Homeਪਟਿਆਲਾ ਅਪਡੇਟਪਟਿਆਲਾ ਨਗਰ ਨਿਗਮ ਚੋਣਾਂ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਫੈਕਟ-ਫਾਇਡਿੰਗ ਕਮੇਟੀ ਦੀ...

ਪਟਿਆਲਾ ਨਗਰ ਨਿਗਮ ਚੋਣਾਂ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਫੈਕਟ-ਫਾਇਡਿੰਗ ਕਮੇਟੀ ਦੀ ਰਿਪੋਰਟ ਸਵੀਕਾਰ

Supreme Court accepts fact-finding report in Patiala MC elections case

ਪਟਿਆਲਾ, 28 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਲੜਾਈ ਨੂੰ ਲੈ ਕੇ ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਪਟਿਆਲਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਫੈਕਟ-ਫਾਇਡਿੰਗ ਕਮੇਟੀ ਦੀ ਰਿਪੋਰਟ ਨੂੰ ਮਾਨਤਾ ਦਿੱਤੇ ਜਾਣ ਨਾਲ ਪਟਿਆਲਾ ਦੇ ਲੋਕਾਂ ਵੱਲੋਂ ਲੋਕਤੰਤਰਿਕ ਹੱਕਾਂ ਲਈ ਲੜੀ ਜਾ ਰਹੀ ਲੜਾਈ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪਿਛਲੇ ਢਾਈ ਸਾਲ ਤੋਂ ਇਸ ਮਾਮਲੇ ਨੂੰ ਲਗਾਤਾਰ ਕਾਨੂੰਨੀ ਅਤੇ ਲੋਕਤੰਤਰਿਕ ਪੱਧਰ ’ਤੇ ਉਠਾਇਆ ਜਾ ਰਿਹਾ ਸੀ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਨਾਮਜ਼ਦਗੀਆਂ ਨਾਲ ਸਬੰਧਤ ਕਈ ਗੰਭੀਰ ਸਵਾਲ ਉੱਠੇ ਸਨ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਕਾਨੂੰਨੀ ਤੌਰ ’ਤੇ ਅੱਗੇ ਲਿਜਾਇਆ ਗਿਆ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਿੱਚ ਬਣੀ ਫੈਕਟ-ਫਾਇਡਿੰਗ ਕਮੇਟੀ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਆਪਣੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਅਨੁਸਾਰ ਹੁਣ ਇਸ ਰਿਪੋਰਟ ਨੂੰ ਸੁਪਰੀਮ ਕੋਰਟ ਵੱਲੋਂ ਸਵੀਕਾਰ ਕੀਤੇ ਜਾਣ ਨਾਲ ਇਸ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਲਈ ਰਾਹ ਖੁੱਲ੍ਹਿਆ ਹੈ। ਮੋਹਿੰਦਰਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਉਨ੍ਹਾਂ ਸਾਰੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਸ ਲੜਾਈ ਵਿੱਚ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਟਿਆਲਾ ਦੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਮੇਤ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸੀਨੀਅਰ ਐਡਵੋਕੇਟ ਵਿਵੇਕ ਤਨਖਾਹ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਕਾਨੂੰਨੀ ਤੌਰ ’ਤੇ ਪੇਸ਼ ਕੀਤਾ।

ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਕਈ ਕਾਂਗਰਸੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਦੇ ਲੋਕਤੰਤਰਿਕ ਹੱਕਾਂ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਫੈਕਟ-ਫਾਇਡਿੰਗ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾਣੀ ਆਪਣੇ ਆਪ ਵਿੱਚ ਮਹੱਤਵਪੂਰਨ ਕਦਮ ਸੀ।
ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪਟਿਆਲਾ ਨਗਰ ਨਿਗਮ ਚੋਣਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਅਨੁਸਾਰ ਨਗਰ ਨਿਗਮ ਚੋਣਾਂ ਵਿੱਚ ਬਹੁਤ ਘੱਟ ਪੋਲਿੰਗ ਹੋਈ। ਉਨ੍ਹਾਂ ਚੋਣ ਪ੍ਰਕਿਰਿਆ ਦੌਰਾਨ ਕਥਿਤ ਤੌਰ ’ਤੇ ਹੋਈਆਂ ਬੇਨਿਯਮੀਆਂ ਅਤੇ ਜਾਅਲੀ ਵੋਟਾਂ ਸਬੰਧੀ ਵੀ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਸੱਚਾਈ ਕਾਨੂੰਨੀ ਪ੍ਰਕਿਰਿਆ ਰਾਹੀਂ ਸਾਹਮਣੇ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਵਿਸਥਾਰਤ ਹੁਕਮ ਆਉਣਾ ਅਜੇ ਬਾਕੀ ਹੈ ਅਤੇ ਇਸ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਕਾਨੂੰਨੀ ਸਥਿਤੀ ਸਪੱਸ਼ਟ ਹੋਵੇਗੀ। ਮੋਹਿੰਦਰਾ ਨੇ ਕਿਹਾ ਕਿ ਕਾਂਗਰਸ ਵੱਲੋਂ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਸੁਪਰੀਮ ਕੋਰਟ ਦੇ ਵਿਸਥਾਰਤ ਹੁਕਮ ਅਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਪਟਿਆਲਾ ਵਾਸੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇਗੀ।
ਅੰਤ ਵਿੱਚ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪਟਿਆਲਾ ਦੇ ਲੋਕਾਂ ਦੇ ਲੋਕਤੰਤਰਿਕ ਹੱਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਅੱਗੇ ਵੀ ਕਾਨੂੰਨੀ ਪ੍ਰਕਿਰਿਆ ਦਾ ਸਨਮਾਨ ਕਰਦਿਆਂ ਇਸ ਮਾਮਲੇ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਂਦੀ ਰਹੇਗੀ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments