Home ਪਟਿਆਲਾ ਅਪਡੇਟ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ:...

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਵਿਧਾਇਕ ਗੁਰਲਾਲ ਸਿੰਘ ਘਨੌਰ

MLA Gurlal Singh Ghanour Urges Youth to Embrace Sports for a Drug-Free Punjab

0
ਘਨੌਰ , 18 ਅਕਤੂਬਰ, 2026 (ਛਤਰਪਾਲ ਸਿੰਘ ) : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸੀਜ਼ਨ-4 ਤਹਿਤ ਅੱਜ ਸਲਾਟ-2 ਦੇ ਰਾਜ ਪੱਧਰੀ ਖੇਡ ਮੁਕਾਬਲੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਸਿੰਘ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ, ਉੱਥੇ ਹੀ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਵੀ ਮਜ਼ਬੂਤ ਬਣਦੇ ਹਨ।
ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਪ੍ਰੋਗਰਾਮ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਸੂਬਾ ਅਤੇ ਕੌਮੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਹਿੱਸਾ ਲੈਣ ਅਤੇ ਆਪਣੇ ਮਾਪਿਆਂ, ਕੋਚਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਵੀ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਕਬੱਡੀ ਸਰਕਲ ਸਟਾਈਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਤਰਨਤਾਰਨ ਦੀ ਟੀਮ ਨੇ ਮੋਹਾਲੀ ਨੂੰ 34-9 ਦੇ ਵੱਡੇ ਫ਼ਰਕ ਨਾਲ ਹਰਾਇਆ। ਜਲੰਧਰ ਦੀ ਟੀਮ ਨੇ ਫ਼ਰੀਦਕੋਟ ਨੂੰ 32-30 ਨਾਲ ਮਾਤ ਦਿੱਤੀ, ਜਦਕਿ ਸੰਗਰੂਰ ਦੀ ਟੀਮ ਨੇ ਪਠਾਨਕੋਟ ਨੂੰ 40-15 ਦੇ ਸਕੋਰ ਨਾਲ ਹਰਾਇਆ।

Exit mobile version