ਫਤਹਿਗੜ੍ਹ ਸਾਹਿਬ, 9 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਮਾਪੇ-ਅਧਿਆਪਕ ਮਿਲਣੀਆਂ ਮਾਪਿਆਂ ਦੀ ਭਾਗੀਦਾਰੀ ਵਧਾਉਣ, ਸਿੱਖਿਆ ਦੀ ਗੁਣਵੱਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹਨ। ਇਹ ਪ੍ਰਗਟਾਵਾ ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਸੰਦੀਪ ਸੂਦ ਨੇ ਮਾਪੇ-ਅਧਿਆਪਕ ਮਿਲਣੀ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਕਾਰਗੁਜ਼ਾਰੀ ਅਤੇ ਸਿੱਖਣ ਦੀ ਪ੍ਰਕਿਰਿਆ ਨਾਲ ਜੋੜਨਾ ਹੈ, ਤਾਂ ਜੋ ਅਧਿਆਪਕ ਅਤੇ ਮਾਪੇ ਆਪਸੀ ਤਾਲਮੇਲ ਨਾਲ ਬੱਚਿਆਂ ਦੀਆਂ ਲੋੜਾਂ ਅਤੇ ਮੁਸ਼ਕਲਾਂ ਨੂੰ ਸਮਝ ਕੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਸਾਂਝੇ ਯਤਨ ਕਰ ਸਕਣ।

ਪ੍ਰਿੰਸੀਪਲ ਸੰਦੀਪ ਸੂਦ ਨੇ ਕਿਹਾ ਕਿ ਬੱਚਿਆਂ ਦੀ ਸਫ਼ਲਤਾ ਵਿੱਚ ਸਕੂਲ ਅਤੇ ਪਰਿਵਾਰ ਦੋਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਮਾਪਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਵਿੱਚ ਦਿਲਚਸਪੀ ਲੈਣ ਅਤੇ ਅਧਿਆਪਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਦੀਆਂ ਸਿੱਖਿਆ ਸਬੰਧੀ ਕਮੀਆਂ ਨੂੰ ਸਮੇਂ ਸਿਰ ਦੂਰ ਕਰਨ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਬਿਕਰਮਜੀਤ ਸਿੰਘ ਸਹੋਤਾ ਗੁਰਸਤਵੀਰ ਕੌਰ, ਹਰਵੀਰ ਸਿੰਘ, ਰੋਸ਼ਾ ਸਿੰਘ, ਕੁਲਜਿੰਦਰ ਕੌਰ, ਤਰੁਨ ਮਿੱਤਲ, ਵਰਿੰਦਰ ਸਿੰਘ ਸਮੇਤ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।







