ਫ਼ਤਹਿਗੜ੍ਹ ਸਾਹਿਬ, 24 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਸਮਾਜ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਅੱਜ ਹੌਟਸਪੋਟ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਦੂਮਾਜਰਾ ਵਿਖੇ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਐਸ.ਐਮ.ਓ. ਖੇੜਾ ਸ੍ਰੀ ਰਾਕੇਸ਼ ਬਾਲੀ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਨੇ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੌਰ ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ ਹੈ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਇਸ ਦਿਸ਼ਾ ਵਿੱਚ ਅਹਿਮ ਕਦਮ ਹੈ। ਇਸੇ ਦੌਰਾਨ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਫ਼ਤਹਿਗੜ੍ਹ ਸਾਹਿਬ ਤੋਂ ਸ੍ਰੀ ਜਸਵਿੰਦਰ ਸਿੰਘ ਨੇ ਆਪਣੀ ਟੀਮ ਦੇ ਮੈਂਬਰਾਂ ਸਮੇਤ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਜਾਗਰੂਕਤਾ ਦੇ ਨਾਲ-ਨਾਲ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੋ ਸਕਦਾ ਹੈ। ਇਸ ਜਾਗਰੂਕਤਾ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ






