ਫਤਿਹਾਬਾਦ, 24 ਨਵੰਬਰ, 2026 (ਸੰਜੀਵ ਸ਼ਰਮਾ) : ਸ਼ਾਂਤੀ ਨਿਕੇਤਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਢਿੰਗਸਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ, ਭਗਤੀ ਅਤੇ ਅਧਿਆਤਮਿਕਤਾ ਨਾਲ ਭਰਪੂਰ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਸਕੂਲ ਦੇ ਪ੍ਰਿੰਸੀਪਲ ਰਣਸਿੰਘ ਰੇਪਸਵਾਲ ਅਤੇ ਡਾਇਰੈਕਟਰ ਵਿਜੇ ਸਿੰਘ ਬਾਘੇਲਾ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਅਨਮੋਲ ਸਿੱਖਿਆਵਾਂ, ਅਧਿਆਤਮਿਕ ਵਿਚਾਰਧਾਰਾ ਅਤੇ ਸਮਾਜ ਸੁਧਾਰ ਲਈ ਕੀਤੇ ਕਾਰਜਾਂ ਤੋਂ ਜਾਣੂ ਕਰਵਾਉਣਾ ਸੀ, ਤਾਂ ਜੋ ਉਹ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਸਕਣ।
ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਿੱਤਰ ’ਤੇ ਫੁੱਲਾਂ ਦੇ ਹਾਰ ਚੜ੍ਹਾਉਣ ਅਤੇ ਜੋਤ ਜਗਾਉਣ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ। ਵਿਦਿਆਰਥੀਆਂ ਨੇ ਸੁਰੀਲੀਆਂ ਆਵਾਜ਼ਾਂ ਵਿੱਚ ਗੁਰਬਾਣੀ ਦੇ ਪਵਿੱਤਰ ਸ਼ਬਦ ਅਤੇ ਭਜਨ ਪੇਸ਼ ਕੀਤੇ। ਇਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਨਿਮਰਤਾ, ਸੇਵਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਫੈਲੇ ਜਾਤ-ਪਾਤ, ਊਚ-ਨੀਚ, ਅੰਧਵਿਸ਼ਵਾਸ ਅਤੇ ਭੇਦਭਾਵ ਵਿਰੁੱਧ ਆਵਾਜ਼ ਉਠਾਉਂਦਿਆਂ ਸਮੁੱਚੀ ਮਨੁੱਖਤਾ ਨੂੰ ਬਰਾਬਰ ਸਮਝਣ, ਆਪਸੀ ਪ੍ਰੇਮ ਬਣਾਈ ਰੱਖਣ ਅਤੇ ਸੱਚਾਈ ਤੇ ਇਮਾਨਦਾਰੀ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚਾਈ, ਮਿਹਨਤ, ਨਿਮਰਤਾ ਅਤੇ ਸੇਵਾ ਦੀ ਭਾਵਨਾ ਅਪਣਾਉਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ, ਸੱਭਿਆਚਾਰਕ ਅਤੇ ਨੈਤਿਕ ਸਿੱਖਿਆ ਨਾਲ ਜੁੜੇ ਸਮਾਗਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।






