Homeਪੰਜਾਬਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਝੋਨੇ ਅਤੇ ਬਾਸਮਤੀ ਦੇ ਕੀੜ੍ਹੇ-ਮਕੌੜਿਆਂ ਤੇ...

ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਝੋਨੇ ਅਤੇ ਬਾਸਮਤੀ ਦੇ ਕੀੜ੍ਹੇ-ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਅਤੇ ਖੁਰਾਕ ਸਬੰਧੀ ਪਿੰਡ ਲੌਂਗੋਵਾਲ ਵਿਖੇ ਲਗਾਇਆ ਬਲਾਕ ਪੱਧਰੀ ਸੈਮੀਨਾਰ

PAU Sangrur seminar at Longowal focuses on pest, disease and nutrient management in paddy and Basmati crops.

ਲੌਂਗੋਵਾਲ, 26 ਅਗਸਤ, 2026 (ਰਾਜੇਸ਼ ਕੁਮਾਰ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਾਗਰੂਕਤਾ ਕੈਂਪਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਲੌਂਗੋਵਾਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਫ਼ਸਲਾਂ ਵਿੱਚ ਕੀੜੇ-ਮਕੌੜੇ, ਬਿਮਾਰੀਆਂ ਅਤੇ ਖੁਰਾਕ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਕੈਂਪ ਵਿੱਚ ਨੇੜਲੇ ਕਈ ਪਿੰਡ ਜਿਵੇਂ ਕਿ ਢੱਡਰੀਆਂ, ਸਾਹੋਕੇ, ਰੱਤੋਕੇ, ਸਤੀਪੁਰਾ, ਢਿੱਲਵਾਂ, ਦਿਆਲਗੜ ਦੇ 100 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ।
ਕੈਂਪ ਦੌਰਾਨ ਕੇਂਦਰ ਦੇ ਇੰਚਾਰਜ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਆਉਣ ਵਾਲੇ ਮੁੱਖ ਕੀੜੇ-ਮਕੌੜਿਆਂ, ਜਿਵੇਂ ਤਣੇ ਦੇ ਗੰਢੂਏ ਅਤੇ ਪੱਤਾ ਲਪੇਟ ਸੁੰਡੀ, ਦੀ ਪਛਾਣ ਅਤੇ ਪ੍ਰਭਾਵਸ਼ਾਲੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਕੀਟਨਾਸ਼ਕਾਂ ਦਾ ਛਿੜਕਾਅ ਕੇਵਲ ਉਸ ਸਮੇਂ ਹੀ ਕੀਤਾ ਜਾਵੇ ਜਦੋਂ ਕੀੜੇ ਦੀ ਗਿਣਤੀ ਆਰਥਿਕ ਨੁਕਸਾਨ ਪੱਧਰ (Economic Threshold Level) ਤੋਂ ਵੱਧ ਹੋਵੇ। ਇਸ ਨਾਲ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ, ਖਰਚੇ ਅਤੇ ਵਾਤਾਵਰਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾਇਆ ਜਾ ਸਕਦਾ ਹੈ।
ਪੱਤਾ ਲਪੇਟ ਸੁੰਡੀ ਦੀ ਰੋਕਥਾਮ ਲਈ ਉਨ੍ਹਾਂ ਦੱਸਿਆ ਕਿ ਫ਼ਸਲ ਦੇ ਨਿਸਰਨ ਤੋਂ ਪਹਿਲਾਂ, ਜੇਕਰ ਇਸ ਕੀੜੇ ਦਾ ਹਮਲਾ ਨਜ਼ਰ ਆਵੇ ਤਾਂ 20–30 ਮੀਟਰ ਲੰਬੀ ਨਾਰੀਅਲ ਜਾਂ ਮੁੰਜ ਦੀ ਰੱਸੀ ਨੂੰ ਫ਼ਸਲ ਦੇ ਉੱਪਰਲੇ ਹਿੱਸੇ ’ਤੇ ਦੋ ਵਾਰ ਫੇਰਨਾ ਇੱਕ ਪ੍ਰਭਾਵਸ਼ਾਲੀ ਅਤੇ ਸਸਤਾ ਤਰੀਕਾ ਹੈ। ਹਾਲਾਂਕਿ, ਰੱਸੀ ਫੇਰਨ ਸਮੇਂ ਖੇਤ ਵਿੱਚ ਪਾਣੀ ਖੜ੍ਹਾ ਹੋਣਾ ਜ਼ਰੂਰੀ ਹੈ। ਜ਼ਿਆਦਾ ਹਮਲੇ ਦੀ ਸੂਰਤ ਵਿੱਚ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਡਾ. ਅਮਰਜੀਤ ਸਿੰਘ ਬਲਾਕ ਖੇਤੀਬਾੜੀ ਅਫਸਰ, ਸੰਗਰੂਰ ਨੇ ਝੋਨੇ ਨੂੰ ਬਿਮਾਰੀਆਂ ਤੋਂ ਬਚਾਅ ਲਈ ਕਿਸਾਨਾਂ ਨੂੰ ਯੂਰੀਏ ਦੀ ਬੇਲੋੜੀ ਅਤੇ ਵੱਧ ਵਰਤੋਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ । ਉਨ੍ਹਾਂ ਝੋਨੇ ਦੇ ਬੌਣੇਪਣ ਵਾਲੇ ਵਿਸ਼ਾਣੂ ਰੋਗ ਬਾਰੇ ਵੀ ਕਿਸਾਨਾਂ ਨੂੰ ਸੁਚੇਤ ਕੀਤਾ, ਜੋ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ।
ਇਸ ਲਈ ਖੇਤਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਕੀੜੇ ਦੀ ਮੌਜੂਦਗੀ ਪਤਾ ਲੱਗਣ ’ਤੇ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੇ ਕੀਟਨਾਸ਼ਕਾਂ, ਜਿਵੇਂ ਪੈਕਸਾਲੌਨ, ਚੈੱਸ ਅਤੇ ਉਲਾਲਾ ਆਦਿ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗਰਗ ਨੇ ਝੋਨੇ ਵਿੱਚ ਫੋਕ ਦੀ ਸਮੱਸਿਆ ਨੂੰ ਘਟਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਗੋਭ ’ਤੇ 1.5 ਫ਼ੀਸਦੀ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕੀਤਾ ਜਾ ਸਕਦਾ ਹੈ। ਝੰਡਾ ਰੋਗ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਉੱਲੀ ਨਾਲ ਹੋਣ ਵਾਲੀ ਬਿਮਾਰੀ ਹੈ, ਜਿਸ ਨਾਲ ਪ੍ਰਭਾਵਿਤ ਬੂਟੇ ਪੀਲੇ ਪੈ ਜਾਂਦੇ ਹਨ ਅਤੇ ਥੱਲੇ ਤੋਂ ਉੱਪਰ ਵੱਲ ਮੁਰਝਾ ਕੇ ਸੁੱਕਣ ਲੱਗ ਪੈਂਦੇ ਹਨ।
ਬਿਮਾਰੀ ਵਾਲੇ ਬੂਟੇ ਆਮ ਬੂਟਿਆਂ ਨਾਲੋਂ ਉੱਚੇ ਹੁੰਦੇ ਹਨ ਅਤੇ ਜ਼ਮੀਨ ਤੋਂ ਉੱਪਰਲੀਆਂ ਪੋਰੀਆਂ ਤੋਂ ਜੜ੍ਹਾਂ ਵੀ ਬਣਾ ਲੈਂਦੇ ਹਨ। ਉਨ੍ਹਾਂ ਸਲਾਹ ਦਿੱਤੀ ਕਿ ਅਜਿਹੇ ਬੂਟਿਆਂ ਨੂੰ ਪਨੀਰੀ ਅਤੇ ਮੁੱਖ ਫ਼ਸਲ ਵਿੱਚੋਂ ਪੁੱਟ ਕੇ ਨਸ਼ਟ ਕਰ ਦੇਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਮੌਕੇ ਕਿਸਾਨਾਂ ਨੂੰ ਸਤੰਬਰ ਮਹੀਨੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਪੇਂਡੂ ਬੱਚਿਆਂ ਲਈ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਦੀ ਉਪਲੱਬਧਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਕੈਂਪ ਦੇ ਆਯੋਜਨ ਵਿੱਚ ਪਿੰਡ ਦੇ ਸ. ਭੁਪਿੰਦਰ ਸਿੰਘ, ਸ. ਕਮਲਜੀਤ ਸਿੰਘ, ਸ. ਜੁਗਰਾਜ ਸਿੰਘ, ਸ. ਨਿਹਾਲ ਸਿੰਘ, ਸ. ਮਿੰਦਰ ਸਿੰਘ (ਨੰਬਰਦਾਰ), ਸ. ਨਿਰਮਲ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਕੈਂਪ ਦੌਰਾਨ ਕਿਸਾਨਾਂ ਲਈ ਪਸ਼ੂਆਂ ਵਾਸਤੇ ਧਾਤਾਂ ਦੇ ਚੂਰੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਸਾਹਿਤ ਦੀ ਵਿਕਰੀ ਵੀ ਕੀਤੀ ਗਈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments