ਪਟਿਆਲਾ, 5 ਅਗਸਤ, 2026 (ਕਾਜਲ) : ਪੰਜਾਬੀ ਯੂਨੀਵਰਸਿਟੀ ਵਿੱਚ ਹੋਸਟਲ ਅਤੇ ਵਿਭਾਗੀ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਸਾਂਝੇ ਵਿਦਿਆਰਥੀ ਮੋਰਚੇ ਨਾਲ ਜੁੜੀਆਂ ਵਿਦਿਆਰਥੀ ਜਥੇਬੰਦੀਆਂ ਨੇ ਡੀਨ ਅਕਾਦਮਿਕ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ (PSU), ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (SFI), ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ (AISF) ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (PSF) ਦੇ ਆਗੂ ਸ਼ਾਮਲ ਹੋਏ।

ਵਿਦਿਆਰਥੀ ਆਗੂਆਂ ਨੇ ਦੋਸ਼ ਲਗਾਇਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਸੈਸ਼ਨ 2026-27 ਲਈ ਹੋਸਟਲ ਫੀਸਾਂ ਵਿੱਚ 30 ਤੋਂ 42 ਫੀਸਦੀ ਅਤੇ ਕੁਝ ਕੋਰਸਾਂ ਦੀਆਂ ਵਿਭਾਗੀ ਫੀਸਾਂ ਵਿੱਚ ਕਈ ਗੁਣਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਵਿਦਿਆਰਥੀਆਂ ‘ਤੇ ਵੱਡਾ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹਰ ਵਿਦਿਆਰਥੀ ਦੀ ਪਹੁੰਚ ਵਿੱਚ ਹੋਣੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਦਾ ਫੀਸ ਵਾਧਾ ਸਵੀਕਾਰਯੋਗ ਨਹੀਂ।
ਵਿਦਿਆਰਥੀ ਜਥੇਬੰਦੀਆਂ ਨੇ ਯੂਨੀਵਰਸਿਟੀ ਵਿੱਚ ਹੋਸਟਲਾਂ ਦੀ ਘਾਟ, ਨਵੇਂ ਹੋਸਟਲਾਂ ਦੀ ਉਸਾਰੀ ਵਿੱਚ ਹੋ ਰਹੀ ਦੇਰੀ ਅਤੇ ਮੌਜੂਦਾ ਹੋਸਟਲਾਂ ਦੀ ਖ਼ਰਾਬ ਹਾਲਤ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਕਈ ਹੋਸਟਲਾਂ ਦੀਆਂ ਇਮਾਰਤਾਂ ਜਰਜਰ ਹੋ ਚੁੱਕੀਆਂ ਹਨ, ਜਦਕਿ ਲਿਫ਼ਟਾਂ ਵੀ ਲੰਬੇ ਸਮੇਂ ਤੋਂ ਬੰਦ ਪਈਆਂ ਹਨ।

ਧਰਨੇ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਵਿਦਿਆਰਥੀ ਆਗੂਆਂ ਨਾਲ ਗੱਲਬਾਤ ਕੀਤੀ, ਪਰ ਕੋਈ ਠੋਸ ਭਰੋਸਾ ਨਾ ਮਿਲਣ ਕਾਰਨ ਸਾਂਝੇ ਵਿਦਿਆਰਥੀ ਮੋਰਚੇ ਨੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਜਦ ਤੱਕ ਫੀਸ ਵਾਧਾ ਵਾਪਸ ਨਹੀਂ ਲਿਆ ਜਾਂਦਾ ਅਤੇ ਹੋਰ ਮੰਗਾਂ ਦਾ ਹੱਲ ਨਹੀਂ ਹੁੰਦਾ, ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ।






