ਕੈਲੀਫੋਰਨੀਆ (ਅਮਰੀਕਾ), 6 ਸਤੰਬਰ 2026 (ਰਾਜੇਸ਼ ਕੁਮਾਰ): ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਫ੍ਰੇਜ਼ਨੋ ਇਲਾਕੇ ਵਿੱਚ ਸ਼ਨੀਵਾਰ ਦੁਪਹਿਰ ਇੱਕ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ABC30 News ਵੱਲੋਂ ਫ੍ਰੇਜ਼ਨੋ ਫਾਇਰ ਡਿਪਾਰਟਮੈਂਟ ਦੇ ਹਵਾਲੇ ਨਾਲ ਦਿੱਤੀ ਜਾਣਕਾਰੀ ਮੁਤਾਬਕ, ਇਹ ਜਹਾਜ਼ ਬਲਾਈਥ ਐਵੇਨਿਊ ’ਤੇ ਸਥਿਤ ਸਿਏਰਾ ਸਕਾਈ ਪਾਰਕ ਏਅਰਪੋਰਟ ਦੇ ਨੇੜੇ ਹਾਦਸਾਗ੍ਰਸਤ ਹੋਇਆ। ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਫ੍ਰੇਜ਼ਨੋ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਹਾਦਸੇ ਵਿੱਚ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਕਈ ਐਮਰਜੈਂਸੀ ਏਜੰਸੀਆਂ ਮੌਕੇ ’ਤੇ ਪਹੁੰਚੀਆਂ। ਇਨ੍ਹਾਂ ਵਿੱਚ ਫ੍ਰੇਜ਼ਨੋ ਪੁਲਿਸ ਵਿਭਾਗ, ਫ੍ਰੇਜ਼ਨੋ ਫਾਇਰ ਡਿਪਾਰਟਮੈਂਟ, PG&E, ਫ੍ਰੇਜ਼ਨੋ ਕਾਊਂਟੀ ਸ਼ੈਰਿਫ਼ ਦਫ਼ਤਰ ਅਤੇ ਨੌਰਥ ਸੈਂਟਰਲ ਫਾਇਰ ਡਿਪਾਰਟਮੈਂਟ ਦੀਆਂ ਟੀਮਾਂ ਸ਼ਾਮਲ ਸਨ। ਜਹਾਜ਼ ਹਾਦਸੇ ਤੋਂ ਬਾਅਦ ਨੇੜਲੇ ਇਲਾਕੇ ਵਿੱਚ ਬਿਜਲੀ ਸਪਲਾਈ ਵੀ ਕੁਝ ਸਮੇਂ ਲਈ ਪ੍ਰਭਾਵਿਤ ਹੋਈ। PG&E ਦੇ ਆਊਟੇਜ ਮੈਪ ਮੁਤਾਬਕ ਬਿਜਲੀ ਬੰਦ ਹੋਣ ਤੋਂ ਬਾਅਦ ਬਾਅਦ ਵਿੱਚ ਸਪਲਾਈ ਬਹਾਲ ਕਰ ਦਿੱਤੀ ਗਈ। ਅਧਿਕਾਰੀਆਂ ਵੱਲੋਂ ਹਾਦਸੇ ਵਾਲੀ ਥਾਂ ’ਤੇ ਜਾਂਚ ਜਾਰੀ ਹੈ। ਜਹਾਜ਼ ਹਾਦਸੇ ਦਾ ਅਸਲ ਕਾਰਨ ਫਿਲਹਾਲ ਪਤਾ ਨਹੀਂ ਲੱਗ ਸਕਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
