ਪਟਿਆਲਾ, 20 ਜੁਲਾਈ(ਛਤਰਪਾਲ ਸਿੰਘ):ਭਾਦਸੋਂ ਥਾਣਾ ਅਧੀਨ ਪੈਂਦੇ ਪਿੰਡ ਦੰਦਰਾਲਾ ਖਰੌੜ ਵਿੱਚ ‘ਸਤਲੁਜ’ ਫ਼ਿਲਮ ਦੇ ਪ੍ਰਦਰਸ਼ਨ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਹੁਣ ਹੋਰ ਗੰਭੀਰ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸਮਾਜ ਸੇਵੀਆਂ, ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪਿੰਡ ਵਾਸੀਆਂ ਦੇ ਇੱਕ ਧੜੇ ਨੇ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਨੇੜੇ ਧਰਨਾ ਦੇ ਕੇ ਆਪਣੀਆਂ ਮੰਗਾਂ ਰੱਖੀਆਂ।
ਧਰਨਾਕਾਰੀਆਂ ਨੇ 11 ਜੁਲਾਈ ਨੂੰ ਟਿੰਕੂ ਬੱਟਾ, ਗੁਰਦੀਪ ਸਿੰਘ ਅਤੇ ਜਸਵਿੰਦਰ ਸਿੰਘ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਝੂਠਾ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੂਜੀ ਧਿਰ ਵੱਲੋਂ ਦਰਜ ਕੁੱਟਮਾਰ ਦੇ ਮਾਮਲੇ ਵਿੱਚ ਨਾਮਜ਼ਦ ਸਰਪੰਚ ਬੇਅੰਤ ਸਿੰਘ ਅਤੇ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕੀਤੀ।
ਜਾਣਕਾਰੀ ਮੁਤਾਬਕ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਪਿੰਡ ਵਿੱਚ ‘ਸਤਲੁਜ’ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਪੰਚਾਇਤ ਵੱਲੋਂ ਐਲਾਨ ਕਰਵਾਇਆ ਗਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਕਿਸੇ ਵੀ ਪ੍ਰੋਗਰਾਮ ਤੋਂ ਪਹਿਲਾਂ ਪੰਚਾਇਤ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਫ਼ਿਲਮ ਦਿਖਾਉਣ ਵਾਲੀ ਧਿਰ ਨੇ ਇਸ ਐਲਾਨ ਵਿੱਚ ਵਰਤੀ ਗਈ ਭਾਸ਼ਾ ‘ਤੇ ਇਤਰਾਜ਼ ਜਤਾਇਆ, ਜਿਸ ਤੋਂ ਬਾਅਦ ਮਾਮਲਾ ਸੋਸ਼ਲ ਮੀਡੀਆ ਅਤੇ ਪਿੰਡ ਵਿੱਚ ਵਿਵਾਦ ਦਾ ਕਾਰਨ ਬਣ ਗਿਆ।
ਮਾਮਲੇ ਨੂੰ ਸੁਲਝਾਉਣ ਲਈ ਬੁਲਾਈ ਗਈ ਪੰਚਾਇਤੀ ਮੀਟਿੰਗ ਦੌਰਾਨ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਪਾਸਿਆਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵੱਖ-ਵੱਖ ਕੇਸ ਦਰਜ ਕਰ ਲਏ ਹਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।








