ਸੰਗਰੂਰ, 5 ਸਤੰਬਰ, 2026 (ਹਰਸ਼ਪ੍ਰੀਤ ਕੌਰ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਐਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ ਹੈ। ਇਸੇ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 6 ਸਤੰਬਰ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਆਈ.ਏ.ਐੱਸ., ਸਕੱਤਰ-ਕਮ-ਡਾਇਰੈਕਟਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਨੂੰ ਜ਼ਿਲ੍ਹਾ ਸੰਗਰੂਰ ਲਈ ਇਲੈਕਟੋਰਲ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਟੋਰਲ ਰੋਲ ਆਬਜ਼ਰਵਰ ਵੱਲੋਂ ਜ਼ਿਲ੍ਹੇ ਦਾ ਤਿੰਨ ਵਾਰ ਦੌਰਾ ਕੀਤਾ ਜਾਵੇਗਾ। ਪਹਿਲਾ ਦੌਰਾ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੇ ਸਮੇਂ, ਦੂਜਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੌਰਾਨ ਅਤੇ ਤੀਜਾ ਬੀ.ਐੱਲ.ਓਜ਼ ਦੀਆਂ ਵਰਕਿੰਗ ਕਾਪੀਆਂ ਦੀ ਪੜਤਾਲ, ਸਪਲੀਮੈਂਟ ਦੀ ਛਪਾਈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੇ ਪੜਾਅ ਦੌਰਾਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਸਤੰਬਰ ਨੂੰ ਇਲੈਕਟੋਰਲ ਰੋਲ ਆਬਜ਼ਰਵਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸੰਸਦ ਮੈਂਬਰਾਂ/ਵਿਧਾਇਕਾਂ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਵੀ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਆਮ ਲੋਕਾਂ ਅਤੇ ਵੋਟਰਾਂ ਦੀਆਂ ਵੋਟਰ ਸੂਚੀ ਨਾਲ ਸਬੰਧਤ ਸ਼ਿਕਾਇਤਾਂ, ਦਾਅਵੇ, ਇਤਰਾਜ਼ ਜਾਂ ਹੋਰ ਸਮੱਸਿਆਵਾਂ ਸੁਣਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਦੀ ਗਰਾਊਂਡ ਫਲੋਰ ਸਥਿਤ ਮੀਟਿੰਗ ਹਾਲ ਵਿਖੇ ਦੁਪਹਿਰ 12:30 ਵਜੇ ਤੋਂ 1 ਵਜੇ ਤੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਜਾਵੇਗੀ। ਇਲੈਕਟੋਰਲ ਰੋਲ ਆਬਜ਼ਰਵਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਯੋਗ ਹੱਲ ਲਈ ਮੌਕੇ ’ਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਜਾਂ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਯੋਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨਾਲ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ ਅਤੇ ਪਾਰਦਰਸ਼ੀ ਬਣਾਉਣ ਵਿੱਚ ਮਦਦ ਮਿਲੇਗੀ।
