ਹਰਿਆਣਾ ਦੇ 52 ਲੱਖ ਲੋਕਾਂ ਦੇ ਖਾਤਿਆਂ ਵਿੱਚ ਸਰਕਾਰ ਨੇ 4,470 ਕਰੋੜ 77 ਲੱਖ ਰੁਪਏ ਕੀਤੇ ਟਰਾਂਸਫਰ, ਪੰਜਾਬੀ ਸਾਹਿਤ ਤੇ ਸੱਭਿਆਚਾਰ ਅਕਾਦਮੀ ਦੇ ਡਾਇਰੈਕਟਰ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਕੁਰੂਕਸ਼ੇਤਰ/ਪਿਹੋਵਾ, 11 ਨਵੰਬਰ, 2026 (ਸੰਜੀਵ ਸ਼ਰਮਾ ) : ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਅਤੇ ਹਰਿਆਣਾ ਪੰਜਾਬੀ ਸਾਹਿਤ ਤੇ ਸੱਭਿਆਚਾਰ ਅਕਾਦਮੀ ਦੇ ਡਾਇਰੈਕਟਰ ਸਰਦਾਰ ਹਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੇਂਡੂ ਚੌਕੀਦਾਰਾਂ ਨੂੰ ਵੱਡੀ ਸੌਗਾਤ ਦਿੰਦਿਆਂ ਉਨ੍ਹਾਂ ਦਾ ਮਾਸਿਕ ਮਾਣਭੱਤਾ 11,000 ਰੁਪਏ ਤੋਂ ਵਧਾ ਕੇ 15,221 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਪੇਂਡੂ ਚੌਕੀਦਾਰਾਂ ਨੂੰ ਕਰਮਚਾਰੀ ਰਾਜ ਬੀਮਾ (ESI) ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਰਦੀ ਭੱਤੇ, ਸਾਈਕਲ ਭੱਤੇ ਅਤੇ ਹੋਰ ਜ਼ਰੂਰੀ ਸਹੂਲਤਾਂ ਵਿੱਚ ਵੀ ਵਾਧਾ ਕਰਕੇ ਚੌਕੀਦਾਰਾਂ ਨੂੰ ਤਿਉਹਾਰਾਂ ਦਾ ਤੋਹਫ਼ਾ ਦਿੱਤਾ ਹੈ। ਹਰਪਾਲ ਸਿੰਘ ਨੇ ਕਿਹਾ ਕਿ ਪੇਂਡੂ ਚੌਕੀਦਾਰ ਸਮਾਜ ਦੀ ਸੁਰੱਖਿਆ ਅਤੇ ਭਰੋਸੇ ਦੇ ਅਸਲ ਪਹਿਰੇਦਾਰ ਹਨ। ਹਰਿਆਣਾ ਵਿੱਚ 5,201 ਅਸਾਮੀਆਂ ‘ਤੇ ਤਾਇਨਾਤ ਚੌਕੀਦਾਰ ਪਿੰਡਾਂ ਵਿੱਚ ਹੋਣ ਵਾਲੀਆਂ ਮੌਤਾਂ ਦਾ ਰਿਕਾਰਡ ਪਰਿਵਾਰ ਪਹਿਚਾਣ ਪੱਤਰ ਪੋਰਟਲ ‘ਤੇ ਆਨਲਾਈਨ ਦਰਜ ਕਰ ਰਹੇ ਹਨ। ਇਸ ਤਰ੍ਹਾਂ ਉਹ ਸਰਕਾਰੀ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਰਚ 2019 ਵਿੱਚ ‘ਮੈਂ ਵੀ ਚੌਕੀਦਾਰ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਨੇ ਦੇਸ਼ ਦੀ ਰਾਜਨੀਤੀ ਅਤੇ ਸਮਾਜਿਕ ਸੋਚ ਨੂੰ ਨਵੀਂ ਦਿਸ਼ਾ ਦਿੱਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਚੌਕੀਦਾਰਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਹਿੱਤ ਵਿੱਚ ਲਗਾਤਾਰ ਫੈਸਲੇ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2018 ਵਿੱਚ ਚੌਕੀਦਾਰਾਂ ਦਾ ਮਾਣਭੱਤਾ 3,500 ਰੁਪਏ ਤੋਂ ਵਧਾ ਕੇ 7,000 ਰੁਪਏ ਕੀਤਾ ਗਿਆ ਸੀ। ਇਸ ਤੋਂ ਬਾਅਦ ਫਰਵਰੀ 2024 ਵਿੱਚ ਇਸ ਨੂੰ ਵਧਾ ਕੇ 11,000 ਰੁਪਏ ਮਹੀਨਾ ਕਰ ਦਿੱਤਾ ਗਿਆ। ਸਰਕਾਰ ਨੇ ਚੌਕੀਦਾਰਾਂ ਨੂੰ ਗ੍ਰਹਿ ਵਿਭਾਗ ਤੋਂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ EPF ਦੀ ਸਹੂਲਤ ਵੀ ਦਿੱਤੀ। ਇਸ ਤੋਂ ਇਲਾਵਾ ਸੇਵਾਮੁਕਤੀ ਸਮੇਂ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਭੱਤਿਆਂ ਵਿੱਚ ਵੀ ਕੀਤਾ ਵਾਧਾ
