ਜੰਡਿਆਲਾ ਗੁਰੂ, 9 ਜੁਲਾਈ (ਅਮਨਦੀਪ ਸਰਾਂ) : ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਫਾਇਰਿੰਗ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਘਟਨਾ ਸ਼ੇਖੂਪੁਰਾ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿੱਥੇ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਨੇ ਇੱਕ ਘਰ ਦੇ ਬਾਹਰ ਪਹੁੰਚ ਕੇ ਗੋਲੀਆਂ ਚਲਾਈਆਂ।
ਮਿਲੀ ਜਾਣਕਾਰੀ ਅਨੁਸਾਰ ਤਿੰਨ ਮੋਟਰਸਾਈਕਲਾਂ ‘ਤੇ ਸਵਾਰ ਕਰੀਬ ਅੱਠ ਤੋਂ ਨੌਂ ਵਿਅਕਤੀ ਘਰ ਦੇ ਬਾਹਰ ਆਏ ਅਤੇ ਲਗਾਤਾਰ ਫਾਇਰਿੰਗ ਕਰਕੇ ਫਰਾਰ ਹੋ ਗਏ। ਗੋਲੀਬਾਰੀ ਦੀਆਂ ਆਵਾਜ਼ਾਂ ਸੁਣ ਕੇ ਇਲਾਕੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਮੌਕੇ ‘ਤੇ ਹੜਕੰਪ ਮਚ ਗਿਆ।
ਘਰ ਦੀ ਮੈਂਬਰ ਬਲਵਿੰਦਰ ਕੌਰ ਨੇ ਦੱਸਿਆ ਕਿ ਘਟਨਾ ਵੇਲੇ ਪਰਿਵਾਰ ਦੇ ਸਾਰੇ ਮੈਂਬਰ ਘਰ ਦੇ ਅੰਦਰ ਮੌਜੂਦ ਸਨ। ਸ਼ੁਰੂ ਵਿੱਚ ਉਨ੍ਹਾਂ ਨੂੰ ਲੱਗਿਆ ਕਿ ਕਿਸੇ ਵੱਲੋਂ ਪਟਾਕੇ ਚਲਾਏ ਜਾ ਰਹੇ ਹਨ, ਪਰ ਕੁਝ ਸਮੇਂ ਬਾਅਦ ਪਤਾ ਲੱਗਿਆ ਕਿ ਘਰ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ ਹਨ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ ਹਮਲਾਵਰਾਂ ਨੇ ਕਰੀਬ 10 ਤੋਂ 12 ਰਾਉਂਡ ਫਾਇਰ ਕੀਤੇ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਅਤੇ ਆਸ-ਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਸ ਸਮੇਂ ਕੋਈ ਵਿਅਕਤੀ ਜਾਂ ਬੱਚਾ ਘਰ ਦੇ ਬਾਹਰ ਹੁੰਦਾ ਤਾਂ ਗੰਭੀਰ ਹਾਦਸਾ ਵਾਪਰ ਸਕਦਾ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਫਾਇਰਿੰਗ ਦੇ ਕਾਰਨਾਂ ਦਾ ਵੀ ਖੁਲਾਸਾ ਕੀਤਾ ਜਾਵੇ।
