ਕੁਰੂਕਸ਼ੇਤਰ, 10 ਅਕਤੂਬਰ 2026 (ਸੰਜੀਵ ਸ਼ਰਮਾ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀਐਲਐਸਏ) ਦੀ ਸਕੱਤਰ ਅਤੇ ਸੀਜੇਐਮ ਨੀਤਿਕਾ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਨੇਸ਼ ਕੁਮਾਰ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਦਯਾਨੰਦ ਮਹਿਲਾ ਯੂਨੀਵਰਸਿਟੀ, ਕੁਰੂਕਸ਼ੇਤਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਨੀਪਲਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਐਲਐਨਜੇਪੀ ਸਿਵਲ ਹਸਪਤਾਲ, ਕੁਰੂਕਸ਼ੇਤਰ ਦੇ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਦੀ ਟੀਮ ਅਤੇ ਪੈਰਾ ਲੀਗਲ ਵਲੰਟੀਅਰ ਅਮਨਪ੍ਰੀਤ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਸੀਜੇਐਮ ਨੀਤਿਕਾ ਭਾਰਦਵਾਜ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਰਹਿਣ ਅਤੇ ਲੋੜ ਪੈਣ ’ਤੇ ਉਚਿਤ ਸਹਾਇਤਾ ਪ੍ਰਾਪਤ ਕਰਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਇਸ ਮੌਕੇ ਮਾਨਸਿਕ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਅਤੇ ਬੌਧਿਕ ਅਪੰਗਤਾ ਵਾਲੇ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ ਯੋਜਨਾ, 2024 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਹੋਰ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੈਲਪਲਾਈਨ 15100 ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਲੋੜਵੰਦ ਵਿਅਕਤੀ ਇਸ ਹੈਲਪਲਾਈਨ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋੜੀਂਦੀ ਸਲਾਹ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਜਾਗਰੂਕਤਾ ਕੈਂਪਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਉਨ੍ਹਾਂ ਲਈ ਉਪਲਬਧ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਸੀ।







