Home ਦੇਸ਼ ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ‘ਤੇ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ‘ਤੇ ਰੋਕ, ਸੁਪਰੀਮ ਕੋਰਟ ਨੇ ਹਾਈਕੋਰਟ ਦਾ ਹੁਕਮ ਕੀਤਾ ਰੱਦ

Supreme Court quashes Allahabad High Court order directing CBI and ED probe into Rahul Gandhi's alleged disproportionate assets; sends petition back for fresh consideration.

0

ਨਵੀਂ ਦਿੱਲੀ, 25 ਨਵੰਬਰ 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਵੱਡੀ ਕਾਨੂੰਨੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਕੇਂਦਰੀ ਜਾਂਚ ਬਿਊਰੋ (CBI) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਵਿਗਨੇਸ਼ ਸ਼ਿਸ਼ਿਰ ਵੱਲੋਂ ਦਾਇਰ ਪਟੀਸ਼ਨ ਨੂੰ ਮੁੜ ਵਿਚਾਰ ਕਰਨ ਲਈ ਇਲਾਹਾਬਾਦ ਹਾਈਕੋਰਟ ਕੋਲ ਵਾਪਸ ਭੇਜ ਦਿੱਤਾ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਨੂੰ ਇਹ ਵੀ ਜਾਂਚਣ ਲਈ ਕਿਹਾ ਹੈ ਕਿ ਪਟੀਸ਼ਨ ਕਾਨੂੰਨੀ ਤੌਰ ‘ਤੇ ਸੁਣਵਾਈ ਦੇ ਯੋਗ ਹੈ ਜਾਂ ਨਹੀਂ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਨੂੰ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਸੀਬੀਆਈ ਅਤੇ ਈਡੀ ਨੂੰ ਵੀ ਕਿਹਾ ਗਿਆ ਸੀ ਕਿ ਉਹ ਰਾਹੁਲ ਗਾਂਧੀ ਖ਼ਿਲਾਫ਼ ਜਾਂਚ ਸਬੰਧੀ ਹਾਈਕੋਰਟ ਦੇ ਪੁਰਾਣੇ ਹੁਕਮਾਂ ਦੀ ਪਾਲਣਾ ਵਿੱਚ ਕੋਈ ਰਿਪੋਰਟ ਦਾਖ਼ਲ ਨਾ ਕਰਨ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਇਲਾਹਾਬਾਦ ਹਾਈਕੋਰਟ ਦੇ ਜਾਂਚ ਦੇ ਨਿਰਦੇਸ਼ਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਪਹਿਲਾਂ ਸੀਬੀਆਈ ਵੱਲੋਂ ਪੇਸ਼ ਕੀਤੇ ਹਲਫ਼ਨਾਮੇ ਨੂੰ ਤਸੱਲੀਬਖ਼ਸ਼ ਨਹੀਂ ਮੰਨਿਆ ਸੀ। ਅਦਾਲਤ ਦਾ ਕਹਿਣਾ ਸੀ ਕਿ ਇਸ ਵਿੱਚ ਰਾਹੁਲ ਗਾਂਧੀ ਦੀ ਜਾਇਦਾਦ ਬਾਰੇ ਸ਼ਿਕਾਇਤ ‘ਤੇ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਪੂਰਾ ਵੇਰਵਾ ਨਹੀਂ ਦਿੱਤਾ ਗਿਆ। ਇਸੇ ਆਧਾਰ ‘ਤੇ ਹਾਈਕੋਰਟ ਨੇ ਨਵੀਂ ਦਿੱਲੀ ਸਥਿਤ ਸੀਬੀਆਈ ਦੇ ਭ੍ਰਿਸ਼ਟਾਚਾਰ ਰੋਕੂ ਵਿਭਾਗ ਦੇ ਮੁੱਖ ਦਫ਼ਤਰ ਦੇ ਸੰਯੁਕਤ ਨਿਰਦੇਸ਼ਕ ਜਾਂ ਸਬੰਧਤ ਖੇਤਰ ਦੇ ਮੁਖੀ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਸੀ, ਜਿਸ ਵਿੱਚ ਜਾਂਚ ਸਬੰਧੀ ਹੁਣ ਤੱਕ ਦੀ ਕਾਰਵਾਈ ਦਾ ਵਿਸਥਾਰ ਨਾਲ ਵੇਰਵਾ ਦੇਣ ਦੀ ਹਦਾਇਤ ਸੀ। ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਭਾਜਪਾ ਆਗੂ ਵੱਲੋਂ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਖ਼ਿਲਾਫ਼ ਦੋਹਰੀ ਨਾਗਰਿਕਤਾ ਦੇ ਦੋਸ਼ ਲਗਾਉਂਦਿਆਂ ਅਦਾਲਤ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ।

 

Exit mobile version