ਪਟਿਆਲਾ 12 ਅਗਸਤ, 2026 (ਦੀਪਕ ਦੱਤਾ) : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵੱਲੋਂ ਅੱਜ ਨਗਰ ਨਿਗਮ ਪਟਿਆਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਚੇਅਰਮੈਨ ਗਰੇਵਾਲ ਦੇ ਨਿਗਮ ਦਫ਼ਤਰ ਪਹੁੰਚਣ ‘ਤੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ, ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਹੋਰ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਫ਼ਾਈ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ, ਜਿਸ ਨਾਲ ਮੁਲਾਜ਼ਮਾਂ ਵਿੱਚ ਖ਼ੁਸ਼ੀ ਦੀ ਲਹਿਰ ਅਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਿਗਮ ਸਫਾਈ ਯੂਨੀਅਨ ਦੇ ਪ੍ਰਧਾਨ ਬੱਬੂ, ਮੰਗਤ ਰਾਮ ਅਤੇ ਹੋਰ ਮੈਂਬਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਦੌਰੇ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਨਗਰ ਨਿਗਮ ਦੇ ਮੇਅਰ, ਕਮਿਸ਼ਨਰ ਅਤੇ ਐਡੀਸ਼ਨਲ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ, ਸੁਰੱਖਿਆ ਉਪਕਰਨਾਂ, ਭਲਾਈ ਸਕੀਮਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਚੰਦਨ ਗਰੇਵਾਲ ਨੇ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਬੁਨਿਆਦੀ ਸਹੂਲਤਾਂ, ਸਮੇਂ ਸਿਰ ਮਿਲਣ ਵਾਲੀ ਤਨਖ਼ਾਹ, ਸੁਰੱਖਿਆ ਕਿੱਟਾਂ ਅਤੇ ਸਿਹਤ ਬੀਮਾ ਯੋਜਨਾਵਾਂ ਆਦਿ ਦਾ ਜਾਇਜ਼ਾ ਲਿਆ। ਇਸ ਮੌਕੇ ਨਿਗਮ ਵਿਖੇ ਇਕੱਤਰ ਹੋਏ ਸਫ਼ਾਈ ਕਰਮਚਾਰੀਆਂ ਅਤੇ ਯੂਨੀਅਨ ਆਗੂਆਂ ਨੇ ਆਪਣੀਆਂ ਭਲਾਈ ਮੰਗਾਂ ਸਬੰਧੀ ਚੇਅਰਮੈਨ ਨੂੰ ਜਾਣੂ ਕਰਵਾਇਆ। ਚੇਅਰਮੈਨ ਗਰੇਵਾਲ ਨੇ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਕੋਲ ਉਠਾ ਕੇ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇਗਾ।
ਇਸ ਮੌਕੇ ਮੇਅਰ ਕੁੰਦਨ ਗੋਗੀਆ ਨੇ ਚੇਅਰਮੈਨ ਚੰਦਨ ਗਰੇਵਾਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਗਰ ਨਿਗਮ ਪਟਿਆਲਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫ਼ਾਈ ਮੁਲਾਜ਼ਮਾਂ ਦਾ ਯੋਗਦਾਨ ਸਭ ਤੋਂ ਅਹਿਮ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ‘ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਕਰਮਚਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਅਤੇ ਬਣਦੇ ਹੱਕ ਸਮੇਂ ਸਿਰ ਮੁਹੱਈਆ ਕਰਵਾਏ ਜਾਣਗੇ।






