦੀਆਂ ਪਰਚੀਆਂ ਦੀ ਵੰਡ, ਤੋਲ, ਅਦਾਇਗੀ ਅਤੇ ਹੋਰ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਵੱਧ ਤੋਂ ਵੱਧ ਗੰਨੇ ਦੀ ਪਿੜਾਈ ਕਰਨਾ ਅਤੇ ਖੰਡ ਦੀ ਰਿਕਵਰੀ ਵਿੱਚ ਵਾਧਾ ਕਰਨਾ ਮਿੱਲ ਦਾ ਮੁੱਖ ਟੀਚਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਸ਼ਾਹਾਬਾਦ ਸ਼ੂਗਰ ਮਿੱਲ ਨੇ ਰਾਸ਼ਟਰੀ ਅਤੇ ਰਾਜ ਪੱਧਰ ‘ਤੇ ਕੁੱਲ 29 ਵਿੱਚੋਂ ਪੰਜ ਪੁਰਸਕਾਰ ਹਾਸਲ ਕੀਤੇ ਹਨ। ਇਸ ਮੌਕੇ ਕਿਸਾਨਾਂ ਨੇ ਪਿੜਾਈ ਸੀਜ਼ਨ ਦੇ ਸ਼ੁਭ ਆਰੰਭ ‘ਤੇ ਖੁਸ਼ੀ ਪ੍ਰਗਟ ਕਰਦਿਆਂ ਸਰਕਾਰ ਅਤੇ ਮਿੱਲ ਪ੍ਰਬੰਧਨ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਸ਼ੂਗਰ ਮਿੱਲ ਕੈਥਲ ਦੇ ਐੱਮ.ਡੀ. ਕ੍ਰਿਸ਼ਨ ਕੁਮਾਰ, ਕਰਤਾਰ ਕੌਰ, ਬਲਦੇਵ ਚਾਵਲਾ, ਸੁਰਿੰਦਰ ਜੈਨ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

Exit mobile version