Home ਪੰਜਾਬ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ 573 ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼...

24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ 573 ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ-ਡਾ. ਸੋਨਾ ਥਿੰਦ

0

ਫਤਹਿਗੜ੍ਹ ਸਾਹਿਬ, 22 ਅਕਤੂਬਰ, 2026 (ਜਗਜੀਤ ਸਿੰਘ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਤਹਿਤ 12 ਅਕਤੂਬਰ 2026 ਨੂੰ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਵਿਅਕਤੀ ਜਿਨ੍ਹਾਂ ਦੀਆਂ ਵੋਟਾਂ ਰਜਿਸਟਰ ਹੋਣ ਤੋਂ ਰਹਿ ਗਈਆਂ ਹਨ, ਉਨ੍ਹਾਂ ਦੀ ਵੋਟ ਰਜਿਸਟ੍ਰੇਸ਼ਨ ਲਈ ਮਿਤੀ 24 ਅਕਤੂਬਰ 2026 ਨੂੰ ਬਾਅਦ ਦੁਪਹਿਰ 03 ਵਜੇ ਤੋਂ 05 ਵਜੇ ਤੱਕ ਜ਼ਿਲ੍ਹੇ ਦੇ ਸਾਰੇ 573 ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਲਗਾਏ ਜਾਣਗੇ ਅਤੇ ਯੋਗਤਾ ਮਿਤੀ 01.01.2027 ਦੇ ਆਧਾਰ ਤੇ ਯੋਗ ਵਿਅਕਤੀਆਂ ਦੀਆਂ ਵੋਟਾਂ ਬਣਾਉਣੀਆਂ ਯਕੀਨੀ ਬਣਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ  ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਨੰਬਰ 6, 6-ਏ, 7 ਅਤੇ 8 ਆਨਲਾਈਨ www.voters.eci.gov.in ਅਤੇ Voter Helpline App ਰਾਹੀਂ ਜਾਂ ਆਫ਼ਲਾਈਨ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.) ਅਤੇ ਬੀ.ਐਲ.ਓ. ਕੋਲ ਜਮ੍ਹਾ ਕਰਵਾ ਸਕਦੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ.ਐਲ.ਓ. ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ। ਇਸੇ ਤਰ੍ਹਾਂ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਕਿਸਮ ਦੀ ਦਰੁੱਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਅੰਤਿਮ ਪ੍ਰਕਾਸ਼ਨਾਂ ਉਪਰੰਤ ਜਾਰੀ ਹੋਈਆਂ ਵੋਟਰ ਸੂਚੀਆਂ ਬੀ.ਐਲ.ਓ.ਕੋਲ ਮੋਜੂਦ ਹੋਣਗੀਆਂ,ਤੇ ਵੋਟਰ ਆਪਣੀ ਵੋਟ ਵੀ ਚੈਕ ਕਰ ਸਕਣਗੇ।

Exit mobile version