Homeਹਰਿਆਣਾਸੰਵਿਧਾਨ ਦੀ ਮੂਲ ਭਾਵਨਾ ‘ਅਸੀਂ ਭਾਰਤ ਦੇ ਲੋਕ’ ਵਿੱਚ ਸਮਾਈ ਹੋਈ ਹੈ,...

ਸੰਵਿਧਾਨ ਦੀ ਮੂਲ ਭਾਵਨਾ ‘ਅਸੀਂ ਭਾਰਤ ਦੇ ਲੋਕ’ ਵਿੱਚ ਸਮਾਈ ਹੋਈ ਹੈ, ਲੋਕਤੰਤਰ ਵਿੱਚ ਸਰਵਉੱਚ ਤਾਕਤ ਜਨਤਾ ਦੇ ਹੱਥਾਂ ਵਿੱਚ ਹੈ: ਊਰਜਾ ਮੰਤਰੀ ਅਨਿਲ ਵਿਜ

Anil Vij Says People Are the Supreme Power in Democracy, Highlights Constitutional Values and Dr. Ambedkar’s Contribution on Constitution Day.

ਸੰਵਿਧਾਨ ਦਿਵਸ ਮੌਕੇ ਅਨਿਲ ਵਿਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ; ਕਿਹਾ—ਇਹ ਦਿਨ ਸੰਵਿਧਾਨ ਦੇ ਮੁੱਲਾਂ, ਅਧਿਕਾਰਾਂ ਅਤੇ ਫਰਜ਼ਾਂ ’ਤੇ ਵਿਚਾਰ ਕਰਨ ਦਾ ਮੌਕਾ ਹੈ

