ਬਜ਼ੁਰਗਾਂ ਤੱਕ ਸਰਕਾਰੀ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਉਣ ਲਈ ਮੈਡੀਕਲ ਕੈਂਪ ਲਗਾਏ ਜਾਣਗੇ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ
ਫ਼ਤਹਿਗੜ੍ਹ ਸਾਹਿਬ, 23 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਜ਼ਿਲ੍ਹੇ ਵਿੱਚ “ਸਾਡੇ ਬਜ਼ੁਰਗ, ਸਾਡਾ ਮਾਣ”ਮੁਹਿੰਮ ਤਹਿਤ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸੀਨੀਅਰ ਸਿਟੀਜਨ ਅਤੇ ਬਜ਼ੁਰਗਾਂ ਦੀ ਭਲਾਈ ਲਈ ਬਣਾਈ ਗਈ ਜਿਲ੍ਹਾ ਪੱਧਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਮਾਜਿਕ ਸੁਰੱਖਿਆ ਅਫਸਰ ਨੇ ਜੋਬਨਦੀਪ ਕੌਰ ਨੇ ਦੱਸਿਆ ਕਿ “ਸਾਡੇ ਬਜ਼ੁਰਗ ਸਾਡਾ ਮਾਣ “ ਮੁਹਿੰਮ ਤਹਿਤ ਜਿਲ੍ਹੇ ਅੰਦਰ ਮੈਡੀਕਲ ਕੈਂਪ ਲਗਾਏ ਜਾਣੇ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆ ਨੂੰ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਬਜ਼ੁਰਗਾਂ ਤੱਕ ਸਰਕਾਰ ਦੀਆਂ ਯੋਜਨਾਵਾਂ ਦੀ ਸਿੱਧੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦਾ ਸਨਮਾਨ, ਸੁਰੱਖਿਆ ਅਤੇ ਦੇਖਭਾਲ ਕਰਨਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ ਕਰਮਨਜੋਤ ਸਿੰਘ, ਸ਼੍ਰੀ ਹਿਤੇਸ਼ ਕੌਸ਼ਿਕ , ਡੀ.ਐਸ.ਪੀ ਹੈੱਡਕੁਆਟਰ, ਸ਼੍ਰੀਮਤੀ ਕਮਲਜੀਤ ਕੌਰ, ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜਿਲ੍ਹੇ ਦੀਆਂ ਵੱਖ-ਵੱਖ ਸੀਨੀਅਰ ਸਿਟੀਜਨ ਐਸੋਸ਼ੀਏਸ਼ਨਾਂ ਦੇ ਮੈਂਬਰ ਹਾਜਰ ਸਨ।







