ਗੋਪੇਸ਼ਵਰ, 18 ਨਵੰਬਰ, 2026 (ਅਰਸ਼ਦੀਪ ਸਿੰਘ ) : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਭੂਚਾਲ ਦੇ ਝਟਕਿਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.1 ਦਰਜ ਕੀਤੀ ਗਈ। ਭੂਚਾਲ ਸਵੇਰੇ 10 ਵੱਜ ਕੇ 21 ਮਿੰਟ ’ਤੇ ਆਇਆ। ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਚਮੋਲੀ ਜ਼ਿਲ੍ਹੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਇਸ ਕਾਰਨ ਲੋਕਾਂ ਵਿੱਚ ਘਬਰਾਹਟ ਪੈਦਾ ਹੋ ਗਈ ਅਤੇ ਕਈ ਲੋਕ ਸੁਰੱਖਿਆ ਦੇ ਮੱਦੇਨਜ਼ਰ ਘਰਾਂ ਅਤੇ ਇਮਾਰਤਾਂ ਤੋਂ ਬਾਹਰ ਨਿਕਲ ਆਏ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਭੂਚਾਲ ਦਾ ਕੇਂਦਰ ਜੋਸ਼ੀਮਠ ਦੇ ਨੇੜੇ ਸੀ, ਜਦਕਿ ਇਸ ਦੀ ਡੂੰਘਾਈ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਹੇਠਾਂ ਦਰਜ ਕੀਤੀ ਗਈ। ਪ੍ਰਸ਼ਾਸਨ ਨੇ ਦੱਸਿਆ ਕਿ ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਇਲਾਕੇ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