ਹਰਿਆਣਾ, 27 ਨਵੰਬਰ 2026 (ਸੰਜੀਵ ਸ਼ਰਮਾ): ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਸੰਵਿਧਾਨ ਦਿਵਸ ਮੌਕੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ‘ਅਸੀਂ ਭਾਰਤ ਦੇ ਲੋਕ’ ਵਿੱਚ ਸਮਾਈ ਹੋਈ ਹੈ ਅਤੇ ਲੋਕਤੰਤਰ ਵਿੱਚ ਸਭ ਤੋਂ ਵੱਡੀ ਤਾਕਤ ਜਨਤਾ ਦੇ ਹੱਥਾਂ ਵਿੱਚ ਹੁੰਦੀ ਹੈ। ਉਨ੍ਹਾਂ ਨੇ ਸੰਵਿਧਾਨ ਦਿਵਸ ਮਨਾਉਣ ਦੀ ਪਹਿਲ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਿਨ ਸਾਨੂੰ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ, ਨਾਗਰਿਕਾਂ ਦੇ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਵਿਚਾਰ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਸ੍ਰੀ ਵਿਜ ਨੇ ਕਿਹਾ ਕਿ ਵੱਖ-ਵੱਖ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਸੱਭਿਆਚਾਰਾਂ ਵਾਲਾ ਭਾਰਤ ਆਪਣੀਆਂ ਵਿਭਿੰਨਤਾਵਾਂ ਦੇ ਬਾਵਜੂਦ ਇਕਜੁੱਟ ਹੈ ਅਤੇ ‘ਅਨੇਕਤਾ ਵਿੱਚ ਏਕਤਾ’ ਹੀ ਸਾਡੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਸੰਵਿਧਾਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਨਤਾ ਨੂੰ ਮਜ਼ਬੂਤ ਆਧਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਵਿਕਾਸ ਯਾਤਰਾ ਵੀ ਸੂਬੇ ਦੇ ਮਿਹਨਤੀ ਕਿਸਾਨਾਂ, ਪ੍ਰਤਿਭਾਸ਼ਾਲੀ ਨੌਜਵਾਨਾਂ, ਅਧਿਆਪਕਾਂ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨਿਕ ਪ੍ਰਣਾਲੀ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਸ੍ਰੀ ਵਿਜ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ 26 ਨਵੰਬਰ, 1949 ਨੂੰ ਦੇਸ਼ ਨੇ ਸੰਵਿਧਾਨ ਨੂੰ ਅਪਣਾਇਆ ਸੀ। ਉਨ੍ਹਾਂ ਨੇ ਸੰਵਿਧਾਨ ਦਿਵਸ ਮਨਾਉਣ ਦੀ ਪਹਿਲ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਾਲ 2015 ਵਿੱਚ ਪ੍ਰਧਾਨ ਮੰਤਰੀ ਨੇ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਇਸ ਦਿਨ ਦਾ ਉਦੇਸ਼ ਸੰਵਿਧਾਨ ਪ੍ਰਤੀ ਸਾਡੀਆਂ ਭਾਵਨਾਵਾਂ, ਇਸ ਵਿੱਚ ਸ਼ਾਮਲ ਕਦਰਾਂ-ਕੀਮਤਾਂ ਅਤੇ ਨਾਗਰਿਕਾਂ ਨੂੰ ਮਿਲੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਵਿਚਾਰ ਕਰਨਾ ਹੈ। ਸ੍ਰੀ ਵਿਜ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਭਾਰਤ ਦੀ ਵਿਸ਼ੇਸ਼ਤਾ ਸਿਰਫ਼ ਇਸ ਦੀ ਵੱਡੀ ਆਬਾਦੀ ਹੀ ਨਹੀਂ, ਸਗੋਂ ਇਸ ਦੀ ਵਿਭਿੰਨਤਾ ਵੀ ਹੈ। ਇੱਥੇ ਵੱਖ-ਵੱਖ ਧਰਮਾਂ, ਜਾਤਾਂ, ਭਾਸ਼ਾਵਾਂ ਅਤੇ ਖੇਤਰਾਂ ਦੇ ਲੋਕ ਰਹਿੰਦੇ ਹਨ। ਇੰਨੀਆਂ ਵਿਭਿੰਨਤਾਵਾਂ ਦੇ ਬਾਵਜੂਦ ਅਨੇਕਤਾ ਵਿੱਚ ਏਕਤਾ ਹੀ ਭਾਰਤ ਦੀ ਸਭ ਤੋਂ ਵੱਡੀ ਪਛਾਣ ਹੈ। ਇਸ ਏਕਤਾ ਨੂੰ ਕਾਇਮ ਰੱਖਣ, ਦੇਸ਼ ਨੂੰ ਮਜ਼ਬੂਤ ਕਾਨੂੰਨੀ ਅਤੇ ਲੋਕਤੰਤਰੀ ਢਾਂਚੇ ਵਿੱਚ ਬੰਨ੍ਹਣ ਅਤੇ ਸਾਰੇ ਨਾਗਰਿਕਾਂ ਨੂੰ ਬਰਾਬਰ ਮੌਕੇ ਦੇਣ ਦੇ ਉਦੇਸ਼ ਨਾਲ ਸੰਵਿਧਾਨ ਦਾ ਨਿਰਮਾਣ ਕੀਤਾ ਗਿਆ ਸੀ। ਸੰਵਿਧਾਨ ਨੇ ਇਹ ਯਕੀਨੀ ਬਣਾਇਆ ਕਿ ਦੇਸ਼ ਇਕਜੁੱਟ ਰਹੇ, ਮਜ਼ਬੂਤ ਬਣੇ ਅਤੇ ਲਗਾਤਾਰ ਤਰੱਕੀ ਕਰਦਾ ਰਹੇ।

