ਫ਼ਤਿਹਗੜ੍ਹ ਸਾਹਿਬ, 17 ਨਵੰਬਰ 2026 (ਗੁਰਮੀਤ ਸਿੰਘ ਤੁੰਗ ) : ਧਾਰਮਿਕ ਆਜ਼ਾਦੀ, ਮਨੁੱਖੀ ਮਰਯਾਦਾ ਅਤੇ ਭਾਈਚਾਰਕ ਸਾਂਝ ਦਾ ਸਰਬ-ਵਿਆਪਕ ਸੰਦੇਸ਼ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅਕਾਦਮਿਕ ਅਤੇ ਅੰਤਰ-ਧਰਮ ਵਿਚਾਰ-ਗੋਸ਼ਟੀ ‘ਸ੍ਰਿਸ਼ਟੀ ਦੀ ਚਾਦਰ – ਸ੍ਰੀ ਗੁਰੂ ਤੇਗ ਬਹਾਦਰ ਜੀ’ ਕਰਵਾਈ ਗਈ। ਇਹ ਸਮਾਗਮ ਆਈ.ਐੱਚ.ਏ. ਫਾਊਂਡੇਸ਼ਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਅਤੇ ਆਈ.ਜੀ.ਐੱਨ.ਸੀ.ਏ., ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਧਰਮਾਂ ਨਾਲ ਸਬੰਧਤ ਉੱਘੇ ਅਕਾਦਮਿਕ ਅਤੇ ਧਾਰਮਿਕ ਆਗੂਆਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੀ ਸ਼ੁਰੂਆਤ ਅਰਦਾਸ ਅਤੇ ਯੂਨੀਵਰਸਿਟੀ ਧੁਨੀ ਨਾਲ ਹੋਈ, ਜਿਸ ਉਪਰੰਤ ਸਲੋਕ ਗਾਇਨ ਕੀਤਾ ਗਿਆ। ਡਾ. ਹਰਦੇਵ ਸਿੰਘ, ਡੀਨ, ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ। ਡਾ. ਸਤਨਾਮ ਸਿੰਘ ਆਹਲੂਵਾਲੀਆ ਨੇ ਇਸ ਕੌਮੀ ਉਪਰਾਲੇ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਸਾਹਿਬ ਦੇ ਸਰਬ-ਵਿਆਪਕ ਸੰਦੇਸ਼ ਨੂੰ ਧਾਰਮਿਕ ਅਤੇ ਭੂਗੋਲਿਕ ਹੱਦਾਂ ਤੋਂ ਪਾਰ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮੁੱਖ ਭਾਸ਼ਣ ਪ੍ਰੋ. ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਖ-ਵੱਖ ਸਿੱਖ ਸਰੋਤਾਂ ਦੇ ਹਵਾਲਿਆਂ ਨਾਲ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਨੇ ਦਿੱਲੀ ਦੀ ਤਤਕਾਲੀ ਹਕੂਮਤ ਦੇ ਜ਼ੁਲਮਾਂ ਖਿਲਾਫ ਧਰਮ ਦੀ ਆਜ਼ਾਦੀ ਲਈ ਸ਼ਹਾਦਤ ਦਿੱਤੀ
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਰੇਕ ਮਨੁੱਖ ਦੇ ਆਪਣੇ ਧਰਮ ਦੀ ਪਾਲਣਾ ਕਰਨ ਦੇ ਹੱਕ ਦੀ ਰਾਖੀ ਲਈ ਸ਼ਹਾਦਤ ਦਿੱਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਨੂੰ ਵੱਖ ਵੱਖ ਧਰਮਾਂ ਦਾ ਸਤਿਕਾਰ ਕਰਨ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਸੰਦੇਸ਼ ਦਿੰਦੀ ਹੈ। ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੁਰਬਾਣੀ ਦੇ ਅਹਿਮ ਸਿਧਾਂਤਾਂ ‘ਨਿਰਭਉ’ ਅਤੇ ‘ਨਿਰਵੈਰੁ’ ਦੀ ਵਿਆਖਿਆ ਕੀਤੀ। ਉਨ੍ਹਾਂ ਇਨ੍ਹਾਂ ਸਿਧਾਂਤਾਂ ਦੀ ਅਜੋਕੇ ਸਮੇਂ ਵਿੱਚ ਸਾਰਥਕਤਾ ਉਭਾਰਦਿਆਂ ਨਿਡਰਤਾ, ਨਿਰਵੈਰਤਾ ਅਤੇ ਮਨੁੱਖੀ ਸਾਂਝ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਇਨ੍ਹਾਂ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ।

ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਜ਼ੁਲਮ ਖਿਲਾਫ ਅਵਾਜ਼ ਬੁਲੰਦ ਕਰਨ ਅਤੇ ਧਰਮ ਦੇ ਮਾਰਗ ਤੇ ਚੱਲਣ ਦਾ ਸੰਕਲਪ ਲੈਣ ਦੀ ਲੋੜ ਹੈ। ਸਵਾਮੀ ਭੀਤਿਹਰਾਨੰਦ ਜੀ ਮਹਾਰਾਜ ਨੇ ਕਿਹਾ ਕਿ ਭਾਰਤ ਇੱਕ ਬਹੁਤ ਸੱਭਿਆਚਾਰੀ ਦੇਸ਼ ਹੈ ਅਤੇ ਸਾਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਹੈੱਡ ਗ੍ਰੰਥੀ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਭਾਈ ਗੁਰਜਿੰਦਰ ਸਿੰਘ ਨੇ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਵਿੱਚ ਤਿਆਗ ਦੀ ਭਾਵਨਾ ਤੋਂ ਸਬਕ ਲੈਣ ਦੀ ਲੋੜ ਹੈ। ਪ੍ਰੋ. ਪਰਮਵੀਰ ਸਿੰਘ, ਮੁਖੀ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਆਤਮ ਚਿੰਤਨ ਕਰਨ ਅਤੇ ਸੰਵਾਦ ਦਾ ਮਹੱਤਵ ਸਮਝਣ ਦੀ ਲੋੜ ਹੈ। ਵਿਚਾਰ-ਗੋਸ਼ਟੀ ਦਾ ਸੰਚਾਲਨ ਡਾ. ਜਸਪ੍ਰੀਤ ਕੌਰ, ਇੰਚਾਰਜ, ਇਤਿਹਾਸ ਵਿਭਾਗ ਨੇ ਕੀਤਾ। ਇਸ ਸਮਾਗਮ ਨੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਭਾਈਚਾਰਕ ਸਾਂਝ ਦੇ ਉਨ੍ਹਾਂ ਸਦੀਵੀ ਮੁੱਲਾਂ ਨੂੰ ਮੁੜ ਉਭਾਰਿਆ, ਜਿਨ੍ਹਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੀ ਸ਼ਹਾਦਤ ਦਿੱਤੀ ।






