Home ਪਟਿਆਲਾ ਅਪਡੇਟ ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ 

ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ 

Patiala's Cooperation Department plays a crucial role in promoting sustainable stubble management and supporting farmers in preventing crop residue burning.

0
ਪਟਿਆਲਾ, 4 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) :  ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰਤਾ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਉਣ ਲਈ ਜ਼ਿਲ੍ਹੇ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਇਸ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਇਸ ਦੇ ਬਦਲਵੇਂ ਪ੍ਰਬੰਧਾਂ ਦੀਆਂ ਸਹੂਲਤਾਂ ਵੀ ਉਨ੍ਹਾਂ ਤੱਕ ਪਹੁੰਚਾਈਆਂ ਜਾ ਸਕਣ।
ਇਹ ਜਾਣਕਾਰੀ ਦਿੰਦਿਆਂ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸਭਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕਰਨ ਲਈ ਮਤੇ ਪਾਸ ਕੀਤੇ ਜਾ ਰਹੇ ਹਨ। ਸਹਿਕਾਰਤਾ ਵਿਭਾਗ ਵੱਲੋਂ ਕਿਸਾਨਾਂ ਦੀ ਸਭ ਤੋਂ ਵੱਡੀ ਲੋੜ, ਭਾਵ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਸੁਪਰ ਸੀਡਰ, ਬੇਲਰ ਅਤੇ ਹੋਰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਸੂਚੀ ਤਿਆਰ ਕਰਕੇ ਸਭਾਵਾਂ ਵਿੱਚ ਫਲੈਕਸ ਬੋਰਡ ਲਗਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਆਪਣੇ ਨੇੜੇ ਉਪਲਬਧ ਮਸ਼ੀਨਰੀ ਅਤੇ ਸਹੂਲਤਾਂ ਬਾਰੇ ਆਸਾਨੀ ਨਾਲ ਜਾਣਕਾਰੀ ਮਿਲ ਸਕੇ।  ਮਸ਼ੀਨਰੀ ਕਿਸਾਨਾਂ ਨੂੰ ਪਹਿਲਾਂ ਆਉ ਤੇ ਪਹਿਲਾਂ ਪਾਉ ਦੇ ਆਧਾਰ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਬਿਨਾਂ ਕਿਰਾਏ ਤੋਂ ਸੀਆਰਐਮ ਮਸ਼ੀਨਰੀ ਦੀ ਸਹੂਲਤ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਸ਼ੀਨਰੀ ਦੀ ਰੋਜ਼ਾਨਾ ਵਰਤੋਂ ਦੀ ਨਿਗਰਾਨੀ ਅਤੇ ਸਬੰਧਤ ਪੋਰਟਲ ’ਤੇ ਰਿਪੋਰਟਿੰਗ ਵੀ ਕੀਤੀ ਜਾ ਰਹੀ ਹੈ।
ਇਸ ਸਮੁੱਚੀ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਸਮੂਹ ਸਹਾਇਕ ਰਜਿਸਟਰਾਰਾਂ ਅਤੇ ਫੀਲਡ ਸਟਾਫ਼ ਨੂੰ ਸਰਗਰਮ ਕੀਤਾ ਗਿਆ ਹੈ। ਸਹਾਇਕ ਰਜਿਸਟਰਾਰਾਂ ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਦਾ ਦੌਰਾ ਕਰਕੇ ਜਾਗਰੂਕਤਾ ਗਤੀਵਿਧੀਆਂ, ਮਸ਼ੀਨਰੀ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਰੱਖਦੀਆਂ ਹਨ ਅਤੇ ਇਸ ਕਰਕੇ ਪਰਾਲੀ ਪ੍ਰਬੰਧਨ ਦੀ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਇਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਭਾਗ ਦਾ ਉਦੇਸ਼ ਸਿਰਫ਼ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਨਾਲ ਜੋੜਨਾ ਵੀ ਹੈ। ਸੰਗਰਾਮ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਮਸ਼ੀਨਰੀ ਅਤੇ ਸਹਿਕਾਰੀ ਸਭਾਵਾਂ ਰਾਹੀਂ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਆਪਣਾ ਸਹਿਯੋਗ ਦੇਣ।

Exit mobile version