‘ਅਸੀਂ ਭਾਰਤ ਦੇ ਲੋਕ’ ਹੀ ਸੰਵਿਧਾਨ ਦੀ ਆਤਮਾ: ਵਿਜ

ਊਰਜਾ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਦੇ ਸ਼ੁਰੂਆਤੀ ਸ਼ਬਦ ‘ਅਸੀਂ ਭਾਰਤ ਦੇ ਲੋਕ’ ਇਸ ਦੀ ਮੂਲ ਭਾਵਨਾ ਨੂੰ ਸਭ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲੋਕਤੰਤਰ ਵਿੱਚ ਕੋਈ ਵੀ ਵਿਅਕਤੀ ਜਨਤਾ ਤੋਂ ਵੱਡਾ ਨਹੀਂ ਹੈ—ਨਾ ਪ੍ਰਧਾਨ ਮੰਤਰੀ, ਨਾ ਮੁੱਖ ਮੰਤਰੀ ਅਤੇ ਨਾ ਹੀ ਕੋਈ ਮੰਤਰੀ। ਜਨਪ੍ਰਤੀਨਿਧੀਆਂ ਅਤੇ ਸਰਕਾਰਾਂ ਨੂੰ ਮਿਲਣ ਵਾਲੀ ਤਾਕਤ ਦਾ ਅਸਲ ਸਰੋਤ ਜਨਤਾ ਹੈ। ਲੋਕਾਂ ਵੱਲੋਂ ਦਿੱਤੇ ਗਏ ਫਤਵੇ ਦੇ ਆਧਾਰ ’ਤੇ ਹੀ ਨੀਤੀਆਂ ਬਣਾਈਆਂ ਜਾਂਦੀਆਂ ਹਨ ਅਤੇ ਸਰਕਾਰਾਂ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਸਰਕਾਰ ਜਨਤਾ ਦੀਆਂ ਉਮੀਦਾਂ ਅਨੁਸਾਰ ਕੰਮ ਨਹੀਂ ਕਰਦੀ ਤਾਂ ਲੋਕ ਲੋਕਤੰਤਰੀ ਪ੍ਰਕਿਰਿਆ ਰਾਹੀਂ ਉਸ ਨੂੰ ਬਦਲ ਵੀ ਸਕਦੇ ਹਨ। ਸੰਵਿਧਾਨ ਨੇ ਸੱਤਾ ਕਿਸੇ ਇੱਕ ਵਿਅਕਤੀ ਦੇ ਹੱਥਾਂ ਵਿੱਚ ਨਹੀਂ ਸੌਂਪੀ, ਸਗੋਂ ਲੋਕਤੰਤਰ ਦੀ ਅਸਲ ਤਾਕਤ ਜਨਤਾ ਵਿੱਚ ਨਿਹਿਤ ਕੀਤੀ ਹੈ।

