Home ਪਟਿਆਲਾ ਅਪਡੇਟ ਫੀਸਾਂ ਵਿੱਚ 16 ਤੋਂ 58 ਫੀਸਦੀ ਵਾਧੇ ਖ਼ਿਲਾਫ਼ ਵਿਦਿਆਰਥੀਆਂ ਦਾ ਧਰਨਾ ਜਾਰੀ

ਫੀਸਾਂ ਵਿੱਚ 16 ਤੋਂ 58 ਫੀਸਦੀ ਵਾਧੇ ਖ਼ਿਲਾਫ਼ ਵਿਦਿਆਰਥੀਆਂ ਦਾ ਧਰਨਾ ਜਾਰੀ

Students protest fee hike and hostel issues, demand action from university administration

0
ਯੂਨੀਵਰਸਿਟੀ ਪ੍ਰਸ਼ਾਸਨ ‘ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਧੜਿਆਂ ਵਿੱਚ ਵੰਡਣ ਦੇ ਦੋਸ਼, ਹੋਸਟਲ ਅਤੇ ਪੁਲਿਸ ਕਾਰਵਾਈ ਨੂੰ ਲੈ ਕੇ ਵੀ ਉਠੇ ਸਵਾਲ
ਪਟਿਆਲਾ, 19 ਅਗਸਤ, 2026 (ਬਲਜੀਤ ਸਰਨਾ) : ਯੂਨੀਵਰਸਿਟੀ ਵਿੱਚ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਵਿਦਿਆਰਥੀਆਂ ਦਾ ਧਰਨਾ ਲਗਾਤਾਰ ਜਾਰੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵੱਖ-ਵੱਖ ਫੀਸਾਂ ਵਿੱਚ 16 ਫੀਸਦੀ ਤੋਂ ਲੈ ਕੇ 58 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ, ਜੋ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਉਨ੍ਹਾਂ ਨੂੰ ਵੱਖ-ਵੱਖ ਧੜਿਆਂ ਵਿੱਚ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੋਸਟਲਾਂ ਦੀ ਉਸਾਰੀ ਦਾ ਮੁੱਦਾ ਵੀ ਚੁੱਕਿਆ
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਨਵੇਂ ਹੋਸਟਲਾਂ ਦੀ ਉਸਾਰੀ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦਾ ਦੋਸ਼ ਹੈ ਕਿ ਨਵੇਂ ਹੋਸਟਲਾਂ ਲਈ ਕੇਂਦਰ ਸਰਕਾਰ ਵੱਲੋਂ 90 ਫੀਸਦੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ, ਪਰ ਪੰਜਾਬ ਸਰਕਾਰ ਵੱਲੋਂ ਆਪਣਾ 10 ਫੀਸਦੀ ਹਿੱਸਾ ਨਾ ਪਾਉਣ ਕਾਰਨ ਹੋਸਟਲਾਂ ਦੀ ਉਸਾਰੀ ਅੱਗੇ ਨਹੀਂ ਵਧ ਰਹੀ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਗ੍ਰਾਂਟ ਦਾ ਸਹੀ ਇਸਤੇਮਾਲ ਕਰਦਿਆਂ ਨਵੇਂ ਹੋਸਟਲਾਂ ਦੀ ਉਸਾਰੀ ਜਲਦ ਸ਼ੁਰੂ ਕੀਤੀ ਜਾਵੇ, ਤਾਂ ਜੋ ਵਿਦਿਆਰਥੀਆਂ ਨੂੰ ਰਹਿਣ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ।
ਕੁੜੀਆਂ ਨੇ ਪੁਲਿਸ ਕਾਰਵਾਈ ‘ਤੇ ਚੁੱਕੇ ਸਵਾਲ
ਯੂਨੀਵਰਸਿਟੀ ਵਿੱਚ ਬੀਤੀ ਰਾਤ ਵਾਪਰੇ ਘਟਨਾਕ੍ਰਮ ਬਾਰੇ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਪ੍ਰਦਰਸ਼ਨ ਦੌਰਾਨ ਮਰਦ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਵਿਦਿਆਰਥਣਾਂ ਨੇ ਇਸ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਵਿਦਿਆਰਥੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਕੁੜੀਆਂ ਨੂੰ ਹੋਸਟਲ ਦੇ ਅੰਦਰ ਰੋਕਣ ਜਾਂ ਨਜ਼ਰਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੰਗਾਂ ਨਾ ਮੰਨੇ ਜਾਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਵਿਦਿਆਰਥੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਨਹੀਂ ਲੈਂਦਾ। ਉਨ੍ਹਾਂ ਕਿਹਾ ਕਿ ਫੀਸ ਵਾਧਾ ਵਾਪਸ ਲੈਣ, ਹੋਸਟਲਾਂ ਦੀ ਉਸਾਰੀ ਅਤੇ ਵਿਦਿਆਰਥੀਆਂ ਨਾਲ ਸਬੰਧਤ ਹੋਰ ਮਸਲਿਆਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

Exit mobile version