ਤਜਰਬੇਕਾਰ ਕੋਚਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਦੀ ਮੁੱਢਲੀ ਸਿਖਲਾਈ ਅਤੇ ਫਿਟਨੈੱਸ ਟ੍ਰੇਨਿੰਗ ਬਾਰੇ ਦਿੱਤੀ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 22ਅਕਤੂਬਰ, 2026 (ਗੁਰਮੀਤ ਸਿੰਘ ਤੁੰਗ): ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਖੇਡ ਵਿਭਾਗ ਵੱਲੋਂ ਜ਼ਿਲ੍ਹੇ ਦੇ ਨਸ਼ਿਆਂ ਦੇ ਹੌਟਸਪੌਟ ਪਿੰਡ ਘੁਟਿੰਗ, ਨਰਾਇਣਗੜ੍ਹ, ਲਾਡਪੁਰ, ਲੁਹਾਰ ਮਾਜਰਾ, ਦਾਦੂਮਾਜਰਾ ਅਤੇ ਕੋਟਲਾ ਬਜਵਾੜਾ ਵਿਖੇ ਵਿਸ਼ੇਸ਼ ਖੇਡ ਸਿਖਲਾਈ ਕੈਂਪ ਲਗਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਹਰੇਕ ਪਿੰਡ ਤੋਂ ਲਗਭਗ 30 ਤੋਂ 40 ਨੌਜਵਾਨ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕੈਂਪਾਂ ਦੌਰਾਨ ਖੇਡ ਵਿਭਾਗ ਦੇ ਤਜਰਬੇਕਾਰ ਕੋਚਾਂ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਮੁੱਢਲੀ ਸਿਖਲਾਈ, ਫਿਟਨੈੱਸ ਟ੍ਰੇਨਿੰਗ ਅਤੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਨੌਜਵਾਨਾਂ ਨੂੰ ਖੇਡ ਵਿਭਾਗ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਜਿਵੇਂ ਕਿ ਖੇਡ ਵਿੰਗ, ਖੇਡ ਨਰਸਰੀਆਂ ਅਤੇ ਸਪੋਰਟਸ ਸਕਾਲਰਸ਼ਿਪ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ, ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਸਕਣ।
ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ, ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਅਤੇ ਖੇਡ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਪਿੰਡ, ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
