ਸੰਗਰੂਰ, 25 ਅਗਸਤ, 2026 (ਹਰਸ਼ਪ੍ਰੀਤ ਕੌਰ) : ਸਪੈਸ਼ਲ ਇੰਟੈਸਿਵ ਰਿਵੀਜ਼ਨ (ਐੱਸ.ਆਈ. ਆਰ.)-2026 ਦੇ ਦੂਜੇ ਪੜਾਅ ਦੌਰਾਨ ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਮੁਤਾਬਕ ਸ਼੍ਰੀ ਅੰਕੁਰ ਮਹਿੰਦਰੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਸਾਲ 2003 ਦੀ ਵੋਟਰ ਸੂਚੀ ਨਾਲ ਮੈਪ ਨਾ ਹੋਣ ਵਾਲੇ (ਜਿਨ੍ਹਾਂ ਦੇ ਫਾਰਮ ਪ੍ਰਾਪਤ ਹੋਏ ਹਨ ਪਰ ਮੈਪਿੰਗ ਨਹੀਂ ਹੋਈ) ਵੋਟਰਾਂ ਨੂੰ ਨੋਟਿਸ ਜਾਰੀ ਕਰਨ ਅਤੇ ਸੁਣਵਾਈ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਸ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਸੁਣਵਾਈ ਪ੍ਰਕਿਰਿਆ ਕੀਤੀ ਜਾ ਰਹੀ ਹੈ।

ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਨੋਟਿਸ ਜਾਰੀ ਕਰਨ ਦੇ ਨਾਲ-ਨਾਲ ਵੋਟਰਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਦੀ ਵੋਟ ਨਾ ਕੱਟੀ ਜਾਵੇ ਅਤੇ ਵੋਟਰਾਂ ਨੂੰ ਦਸਤਾਵੇਜ ਜਮ੍ਹਾਂ ਕਰਵਾਉਣ ਦਾ ਪੂਰਾ ਮੌਕਾ ਮਿਲੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਬੰਧਤ ਵੋਟਰਾਂ ਨੂੰ ਆਪਣੇ ਪ੍ਰਾਪਤ ਹੋਏ ਨੋਟਿਸ ਅਨੁਸਾਰ ਨਿਰਧਾਰਿਤ ਮਿਤੀ, ਸਮੇਂ ਅਤੇ ਸਥਾਨ ‘ਤੇ ਆਪਣੇ ਲੋੜੀਂਦੇ ਦਸਤਾਵੇਜ਼ ਲੈ ਕੇ ਸੁਣਵਾਈ ਲਈ ਪਹੁੰਚਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ ਜ਼ਿਲ੍ਹਾ ਸੰਗਰੂਰ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ/ਯੋਗ ਵੋਟਰ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਿਆ ਹੈ ਤਾਂ ਉਹ 12 ਸਤੰਬਰ 2026 ਤਕ ਫਾਰਮ ਨੰਬਰ 6 ਭਰ ਕੇ ਆਨਲਾਈਨ ਜਾਂ ਦਸਤੀ ਰੂਪ ਵਿੱਚ ਆਪਣਾ ਦਾਅਵਾ ਦਰਜ ਕਰ ਸਕਦੇ ਹਨ ਤਾਂ ਜੋ ਅੰਤਿਮ ਵੋਟਰ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਹੋ ਸਕੇ। ਕਮਿਸ਼ਨ ਦੇ ਜਾਰੀ ਕੀਤੇ ਸਡਿਊਲ ਅਨੁਸਾਰ ਮਿਤੀ 12.09.2026 ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਚੋਣ ਸਟਾਫ ਹਾਜ਼ਰ ਸੀ।