ਐਮਰਜੈਂਸੀ ਦਾ ਜ਼ਿਕਰ ਕਰਦਿਆਂ ਵਿਜ ਨੇ ਲੋਕਤੰਤਰੀ ਅਧਿਕਾਰਾਂ ਦੀ ਰੱਖਿਆ ’ਤੇ ਦਿੱਤਾ ਜ਼ੋਰ

ਸ੍ਰੀ ਵਿਜ ਨੇ ਕਿਹਾ ਕਿ ਸੰਵਿਧਾਨ ਦਿਵਸ ਸਿਰਫ਼ ਪ੍ਰਾਪਤੀਆਂ ਨੂੰ ਯਾਦ ਕਰਨ ਦਾ ਮੌਕਾ ਨਹੀਂ, ਸਗੋਂ ਇਹ ਆਤਮ-ਚਿੰਤਨ ਕਰਨ ਦਾ ਦਿਨ ਵੀ ਹੈ ਕਿ ਅਤੀਤ ਵਿੱਚ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਨਾਲ ਜੋ ਕੁਝ ਹੋਇਆ, ਉਸ ਦੀ ਮੁੜ ਕਦੇ ਦੁਹਰਾਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸਾਲ 1975 ਵਿੱਚ ਲਗਾਈ ਗਈ ਐਮਰਜੈਂਸੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਨਾਗਰਿਕਾਂ ਦੇ ਅਧਿਕਾਰਾਂ ’ਤੇ ਪਾਬੰਦੀਆਂ ਲਗਾਈਆਂ ਗਈਆਂ, ਪ੍ਰੈੱਸ ’ਤੇ ਸੈਂਸਰਸ਼ਿਪ ਲਾਗੂ ਕੀਤੀ ਗਈ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਸ ਦੌਰ ਵਿੱਚ ਲੋਕਾਂ ਲਈ ਆਪਣੀ ਗੱਲ ਰੱਖਣਾ ਵੀ ਮੁਸ਼ਕਲ ਹੋ ਗਿਆ ਸੀ ਅਤੇ ਲੋਕਾਂ ਦੀ ਆਜ਼ਾਦੀ ’ਤੇ ਪਹਿਰਾ ਲਗਾ ਦਿੱਤਾ ਗਿਆ ਸੀ। ਸ੍ਰੀ ਵਿਜ ਨੇ ਕਿਹਾ ਕਿ ਤਤਕਾਲੀ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਅਨੁਸਾਰ ਸੰਵਿਧਾਨ ਵਿੱਚ ਸੋਧਾਂ ਕਰਕੇ ਲੋਕਤੰਤਰੀ ਪ੍ਰਣਾਲੀ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਸੰਵਿਧਾਨ ਦੀ 42ਵੀਂ ਸੋਧ ਦਾ ਜ਼ਿਕਰ ਕਰਦਿਆਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਸੋਧ ਰਾਹੀਂ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ‘ਸਮਾਜਵਾਦੀ’ ਅਤੇ ‘ਧਰਮ ਨਿਰਪੱਖ’ ਸ਼ਬਦ ਸ਼ਾਮਲ ਕੀਤੇ, ਜੋ ਮੂਲ ਰੂਪ ਵਿੱਚ ਇਸ ਵਿੱਚ ਸ਼ਾਮਲ ਨਹੀਂ ਸਨ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਸੈਸ਼ਨ ਅਜਿਹੇ ਸਮੇਂ ਬੁਲਾਇਆ ਗਿਆ ਸੀ, ਜਦੋਂ ਲੋਕ ਖੁੱਲ੍ਹ ਕੇ ਸਾਹ ਵੀ ਨਹੀਂ ਲੈ ਸਕਦੇ ਸਨ। ਉਨ੍ਹਾਂ ਕਿਹਾ ਕਿ ਅਸੀਂ ਉਹ ਸਮਾਂ ਦੇਖਿਆ ਹੈ, ਇਸ ਲਈ ਦੁੱਖ ਹੁੰਦਾ ਹੈ ਅਤੇ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਸਮਾਨਤਾ ਅਤੇ ਧਾਰਮਿਕ ਆਜ਼ਾਦੀ ਨਾਲ ਸਬੰਧਤ ਅਧਿਕਾਰ ਪਹਿਲਾਂ ਹੀ ਧਾਰਾ 14, 15, 24, 25 ਅਤੇ ਹੋਰ ਵਿਵਸਥਾਵਾਂ ਰਾਹੀਂ ਯਕੀਨੀ ਬਣਾਏ ਗਏ ਸਨ। ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਅੱਜ ਸੰਵਿਧਾਨ ਦੀ ਗੱਲ ਕਰਨ ਵਾਲੇ ਲੋਕਾਂ ਦੇ ਕਾਰਜਕਾਲ ਦੌਰਾਨ 90 ਵਾਰ ਧਾਰਾ 356 ਲਾਗੂ ਕਰਕੇ ਦੇਸ਼ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਬਰਖਾਸਤ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਚੋਣ ਪ੍ਰਕਿਰਿਆ ਵਿੱਚ ਵੀ ਸੋਧਾਂ ਕੀਤੀਆਂ ਗਈਆਂ ਅਤੇ ਇੰਦਰਾ ਗਾਂਧੀ ਦੀ ਚੋਣ ਨਾਲ ਜੁੜੇ ਮਾਮਲੇ ਵਿੱਚ ਵੀ ਬਦਲਾਅ ਕੀਤੇ ਗਏ ਸਨ। ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਸੰਵਿਧਾਨ ਨੂੰ ਖ਼ਤਰੇ ਵਿੱਚ ਦੱਸਣ ਵਾਲੇ ਲੋਕ ਇਹ ਵੀ ਦੱਸਣ ਕਿ ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਅਸਲ ਨੁਕਸਾਨ ਕਿਸ ਨੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਦੇਸ਼ ਨੇ ਉਹ ਦੌਰ ਵੀ ਦੇਖਿਆ ਹੈ, ਜਦੋਂ ਐਮਰਜੈਂਸੀ ਦੌਰਾਨ ਲੋਕਤੰਤਰੀ ਅਧਿਕਾਰਾਂ ਦਾ ਘਾਣ ਹੋਇਆ, ਨਾਗਰਿਕਾਂ ਦੀ ਆਵਾਜ਼ ਦਬਾਈ ਗਈ ਅਤੇ ਸੰਵਿਧਾਨ ਦੀ ਮੂਲ ਭਾਵਨਾ ਨੂੰ ਠੇਸ ਪਹੁੰਚਾਈ ਗਈ।

