ਅੰਮ੍ਰਿਤਸਰ (ਪੰਜਾਬ), 14 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਦੇ ਪਾਇਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਵਿੱਚ ਆਪਣਾ ਪੱਖ ਸਪੱਸ਼ਟ ਕਰਨ ਲਈ ਤਲਬ ਕੀਤੇ ਗਏ ‘ਆਪ’ ਵਿਧਾਇਕਾਂ ਅਤੇ ਆਗੂਆਂ ਦੀ ਪੇਸ਼ੀ ਦਾ ਸਮਾਂ ਬਦਲ ਦਿੱਤਾ ਹੈ। ਪਹਿਲਾਂ ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਹੁਣ ਉਨ੍ਹਾਂ ਨੂੰ 16 ਅਕਤੂਬਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਪੇਸ਼ੀ ਦੇ ਸਮੇਂ ਵਿੱਚ ਇਹ ਤਬਦੀਲੀ ਮਾਨਸਾ ਦੇ ਪਰਵਿੰਦਰ ਸਿੰਘ ਦੇ ਪਰਿਵਾਰ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਕੀਤੀ ਗਈ ਹੈ। ਪਰਵਿੰਦਰ ਸਿੰਘ ਦੀ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪਰਿਵਾਰ ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 15 ਅਕਤੂਬਰ ਨੂੰ ਸਕੱਤਰੇਤ ਵਿਖੇ ਜਾਂਚ ਕਮੇਟੀ ਦੀ ਮੀਟਿੰਗ ਵੀ ਤੈਅ ਕੀਤੀ ਗਈ ਸੀ। ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਧਿਰਾਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਬੰਦ ਦੇ ਸੱਦੇ ਨੂੰ ਧਿਆਨ ਵਿੱਚ ਰੱਖਦਿਆਂ ਮੀਟਿੰਗ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਮੀਟਿੰਗ ਦੀ ਅਗਲੀ ਤਾਰੀਖ ਬਾਰੇ ਸਬੰਧਤ ਧਿਰਾਂ ਨੂੰ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।
