ਦਿੱਲੀ ਵਿਖੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮੋਹਿੰਦਰਾ ਨੇ ਪੰਜਾਬ ਮਾਮਲਿਆਂ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ; ਦਿੱਤੀ ਵਧਾਈ
ਪਟਿਆਲਾ 11 ਸਤੰਬਰ 2026:
ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ, ਨਵੀਂ ਦਿੱਲੀ ਵਿਖੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਮੋਹਿੰਦਰਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਸਚਿਨ ਪਾਇਲਟ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਮਿਲੀ ਇਸ ਅਹਿਮ ਜ਼ਿੰਮੇਵਾਰੀ ਲਈ ਗੁਲਦਸਤਾ ਭੇਂਟ ਕਰਕੇ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਸੰਗਠਨਾਤਮਕ ਢਾਂਚੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਕਰਨ ਸਬੰਧੀ ਅਹਿਮ ਵਿਚਾਰ-ਵਟਾਂਦਰਾ ਹੋਇਆ।
ਸ਼੍ਰੀ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਸਚਿਨ ਪਾਇਲਟ ਇੱਕ ਨੌਜਵਾਨ, ਗਤੀਸ਼ੀਲ ਅਤੇ ਤਜ਼ਰਬੇਕਾਰ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪਾਰਟੀ ਦਾ ਹਰ ਵਰਕਰ ਇੱਕਜੁੱਟ ਹੋ ਕੇ ਕੰਮ ਕਰੇਗਾ ਅਤੇ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ, ਜਿਸ ਦੇ ਚੱਲਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
