Home ਪੰਜਾਬ ਵਿਸ਼ਵ ਅਧਿਆਪਕ ਦਿਵਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸਕੂਲ...

ਵਿਸ਼ਵ ਅਧਿਆਪਕ ਦਿਵਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸਕੂਲ ਪ੍ਰਿੰਸੀਪਲਾਂ ਦਾ ਸਨਮਾਨ, ‘ਸਕੂਲ ਕਨੈਕਟ’ ਪਹਿਲਕਦਮੀ ਦੀ ਸ਼ੁਰੂਆਤ

Sri Guru Granth Sahib World University honors school principals and launches ‘School Connect’ to strengthen school-university collaboration.

0
ਫ਼ਤਿਹਗੜ੍ਹ ਸਾਹਿਬ, 05 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ, ਸੈਕੰਡਰੀ ਸਿੱਖਿਆ, ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਵਿਸ਼ਵ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਸਕੂਲ ਪ੍ਰਿੰਸੀਪਲਾਂ ਅਤੇ ਸਿੱਖਿਆਕਾਰਾਂ ਦਾ ਸਨਮਾਨ ਕੀਤਾ ਗਿਆ ਅਤੇ ਯੂਨੀਵਰਸਿਟੀ ਦੀ ‘ਸਕੂਲ ਕਨੈਕਟ’ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦੇਸ਼ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। ਡਾ. ਸੋਨਾ ਥਿੰਦ, ਡਿਪਟੀ ਕਮਿਸ਼ਨਰ, ਫ਼ਤਿਹਗੜ੍ਹ ਸਾਹਿਬ ਨੇ ਪ੍ਰਿੰਸੀਪਲਾਂ, ਮੁਖੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਵਿਦਿਆਰਥੀਆਂ ਦੀ ਸਰਵਪੱਖੀ ਭਲਾਈ ਅਤੇ ਵਿਕਾਸ ਲਈ ਗੁਣਵੱਤਾਪੂਰਨ ਸਿੱਖਿਆ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਪ੍ਰਸ਼ਾਸਨਿਕ ਸਹਾਇਤਾ ਦਾ ਭਰੋਸਾ ਦਿੱਤਾ।
ਪ੍ਰੋ. (ਡਾ.) ਪਰਿਤ ਪਾਲ ਸਿੰਘ, ਵਾਈਸ ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਿਹਾ ਕਿ ਗੁਣਵੱਤਾਪੂਰਨ ਸਿੱਖਿਆ ਲਈ ਸਕੂਲਾਂ, ਯੂਨੀਵਰਸਿਟੀਆਂ ਅਤੇ ਪ੍ਰਸ਼ਾਸਨ ਵਿਚਕਾਰ ਨਿਰੰਤਰ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ‘ਸਕੂਲ ਕਨੈਕਟ’ ਵਿਦਿਆਰਥੀਆਂ ਲਈ ਨਵੇਂ ਅਕਾਦਮਿਕ ਅਤੇ ਵਿਕਾਸਮੁਖੀ ਮੌਕੇ ਪੈਦਾ ਕਰੇਗਾ। ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ, ਅਕਾਦਮਿਕ ਮਾਮਲੇ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਸਵਾਗਤੀ ਭਾਸ਼ਣ ਦਿੰਦਿਆਂ ਸਿੱਖਿਆਕਾਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਕੂਲਾਂ ਤੇ ਯੂਨੀਵਰਸਿਟੀ ਵਿਚਕਾਰ ਨਜ਼ਦੀਕੀ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ। ਸ੍ਰੀਮਤੀ ਰਵਿੰਦਰ ਕੌਰ, ਡਿਪਟੀ ਐਜੂਕੇਸ਼ਨ ਅਫ਼ਸਰ (ਸੈਕੰਡਰੀ ਸਿੱਖਿਆ) ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਜੇਈਈ ਅਤੇ ਨੀਟ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਅਤੇ ਸਕੂਲਾਂ ਦੇ 100 ਫ਼ੀਸਦੀ ਨਤੀਜਿਆਂ ਨੂੰ ਉਜਾਗਰ ਕੀਤਾ।
ਡਾ. ਹਰਨੀਤ ਬਿਲਿੰਗ, ਡੀਨ, ਫੈਕਲਟੀ ਆਫ਼ ਐਜੂਕੇਸ਼ਨ ਐਂਡ ਇਨਫਰਮੇਸ਼ਨ ਸਾਇੰਸਿਜ਼, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਦੱਸਿਆ ਕਿ ‘ਸਕੂਲ ਕਨੈਕਟ’ ਦੇ ਪੰਜ ਮੁੱਖ ਵਰਟੀਕਲ—ਸਕੂਲ ਕਨੈਕਟ, ਟੀਚਰ ਕਨੈਕਟ, ਰਿਸਰਚ ਕਨੈਕਟ, ਕੈਂਪਸ ਕਨੈਕਟ ਅਤੇ ਕਲਾਸ IX ਤੋਂ XII ਲਈ ਅੱਠ ਹਫ਼ਤਿਆਂ ਦਾ ਸਰਟੀਫਿਕੇਟ ਕੋਰਸ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਅਕਾਦਮਿਕ ਉੱਤਮਤਾ, ਅਧਿਆਪਕ ਵਿਕਾਸ, ਖੋਜ, ਨਵੀਨਤਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਕੇਂਦਰਿਤ ਹੋਵੇਗੀ।
 ਸਮਾਗਮ ਵਿੱਚ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਸਿੱਖਿਆ ਵਿਭਾਗ ਦੇ ਨੁਮਾਇੰਦਿਆਂ, ਸਕੂਲ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

Exit mobile version