ਚੰਡੀਗੜ੍ਹ, 7 ਸਤੰਬਰ 2026 (ਹਰਸ਼ਪ੍ਰੀਤ ਕੌਰ): ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਵੱਲੋਂ ਇਸ ਸਬੰਧੀ ਜਲਦ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਹ ਕਦਮ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਤਾਜ਼ਾ ਸਹਿਮਤੀ ਤੋਂ ਬਾਅਦ ਸਾਹਮਣੇ ਆਇਆ ਹੈ। ਬੀਤੇ ਦਿਨ ਦੋਵਾਂ ਧਿਰਾਂ ਵਿਚਾਲੇ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ। ਇਨ੍ਹਾਂ ਵਿੱਚ ਗੰਨੇ ਦੇ ਭਾਅ ਵਿੱਚ ਵਾਧਾ, ਦਿੱਲੀ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਮਾਮਲਿਆਂ ਨੂੰ ਵਾਪਸ ਲੈਣਾ ਅਤੇ ਖੇਤੀਬਾੜੀ ਲਈ ਪਾਣੀ ਦੀ ਉਪਲਬਧਤਾ ਸੁਧਾਰਨ ਵਾਸਤੇ ਪੰਜਾਬ ਦੀਆਂ ਕਰੀਬ 14,000 ਕਿਲੋਮੀਟਰ ਨਹਿਰਾਂ ਦੀ ਵਿਗਿਆਨਕ ਢੰਗ ਨਾਲ ਮੁਰੰਮਤ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ’ਤੇ ਵਿਚਾਰ ਕਰਨ ਲਈ ਸਰਕਾਰ ਵੱਲੋਂ ਇੱਕ ਕਮੇਟੀ ਬਣਾਉਣ ’ਤੇ ਵੀ ਸਹਿਮਤੀ ਹੋਈ ਹੈ। ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੀ ਸੂਰਤ ਵਿੱਚ ਕਿਸਾਨੀ ਨਾਲ ਸਬੰਧਤ ਮਸਲਿਆਂ ’ਤੇ ਵਿਧਾਨ ਸਭਾ ਵਿੱਚ ਵਿਸਥਾਰ ਨਾਲ ਚਰਚਾ ਹੋ ਸਕਦੀ ਹੈ। ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ ਨੂੰ ਲਾਗੂ ਕਰਨ ਵੱਲ ਵੀ ਇਸ ਨੂੰ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
