ਪਟਿਆਲਾ, 7 ਅਗਸਤ, 2026 (ਦੀਪਕ ਦੱਤਾ) : ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਅੱਜ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਪ੍ਰਮੁੱਖ ਸਮਾਨੀਆਂ ਗੇਟ ਬਾਜ਼ਾਰ ਅਤੇ ਰਾਜਿੰਦਰਾ ਹਸਪਤਾਲ ਰੋਡ (ਸੰਗਰੂਰ ਰੋਡ) ‘ਤੇ ਅਚਾਨਕ ਚੈਕਿੰਗ ਕੀਤੀ ਗਈ ਅਤੇ 40 ਕਰੀਬ ਚਲਾਨ ਕੱਟੇ ਗਏ। ਇਹ ਕਾਰਵਾਈ ਸੈਨੇਟਰੀ ਅਫ਼ਸਰ ਨਵਦੀਪ ਸ਼ਰਮਾ ਦੀ ਦੇਖ-ਰੇਖ ਹੇਠ ਸੈਨੇਟਰੀ ਇੰਸਪੈਕਟਰ ਰਾਜੇਸ਼ ਮਾਟੂ ਅਤੇ ਸੈਨੇਟਰੀ ਸੁਪਰਵਾਈਜ਼ਰ ਨਰਿੰਦਰ ਕੁਮਾਰ ਦੀ ਅਗਵਾਈ ਵਾਲੀ ਨਿਗਮ ਟੀਮ ਵੱਲੋਂ ਅੰਜਾਮ ਦਿੱਤੀ ਗਈ।

ਮੇਅਰ ਕੁੰਦਨ ਗੋਗੀਆ ਨੇ ਵੀ ਸਬੰਧੀ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਹਰਿਆਵਲ, ਵਾਤਾਵਰਣ ਅਤੇ ਸਫ਼ਾਈ ਵਿਵਸਥਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਸਿੰਗਲ ਯੂਜ਼ ਪਲਾਸਟਿਕ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਸੀਵਰੇਜ ਅਤੇ ਨਾਲੀਆਂ ਦੇ ਜਾਮ ਹੋਣ ਦਾ ਵੀ ਵੱਡਾ ਕਾਰਨ ਬਣਦਾ ਹੈ। ਅਧਿਕਾਰੀਆਂ ਨੇ ਵੀ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਜਾਂ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਖ਼ਿਲਾਫ਼ ਇਹ ਸਖ਼ਤੀ ਲਗਾਤਾਰ ਜਾਰੀ ਰਹੇਗੀ।
ਨਿਗਮ ਟੀਮ ਨੇ ਸਮੂਹ ਦੁਕਾਨਦਾਰਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਖ਼ਰੀਦਦਾਰੀ ਕਰਨ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨ। ਦੁਕਾਨਦਾਰ ਆਪਣੀਆਂ ਦੁਕਾਨਾਂ ਦਾ ਕੂੜਾ ਬਾਹਰ ਸੜਕਾਂ ‘ਤੇ ਸੁੱਟਣ ਦੀ ਬਜਾਏ ਡਸਟਬਿਨਾਂ ਵਿੱਚ ਹੀ ਰੱਖਣ ਅਤੇ ਗਾਹਕਾਂ ਨੂੰ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਲਈ ਪ੍ਰੇਰਿਤ ਕਰਨ, ਤਾਂ ਜੋ ‘ਮਿਸ਼ਨ ਕਲੀਨ ਪਟਿਆਲਾ’ ਨੂੰ ਸਫ਼ਲ ਬਣਾਇਆ ਜਾ ਸਕੇ।






