Home ਪੰਜਾਬ ਨੇਹਾ ਦੀ ਹੋਈ ਮੌਤ ਦੇ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ:...

ਨੇਹਾ ਦੀ ਹੋਈ ਮੌਤ ਦੇ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

Chairman Dalvir Singh Dhillon assures strict action against accused in Neha death case.

0
ਧੂਰੀ, 26 ਅਗਸਤ, 2026 (ਕਾਜਲ) :  ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਦੀ ਵਸਨੀਕ ਨੇਹਾ ਦੀ ਹੋਈ ਮੌਤ ਦੇ ਮਾਮਲੇ ਵਿੱਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦੁਖਦਾਈ ਮਾਮਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਰਿਵਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਦੋਸ਼ੀ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਰੋਕਣ ਲਈ ਉਸ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਸਥਾਨਕ ਐਸ.ਐਚ.ਓ. ਦੀ ਭੂਮਿਕਾ ਸਬੰਧੀ ਇਤਰਾਜ਼ ਜ਼ਾਹਿਰ ਕੀਤੇ ਜਾਣ ਤੋਂ ਬਾਅਦ ਐਸ.ਐਚ.ਓ. ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਜਿਸ ਪੁਲਿਸ ਅਧਿਕਾਰੀ ’ਤੇ ਬਿਆਨ ਦਰਜ ਨਾ ਕਰਨ ਸਬੰਧੀ ਇਤਰਾਜ਼ ਕੀਤਾ ਗਿਆ ਸੀ, ਉਸ ਅਧਿਕਾਰੀ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਐਸ.ਐਸ.ਪੀ. ਪੱਧਰ ’ਤੇ ਤਿੰਨ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਨਿਗਰਾਨੀ ਐਸ.ਐਸ.ਪੀ. ਵੱਲੋਂ ਕੀਤੀ ਜਾ ਰਹੀ ਹੈ ਅਤੇ ਡੀ.ਜੀ.ਪੀ. ਪੱਧਰ ’ਤੇ ਵੀ ਮਾਮਲੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਨੇਹਾ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਅਤੇ ਪਾਰਟੀ ਪਹਿਲੇ ਦਿਨ ਤੋਂ ਖੜ੍ਹੀ ਹੈ ਅਤੇ ਸਰਕਾਰ ਵੱਲੋਂ ਇਨਸਾਫ਼ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਗੰਭੀਰ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੇਅਰਮੈਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਨੇਹਾ ਦੇ ਪਰਿਵਾਰ ਦੇ ਦੁੱਖ ਨੂੰ ਸਿਆਸੀ ਰੰਗ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪਰਿਵਾਰ ਦਾ ਨਹੀਂ, ਸਗੋਂ ਧੂਰੀ ਅਤੇ ਸਮੁੱਚੇ ਪੰਜਾਬ ਦਾ ਦਰਦ ਹੈ। ਇਸ ਲਈ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਪਰਿਵਾਰ ਨਾਲ ਖੜ੍ਹ ਕੇ ਇਨਸਾਫ਼ ਦੀ ਮੰਗ ਕਰਨੀ ਚਾਹੀਦੀ ਹੈ, ਨਾ ਕਿ ਇਸ ਨੂੰ ਸਿਆਸੀ ਮੁੱਦਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨੇਹਾ ਦੇ ਪਰਿਵਾਰ ਨੂੰ ਹਰ ਹਾਲਤ ਵਿੱਚ ਇਨਸਾਫ਼ ਦਿਵਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

Exit mobile version