ਲਹਿਰਾਗਾਗਾ/ਸੰਗਰੂਰ , 4 ਸਤੰਬਰ, 2026 (ਦੀਪਕ ਦੱਤਾ) : ਲਹਿਰਾਗਾਗਾ ਸ਼ਹਿਰ ਨੂੰ ਹਰਿਆ-ਭਰਿਆ, ਸੁੰਦਰ ਅਤੇ ਵਾਤਾਵਰਣ ਪੱਖੋਂ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਐੱਸ.ਡੀ.ਐੱਮ. ਰਾਜੇਸ਼ ਪ੍ਰਕਾਸ਼ ਗਰਗ ਦੀ ਅਗਵਾਈ ਹੇਠ ਥਾਣਾ ਰੋਡ, ਲਹਿਰਾਗਾਗਾ ਵਿਖੇ 100 ਪਾਮ ਦੇ ਬੂਟੇ ਲਗਾਏ ਗਏ। ਇਸ ਮੌਕੇ ਐੱਸ.ਡੀ.ਐੱਮ. ਰਾਜੇਸ਼ ਪ੍ਰਕਾਸ਼ ਗਰਗ ਨੇ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨਾ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਨੂੰ ਸਾਫ਼ ਹਵਾ, ਛਾਂ ਅਤੇ ਵਾਤਾਵਰਣ ਦਾ ਸੰਤੁਲਨ ਪ੍ਰਦਾਨ ਕਰਦੇ ਹਨ। ਇਸ ਲਈ ਸ਼ਹਿਰ ਵਿੱਚ ਹਰਿਆਲੀ ਵਧਾਉਣ ਦੇ ਨਾਲ-ਨਾਲ ਪਾਣੀ, ਹਵਾ, ਮਿੱਟੀ ਅਤੇ ਹੋਰ ਕੁਦਰਤੀ ਸਰੋਤਾਂ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਐੱਸ.ਡੀ.ਐੱਮ. ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ, ਖਾਲੀ ਥਾਵਾਂ ਅਤੇ ਜਨਤਕ ਸਥਾਨਾਂ ਨੇੜੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਕਰਨ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਪੌਦੇ ਤੋਂ ਰੁੱਖ ਬਣਾਉਣ ਤੱਕ ਸੰਭਾਲਣਾ ਵੀ ਸਾਡਾ ਫਰਜ਼ ਹੈ। ਉਨ੍ਹਾਂ ਆਓ, ਮਿਲ ਕੇ ਲਹਿਰਾਗਾਗਾ ਨੂੰ ਹਰਿਆ-ਭਰਿਆ, ਸੁੰਦਰ ਅਤੇ ਵਾਤਾਵਰਣ ਪੱਖੋਂ ਸਾਫ਼-ਸੁਥਰਾ ਸ਼ਹਿਰ ਬਣਾਈਏ।”ਦਾ ਹੋਕਾ ਦਿੰਦਿਆ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪਾਣੀ ਦੀ ਬੱਚਤ ਕਰਨ, ਪਲਾਸਟਿਕ ਦੀ ਵਰਤੋਂ ਘਟਾਉਣ, ਕੂੜਾ-ਕਰਕਟ ਇੱਧਰ-ਉੱਧਰ ਨਾ ਸੁੱਟਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵੀ ਲੋਕਾਂ ਨੂੰ ਸਰਗਰਮ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