ਉਨ੍ਹਾਂ ਕਿਹਾ, “ਅੱਜ ਕੁਝ ਲੋਕ ਹੱਥਾਂ ਵਿੱਚ ਲਾਲ ਕਿਤਾਬ ਲੈ ਕੇ ਘੁੰਮਦੇ ਹਨ ਅਤੇ ਸੰਵਿਧਾਨ ਦੀ ਰੱਖਿਆ ਕਰਨ ਦੀ ਗੱਲ ਕਰਦੇ ਹਨ, ਪਰ ਦੇਸ਼ ਇਹ ਵੀ ਜਾਣਨਾ ਚਾਹੁੰਦਾ ਹੈ ਕਿ ਸੰਵਿਧਾਨ ਨੂੰ ਲਹੂ-ਲੁਹਾਨ ਕਿਸ ਨੇ ਕੀਤਾ ਅਤੇ ਲੋਕਤੰਤਰ ਦੀ ਲਕਸ਼ਮਣ ਰੇਖਾ ਦੀ ਉਲੰਘਣਾ ਕਿਸ ਨੇ ਕੀਤੀ। ਐਮਰਜੈਂਸੀ ਦੌਰਾਨ ਸਿਆਸੀ ਪਾਰਟੀਆਂ ਦੇ ਲੋਕਾਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਉਸ ਸਮੇਂ ਡੇਢ ਲੱਖ ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਸੀ।” ਉਨ੍ਹਾਂ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਸਿਰਫ਼ ਸੰਵਿਧਾਨ ਦੀਆਂ ਗੱਲਾਂ ਕਰਨ ਦਾ ਹੀ ਨਹੀਂ, ਸਗੋਂ ਅਤੀਤ ਵਿੱਚ ਇਸ ਨਾਲ ਹੋਈ ਛੇੜਛਾੜ ਨੂੰ ਯਾਦ ਰੱਖਣ ਅਤੇ ਇਹ ਸੰਕਲਪ ਲੈਣ ਦਾ ਮੌਕਾ ਵੀ ਦਿੰਦਾ ਹੈ ਕਿ ਅਸੀਂ ਮਰ ਜਾਵਾਂਗੇ ਅਤੇ ਮਿਟ ਜਾਵਾਂਗੇ, ਪਰ ਦੇਸ਼ ਵਿੱਚ ਅਜਿਹਾ ਸਮਾਂ ਮੁੜ ਕਦੇ ਨਹੀਂ ਆਉਣ ਦੇਵਾਂਗੇ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਦੀ ਮਰਿਆਦਾ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਵਿਜ ਨੇ ਡਾ. ਅੰਬੇਡਕਰ ਦੇ ਯੋਗਦਾਨ ਨੂੰ ਕੀਤਾ ਯਾਦ

ਊਰਜਾ ਮੰਤਰੀ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਜਿਸ ਮਹਾਨ ਸ਼ਖ਼ਸੀਅਤ ਵੱਲੋਂ ਬਣਾਏ ਗਏ ਸੰਵਿਧਾਨ ਦੇ ਆਧਾਰ ’ਤੇ ਅੱਜ ਦੇਸ਼ ਦੀ ਸੰਸਦ ਅਤੇ ਵਿਧਾਨ ਸਭਾਵਾਂ ਚੱਲ ਰਹੀਆਂ ਹਨ, ਉਨ੍ਹਾਂ ਦੇ ਸਨਮਾਨ ਲਈ ਵੀ ਲੰਬੇ ਸਮੇਂ ਤੱਕ ਲੋੜੀਂਦੇ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੂੰ ਭਾਰਤ ਰਤਨ ਭਾਰਤੀ ਜਨਤਾ ਪਾਰਟੀ ਦੀ ਹਮਾਇਤ ਵਾਲੀ ਸਰਕਾਰ ਨੇ ਦਿੱਤਾ ਸੀ ਅਤੇ ਇਹ ਸਨਮਾਨ ਉਨ੍ਹਾਂ ਦੇ ਦੇਹਾਂਤ ਤੋਂ ਕਈ ਦਹਾਕਿਆਂ ਬਾਅਦ ਪ੍ਰਦਾਨ ਕੀਤਾ ਗਿਆ। ਸੰਸਦ ਭਵਨ ਵਿੱਚ ਵੀ ਉਨ੍ਹਾਂ ਦੀ ਤਸਵੀਰ ਕਾਫ਼ੀ ਸਮੇਂ ਬਾਅਦ ਲਗਾਈ ਗਈ ਸੀ।

