ਸੰਗਰੂਰ, 08 ਅਕਤੂਬਰ, 2026 (ਹਰਸ਼ਪ੍ਰੀਤ ਕੌਰ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੀ ਐਸ.ਆਈ.ਆਰ.-2026 ਅਧੀਨ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਯੁਕਤ ਇਲੈਕਸ਼ਨ ਰੋਲ ਆਬਜ਼ਰਵਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐਸ., ਸਕੱਤਰ-ਕਮ-ਡਾਇਰੈਕਟਰ, ਖੁਰਾਕ, ਸਿਵਲ ਸਪਲਾਈ ਵੱਲੋਂ ਜ਼ਿਲ੍ਹਾ ਫੇਰੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ, ਇਸ ਮੌਕੇ ਉਨ੍ਹਾਂ ਨੇ ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100-ਦਿੜ੍ਹਬਾ ਅਤੇ 101-ਸੁਨਾਮ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ। ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਵਿਧਾਨ ਸਭਾ ਚੋਣ ਹਲਕਾ 101-ਸੁਨਾਮ-ਕਮ-ਉਪ ਮੰਡਲ ਮੈਜਿਸਟ੍ਰੇਟ, ਸੁਨਾਮ ਸ੍ਰ ਗਗਨਦੀਪ ਸਿੰਘ ਨੇ ਰੋਲ ਆਬਜ਼ਰਵਰ ਦਾ ਸਵਾਗਤ ਕਰਦਿਆਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਤਹਿਤ ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਰਹੀ ਹੈ। ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਨੋਟਿਸ ਪੜਾਅ, ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਮੰਤਵ ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸ਼ਾਮਲ ਨਾ ਹੋਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਵਿਧਾਨ ਸਭਾ ਚੋਣ ਹਲਕਾ 099-ਲਹਿਰਾ-ਕਮ-ਉਪ ਮੰਡਲ ਮੈਜਿਸਟ੍ਰੇਟ, ਲਹਿਰਾ ਸ਼੍ਰੀ ਰਾਕੇਸ਼ ਪ੍ਰਕਾਸ਼, ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਵਿਧਾਨ ਸਭਾ ਚੋਣ ਹਲਕਾ 100-ਦਿੜ੍ਹਬਾ-ਕਮ-ਉਪ ਮੰਡਲ ਮੈਜਿਸਟ੍ਰੇਟ, ਦਿੜ੍ਹਬਾ, ਸ਼੍ਰੀ ਤਰਸੇਮ ਚੰਦ, ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਵਿਧਾਨ ਸਭਾ ਚੋਣ ਹਲਕਾ 101-ਸੁਨਾਮ-ਕਮ-ਉਪ ਮੰਡਲ ਮੈਜਿਸਟ੍ਰੇਟ, ਸੁਨਾਮ, ਸ੍ਰ ਗਗਨਦੀਪ ਸਿੰਘ ਤੋਂ ਇਲਾਵਾ ਚੋਣ ਤਹਿਸੀਲਦਾਰ ਪਰਮਜੀਤ ਕੌਰ ਸਮੇਤ ਚੋਣ ਸਟਾਫ ਹਾਜ਼ਰ ਸਨ।







