Home ਪਟਿਆਲਾ ਅਪਡੇਟ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਮਿਲ ਰਿਹਾ ਨਵਾਂ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਮਿਲ ਰਿਹਾ ਨਵਾਂ ਹੁਲਾਰਾ: ਡਾ. ਬਲਬੀਰ ਸਿੰਘ

Dr. Balbir Singh highlights the renewed momentum in Punjab's sports sector under Chief Minister Bhagwant Mann's leadership, focusing on sports development and opportunities for young athletes.

0
ਪਟਿਆਲਾ, 30 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਹ ਅ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸਹਿਯੋਗ, ਸਿਹਤਮੰਦ ਮੁਕਾਬਲੇ ਦੀ ਭਾਵਨਾ ਅਤੇ ਟੀਮ ਵਰਕ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ। ਡਾ. ਬਲਬੀਰ ਸਿੰਘ ਅੱਜ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਖੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਕਰਵਾਏ ਗਏ ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਬਾਸਕਟਬਾਲ (ਪੁਰਸ਼) ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਅਤੇ ਖੇਡ-ਕਲਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਇਹ ਮੁਕਾਬਲੇ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਆਪਸੀ ਮੇਲ-ਮਿਲਾਪ ਅਤੇ ਖੇਡ ਭਾਵਨਾ ਨਾਲ ਜੋੜਨ ਦੇ ਨਾਲ-ਨਾਲ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਨੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੀ ਸਮੁੱਚੀ ਟੀਮ ਨੂੰ ਇਸ ਵੱਡੇ ਖੇਡ ਸਮਾਗਮ ਦੇ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਦੂਰਅੰਦੇਸ਼ੀ ਦ੍ਰਿਸ਼ਟੀਕੋਣ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਸਦਕਾ ਖੇਡਾਂ ਦੇ ਖੇਤਰ ਵਿੱਚ ਇੱਕ ਨਾਮਵਰ ਸੰਸਥਾ ਵਜੋਂ ਉੱਭਰ ਰਹੀ ਹੈ। ਇਸ ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੀਆਂ 83 ਟੀਮਾਂ ਨੇ ਭਾਗ ਲੈਣ ਲਈ ਰਿਪੋਰਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਟੀਮਾਂ ਦੀ ਸ਼ਮੂਲੀਅਤ ਬਾਸਕਟਬਾਲ ਪ੍ਰਤੀ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਅਤੇ ਯੂਨੀਵਰਸਿਟੀ ਪੱਧਰ ‘ਤੇ ਖੇਡਾਂ ਲਈ ਸਾਰਥਕ ਮਾਹੌਲ ਸਿਰਜਣ ਦੇ ਯਤਨਾਂ ਦਾ ਪ੍ਰਮਾਣ ਹੈ।

ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਨਿਯਮਾਂ ਅਨੁਸਾਰ ਸਾਰੀਆਂ ਭਾਗ ਲੈਣ ਵਾਲੀਆਂ ਟੀਮਾਂ ਨੂੰ ਚਾਰ ਪੂਲਾਂ ਵਿੱਚ ਵੰਡਿਆ ਗਿਆ ਹੈ। ਮੁਕਾਬਲਿਆਂ ਦੇ ਸ਼ੁਰੂਆਤੀ ਦੌਰ ਨਾਕਆਊਟ ਪ੍ਰਣਾਲੀ ਅਧੀਨ ਕਰਵਾਏ ਜਾਣਗੇ, ਜਦਕਿ ਆਖ਼ਰੀ ਚਾਰ ਟੀਮਾਂ ਲੀਗ ਮੈਚਾਂ ਰਾਹੀਂ ਆਪਣੀ ਅੰਤਿਮ ਸਥਿਤੀ ਨਿਰਧਾਰਤ ਕਰਨਗੀਆਂ। ਡਾ. ਗਿੱਲ ਨੇ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਚੈਂਪੀਅਨਸ਼ਿਪ ਸਿਰਫ਼ ਜਿੱਤ-ਹਾਰ ਜਾਂ ਅੰਕਾਂ ਤੱਕ ਸੀਮਤ ਨਹੀਂ ਹੈ, ਸਗੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਆਪਸੀ ਮੇਲ-ਮਿਲਾਪ, ਵਿਚਾਰਾਂ ਦੇ ਆਦਾਨ-ਪ੍ਰਦਾਨ ਅਤੇ ਖੇਡ ਸੱਭਿਆਚਾਰ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਵੱਲੋਂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਖਿਡਾਰੀ ਬਿਹਤਰੀਨ ਪ੍ਰਦਰਸ਼ਨ ਕਰ ਸਕਣ।

Exit mobile version