ਸਿਓਲ, 10 ਅਕਤੂਬਰ, 2026 (ਹਰਸ਼ਪ੍ਰੀਤ ਕੌਰ): ਦੱਖਣੀ ਕੋਰੀਆ ਦੇ ਡੇਗੂ ਸ਼ਹਿਰ ਵਿੱਚ ਇੱਕ ਸ਼ਾਪਿੰਗ ਮਾਲ ਦੀ ਛੱਤ ਦਾ ਕੁਝ ਹਿੱਸਾ ਅਚਾਨਕ ਡਿੱਗਣ ਕਾਰਨ ਘੱਟੋ-ਘੱਟ 36 ਲੋਕ ਜ਼ਖ਼ਮੀ ਹੋ ਗਏ। ਮੁੱਢਲੀ ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਮੌਕੇ ’ਤੇ ਪਹੁੰਚੇ ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਡੇਗੂ ਫਾਇਰ ਵਿਭਾਗ ਮੁਤਾਬਕ, ਸਵੇਰੇ 10:16 ਵਜੇ ਛੱਤ ਡਿੱਗਣ ਸਬੰਧੀ ਸੂਚਨਾ ਮਿਲੀ ਸੀ। ਸੁਰੱਖਿਆ ਦੇ ਮੱਦੇਨਜ਼ਰ ਇਮਾਰਤ ਵਿੱਚੋਂ ਲਗਭਗ 70 ਹੋਰ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ ਨੌਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਕਿਸੇ ਗੰਭੀਰ ਜ਼ਖ਼ਮੀ ਹੋਣ ਦੀ ਪੁਸ਼ਟੀ ਨਹੀਂ ਹੋਈ, ਹਾਲਾਂਕਿ ਜ਼ਖ਼ਮੀਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਤੋਂ ਬਾਅਦ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜਾਏ ਮਿਊਂਗ ਦੇ ਦਫ਼ਤਰ ਵੱਲੋਂ ਵੀ ਪ੍ਰਤੀਕਿਰਿਆ ਦਿੱਤੀ ਗਈ ਹੈ। ਰਾਸ਼ਟਰਪਤੀ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀ ਜਾਨ ਬਚਾਉਣ ਅਤੇ ਹਾਦਸੇ ਨਾਲ ਨਜਿੱਠਣ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਸਥਿਤੀ ’ਤੇ ਨਜ਼ਰ ਰੱਖਣ ਵਿੱਚ ਜੁਟੇ ਹੋਏ ਹਨ।