ਹਰਪਾਲ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਐਲਾਨ ਅਨੁਸਾਰ ਹੁਣ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣਭੱਤਾ ਕਿਰਤ ਵਿਭਾਗ ਵੱਲੋਂ ਅਕੁਸ਼ਲ ਕਾਮਿਆਂ ਲਈ ਨਿਰਧਾਰਤ ਘੱਟੋ-ਘੱਟ ਮਜ਼ਦੂਰੀ ਦੇ ਬਰਾਬਰ ਹੋਵੇਗਾ। ਇਸ ਨੂੰ 11,000 ਰੁਪਏ ਤੋਂ ਵਧਾ ਕੇ 15,221 ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਾਲਾਨਾ ਵਰਦੀ ਭੱਤਾ 4,000 ਰੁਪਏ ਤੋਂ ਵਧਾ ਕੇ 5,000 ਰੁਪਏ, ਲਾਠੀ, ਬੈਟਰੀ, ਸੀਟੀ ਅਤੇ ਛਤਰੀ ਲਈ ਸਾਲਾਨਾ ਭੱਤਾ 1,000 ਰੁਪਏ ਤੋਂ ਵਧਾ ਕੇ 1,500 ਰੁਪਏ ਅਤੇ ਸਾਈਕਲ ਭੱਤਾ 3,500 ਰੁਪਏ ਤੋਂ ਵਧਾ ਕੇ 5,000 ਰੁਪਏ ਕਰ ਦਿੱਤਾ ਗਿਆ ਹੈ।
ਹਰਿਆਣਾ ਦੇ 52 ਲੱਖ ਲੋਕਾਂ ਦੇ ਖਾਤਿਆਂ ਵਿੱਚ 4,470.77 ਕਰੋੜ ਰੁਪਏ ਟਰਾਂਸਫਰ
ਹਰਿਆਣਾ ਸਰਕਾਰ ਨੇ ਸੂਬੇ ਦੇ ਲਗਭਗ 52 ਲੱਖ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਵੱਖ-ਵੱਖ 21 ਸਮਾਜਿਕ ਭਲਾਈ ਯੋਜਨਾਵਾਂ ਤਹਿਤ ਕੁੱਲ 4,470 ਕਰੋੜ 77 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਬੇਸਹਾਰਾ ਲੋਕਾਂ ਲਈ ਪੈਨਸ਼ਨ ਸਮੇਤ ਹੋਰ ਭਲਾਈ ਯੋਜਨਾਵਾਂ ਦੀ ਰਕਮ ਸ਼ਾਮਲ ਹੈ। ਇਸ ਤੋਂ ਇਲਾਵਾ ‘ਲਾਡੋ ਲਕਸ਼ਮੀ ਯੋਜਨਾ’ ਤਹਿਤ 10 ਲੱਖ 59 ਹਜ਼ਾਰ ਮਹਿਲਾਵਾਂ ਦੇ ਖਾਤਿਆਂ ਵਿੱਚ ਵੀ ਪੈਸੇ ਭੇਜੇ ਗਏ ਹਨ। ਇਸ ਯੋਜਨਾ ਅਧੀਨ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2,100 ਰੁਪਏ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਹ ਸਾਰੀ ਰਕਮ ਆਨਲਾਈਨ ਮਾਧਿਅਮ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ। ਆਮ ਤੌਰ ‘ਤੇ ਇਨ੍ਹਾਂ ਯੋਜਨਾਵਾਂ ਦੀ ਰਕਮ ਹਰ ਮਹੀਨੇ ਦੀ 10 ਤਰੀਕ ਨੂੰ ਜਾਰੀ ਕੀਤੀ ਜਾਂਦੀ ਹੈ, ਪਰ ਇਸ ਵਾਰ ਚਾਰ ਦਿਨ ਪਹਿਲਾਂ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਸੇ ਪਹੁੰਚਾ ਦਿੱਤੇ ਗਏ।
