ਨਵੀਂ ਦਿੱਲੀ, 23 ਨਵੰਬਰ, 2026 (ਛਤਰਪਾਲ ਸਿੰਘ ): ਭਾਰਤ ਅਤੇ ਨੇਪਾਲ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਸਹਿਯੋਗ ਦੇ ਨਵੇਂ ਰਾਹ ਖੋਲ੍ਹਣ ਲਈ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਵਿਚਕਾਰ ਨਵੀਂ ਦਿੱਲੀ ਸਥਿਤ ਹੈਦਰਾਬਾਦ ਹਾਊਸ ਵਿਖੇ ਉੱਚ ਪੱਧਰੀ ਗੱਲਬਾਤ ਹੋਈ। ਦੋਵਾਂ ਆਗੂਆਂ ਨੇ ਵਪਾਰ, ਨਿਵੇਸ਼, ਆਵਾਜਾਈ, ਬੁਨਿਆਦੀ ਢਾਂਚੇ ਅਤੇ ਆਰਥਿਕ ਸਹਿਯੋਗ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸਿੱਖਿਆ, ਸਿਹਤ, ਖੇਤੀਬਾੜੀ, ਖੇਡਾਂ, ਆਫ਼ਤ ਪ੍ਰਬੰਧਨ ਅਤੇ ਮਨੁੱਖੀ ਸਰੋਤ ਵਿਕਾਸ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਕਈ ਸਮਝੌਤਾ ਪੱਤਰਾਂ (MoUs) ਦਾ ਆਦਾਨ-ਪ੍ਰਦਾਨ ਵੀ ਕੀਤਾ ਜਾਣਾ ਹੈ। ਇਸ ਦਾ ਮੁੱਖ ਉਦੇਸ਼ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਵਿਕਾਸ ਅਤੇ ਸਾਂਝੇਦਾਰੀ ਨੂੰ ਨਵੀਂ ਦਿਸ਼ਾ ਦੇਣਾ ਹੈ। ਗੱਲਬਾਤ ਵਿੱਚ ਸਰਹੱਦ ਪਾਰ ਸੰਪਰਕ ਸਹੂਲਤਾਂ ਅਤੇ ਊਰਜਾ ਸਹਿਯੋਗ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ। ਦੋਵਾਂ ਦੇਸ਼ਾਂ ਵੱਲੋਂ ਇਨ੍ਹਾਂ ਖੇਤਰਾਂ ਵਿੱਚ ਮੁਕੰਮਲ ਹੋ ਚੁੱਕੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੀ ਵੀ ਯੋਜਨਾ ਹੈ। ਇਨ੍ਹਾਂ ਪਹਿਲਕਦਮੀਆਂ ਨਾਲ ਦੋਵਾਂ ਦੇਸ਼ਾਂ ਵਿਚਾਲੇ ਆਵਾਜਾਈ, ਵਪਾਰ ਅਤੇ ਊਰਜਾ ਦੇ ਆਦਾਨ-ਪ੍ਰਦਾਨ ਨੂੰ ਹੋਰ ਸੁਖਾਲਾ ਬਣਾਉਣ ਦੀ ਉਮੀਦ ਹੈ।
ਇਸ ਦੌਰੇ ਦਾ ਇੱਕ ਹੋਰ ਮਹੱਤਵਪੂਰਨ ਪਹਿਲੂ ਭਾਰਤ-ਨੇਪਾਲ ਵਪਾਰ ਮੰਚ (Nepal-India Business Forum) ਹੋਵੇਗਾ। ਇਸ ਮੰਚ ਰਾਹੀਂ ਭਾਰਤੀ ਨਿਵੇਸ਼ਕਾਂ ਨੂੰ ਨੇਪਾਲ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਦੋਵਾਂ ਦੇਸ਼ਾਂ ਦੇ ਵਪਾਰਕ ਨੁਮਾਇੰਦਿਆਂ ਨੂੰ ਆਪਸੀ ਸਹਿਯੋਗ ਵਧਾਉਣ ਲਈ ਇੱਕ ਸਾਂਝਾ ਮੰਚ ਮਿਲੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਨਾਲ ਆਏ 34 ਮੈਂਬਰੀ ਸਰਕਾਰੀ ਵਫ਼ਦ ਦੇ ਸਨਮਾਨ ਵਿੱਚ ਵਿਸ਼ੇਸ਼ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਵੀ ਕੀਤੀ ਜਾਵੇਗੀ। ਨੇਪਾਲੀ ਵਫ਼ਦ ਵਿੱਚ ਵਿੱਤ ਮੰਤਰੀ ਸਵਰਨਿਮ ਵਾਗਲੇ, ਵਿਦੇਸ਼ ਮੰਤਰੀ ਸ਼ਿਸ਼ਿਰ ਖਨਾਲ, ਪ੍ਰਧਾਨ ਮੰਤਰੀ ਦੇ ਮੁੱਖ ਸਲਾਹਕਾਰ ਕੁਮਾਰ ਬਿਆੰਜਨਕਰ ਸਮੇਤ ਕਈ ਸੀਨੀਅਰ ਅਧਿਕਾਰੀ ਸ਼ਾਮਲ ਹਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਨੇ ਰਾਜਘਾਟ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਫੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਸਮਾਰਕ ਵਿਖੇ ਵਿਜ਼ਟਰ ਬੁੱਕ ਵਿੱਚ ਆਪਣੇ ਵਿਚਾਰ ਵੀ ਦਰਜ ਕੀਤੇ। ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਦਾ ਰਸਮੀ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ, ਜਿਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ। ਦੋ ਦਿਨਾਂ ਦੇ ਇਸ ਸਰਕਾਰੀ ਦੌਰੇ ਨੂੰ ਭਾਰਤ ਅਤੇ ਨੇਪਾਲ ਦੇ ਸਬੰਧਾਂ ਦੀ ਸਮੀਖਿਆ ਕਰਨ, ਪਹਿਲਾਂ ਤੋਂ ਚੱਲ ਰਹੇ ਸਾਂਝੇ ਪ੍ਰੋਜੈਕਟਾਂ ਦੀ ਪ੍ਰਗਤੀ ਜਾਣਨ ਅਤੇ ਭਵਿੱਖ ਵਿੱਚ ਵਪਾਰ, ਨਿਵੇਸ਼, ਊਰਜਾ ਤੇ ਵਿਕਾਸ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।