ਸ੍ਰੀ ਵਿਜ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਕਾਂਗਰਸ ਦੇ ਕਈ ਆਗੂ ਇਸੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਰਹੇ ਹਨ, ਪਰ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਸਥਾਪਿਤ ਕਰਨ ਦਾ ਕੰਮ ਭਾਜਪਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਕਾਰਜਕਾਲ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਲ 1966 ਵਿੱਚ ਹਰਿਆਣਾ ਦੇ ਗਠਨ ਤੋਂ ਬਾਅਦ ਕਾਂਗਰਸ ਦੇ ਕਈ ਮੁੱਖ ਮੰਤਰੀ ਰਹੇ ਅਤੇ ਉਹ ਸਾਰੇ ਇਸੇ ਵਿਧਾਨ ਸਭਾ ਦਾ ਹਿੱਸਾ ਸਨ, ਪਰ ਕਿਸੇ ਨੇ ਵੀ ਵਿਧਾਨ ਸਭਾ ਕੰਪਲੈਕਸ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਸਥਾਪਿਤ ਕਰਨ ਦੀ ਪਹਿਲ ਨਹੀਂ ਕੀਤੀ। ਸ੍ਰੀ ਵਿਜ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਅੱਜ ਸੰਵਿਧਾਨ ਅਤੇ ਬਾਬਾ ਸਾਹਿਬ ਦੇ ਸਨਮਾਨ ਦੀ ਗੱਲ ਕਰਨ ਵਾਲੇ ਲੋਕ ਦੱਸਣ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਇਹ ਕੰਮ ਕਰਨ ਤੋਂ ਕਿਸ ਨੇ ਰੋਕਿਆ ਸੀ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਅਤੇ ਉਨ੍ਹਾਂ ਦੇ ਵਿਚਾਰਾਂ ਦਾ ਸਨਮਾਨ ਸਿਰਫ਼ ਸ਼ਬਦਾਂ ਨਾਲ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾ ਕੇ ਅਤੇ ਸੰਵਿਧਾਨ ਦੀ ਭਾਵਨਾ ਅਨੁਸਾਰ ਕੰਮ ਕਰਕੇ ਕੀਤਾ ਜਾਣਾ ਚਾਹੀਦਾ ਹੈ।

ਹਰਿਆਣਾ ਦੀ ਤਰੱਕੀ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਅਧਿਆਪਕਾਂ ਦਾ ਅਹਿਮ ਯੋਗਦਾਨ

ਹਰਿਆਣਾ ਦੀ ਹੀਰਕ ਜਯੰਤੀ ਅਤੇ ਸੂਬੇ ਦੀ ਵਿਕਾਸ ਯਾਤਰਾ ਦਾ ਜ਼ਿਕਰ ਕਰਦਿਆਂ ਸ੍ਰੀ ਵਿਜ ਨੇ ਕਿਹਾ ਕਿ ਪੰਜਾਬ ਤੋਂ ਵੱਖ ਹੋ ਕੇ 1 ਨਵੰਬਰ, 1966 ਨੂੰ ਹਰਿਆਣਾ ਦੇ ਗਠਨ ਤੋਂ ਬਾਅਦ ਸੂਬੇ ਨੇ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਕਾਸ ਦਾ ਸਿਹਰਾ ਸੂਬੇ ਦੇ ਮਿਹਨਤੀ ਕਿਸਾਨਾਂ, ਨੌਜਵਾਨਾਂ, ਅਧਿਆਪਕਾਂ, ਪ੍ਰੋਫੈਸਰਾਂ ਅਤੇ ਸੂਬੇ ਦੀ ਕਾਰਜਪ੍ਰਣਾਲੀ ਤੇ ਪ੍ਰਸ਼ਾਸਨਿਕ ਵਿਵਸਥਾ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰੱਕੀ ਕਿਸੇ ਇੱਕ ਵਿਅਕਤੀ ਜਾਂ ਵਰਗ ਦੇ ਯਤਨਾਂ ਦਾ ਨਤੀਜਾ ਨਹੀਂ, ਸਗੋਂ ਸੂਬੇ ਦੇ ਸਾਰੇ ਲੋਕਾਂ ਦੀ ਸਾਂਝੀ ਮਿਹਨਤ ਦਾ ਫਲ ਹੈ। ਸ੍ਰੀ ਵਿਜ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਲਗਾਤਾਰ ਹਰਿਆਣਾ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਉਸ ਦੇ ਸਾਰੇ ਸਹਿਯੋਗੀ ਹਰਿਆਣਾ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments