ਕੁਰੂਕਸ਼ੇਤਰ, 19 ਨਵੰਬਰ (ਸੰਜੀਵ ਸ਼ਰਮਾ): ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਵਿਕਾਸ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਘੂ ਸਕੱਤਰੇਤ ਦੇ ਸਭਾ ਹਾਲ ਵਿੱਚ ਹਰ ਸੋਮਵਾਰ ਅਤੇ ਵੀਰਵਾਰ ਨੂੰ ਹੱਲ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਏ ਜਾਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਇਨ੍ਹਾਂ ਕੈਂਪਾਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬਕਾਇਦਾ ਡਿਊਟੀ ਸ਼ਡਿਊਲ ਤਿਆਰ ਕੀਤਾ ਗਿਆ ਹੈ। ਇਸ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹੱਲ ਕੈਂਪਾਂ ਵਿੱਚ ਮੌਜੂਦ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਅਤੇ ਉਨ੍ਹਾਂ ਦਾ ਨਿਪਟਾਰਾ ਕਰਦੇ ਹਨ। ਵੀਰਵਾਰ ਨੂੰ ਲਘੂ ਸਕੱਤਰੇਤ ਦੇ ਸਭਾ ਹਾਲ ਵਿੱਚ ਲਗਾਏ ਗਏ ਹੱਲ ਕੈਂਪ ਦੌਰਾਨ ਡੀਡੀਪੀਓ ਵਿਕਾਸ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਕ੍ਰਿਡ (CREDA) ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਉਨ੍ਹਾਂ ਵਿੱਚੋਂ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਵਿਕਾਸ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੱਲ ਕੈਂਪਾਂ ਵਿੱਚ ਨਿਰਧਾਰਤ ਸਮੇਂ ’ਤੇ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਸਿਰਫ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦਾ ਢੁੱਕਵਾਂ ਨਿਪਟਾਰਾ ਕਰਨਾ ਵੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਇਹ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਜਦੋਂ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਹੱਲ ਕੈਂਪਾਂ ਵਿੱਚ ਪਹੁੰਚਣਗੇ ਅਤੇ ਸਬੰਧਤ ਅਧਿਕਾਰੀ ਉਨ੍ਹਾਂ ਦਾ ਹੱਲ ਕਰਨਗੇ, ਤਾਂ ਹੀ ਸਰਕਾਰ ਦੀ ਇਸ ਪਹਿਲ ਦਾ ਅਸਲ ਮਕਸਦ ਪੂਰਾ ਹੋਵੇਗਾ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।