ਬੱਸਾਂ ਦੀ ਘਾਟ ਨਾਲ ਯਾਤਰੀ ਹੋਏ ਪ੍ਰੇਸ਼ਾਨ

ਪਟਿਆਲਾ, 3 ਅਗਸਤ: (ਬਲਜੀਤ ਸਰਨਾ): ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਰਮਚਾਰੀਆਂ ਵੱਲੋਂ ਐਲਾਨੀ ਹੜਤਾਲ ਦੇ ਤਹਿਤ ਅੱਜ ਪਟਿਆਲਾ ਦੇ ਨਵੇਂ ਬੱਸ ਸਟੈਂਡ ਵਿਖੇ ਡਿਪੂ ਦੇ ਬਾਹਰ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਕਰਮਚਾਰੀ ਆਗੂ ਸਹਿਜ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ।
ਸਹਿਜ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਕੱਚੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ‘ਤੇ ਅੰਦੋਲਨ ਕੀਤਾ ਜਾਵੇਗਾ।
ਦੂਜੇ ਪਾਸੇ ਹੜਤਾਲ ਦਾ ਸਿੱਧਾ ਅਸਰ ਆਮ ਲੋਕਾਂ ‘ਤੇ ਵੀ ਵੇਖਣ ਨੂੰ ਮਿਲਿਆ। ਪਟਿਆਲਾ ਦੇ ਨਵੇਂ ਬੱਸ ਸਟੈਂਡ ‘ਤੇ ਬੱਸਾਂ ਦੀ ਘਾਟ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਰੂਟਾਂ ‘ਤੇ ਬੱਸਾਂ ਘੱਟ ਹੋਣ ਕਾਰਨ ਲੋਕਾਂ ਨੂੰ ਲੰਬੇ ਸਮੇਂ ਤੱਕ ਉਡੀਕ ਕਰਨੀ ਪਈ, ਜਦਕਿ ਕੁਝ ਬੱਸਾਂ ਵਿੱਚ ਸਵਾਰੀਆਂ ਦਰਵਾਜ਼ਿਆਂ ਤੋਂ ਲਟਕ ਕੇ ਸਫ਼ਰ ਕਰਦੀਆਂ ਵੀ ਨਜ਼ਰ ਆਈਆਂ। ਯਾਤਰੀਆਂ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਮਸਲੇ ਦਾ ਹੱਲ ਕਰੇ ਤਾਂ ਜੋ ਆਵਾਜਾਈ ਸੇਵਾਵਾਂ ਮੁੜ ਸੁਚਾਰੂ ਢੰਗ ਨਾਲ ਚੱਲ ਸਕਣ।






