ਫ਼ਤਹਿਗੜ੍ਹ ਸਾਹਿਬ, 21 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਭਮ ਅਗਰਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਮਹੱਦੀਆਂ ਵਿਖੇ ਕਰਵਾਏ ਗਏ ਪੁਲੀਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਜ਼ਿਲ੍ਹਾ ਪੁਲਿਸ ਮੁਖੀ ਸੁਭਮ ਅਗਰਵਾਲ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲੀਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਆਪਣੇ ਆਪ ਵਿੱਚ ਬੇਮਿਸਾਲ ਹਨ। ਉਨ੍ਹਾਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਿਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ।

ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ ਡੀ.ਐੱਸ.ਪੀ.ਰਾਜੇਸ਼ ਕੁਮਾਰ ਮਲਹੋਤਰਾ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਇਸ ਮੌਕੇ ਸੀ.ਆਰ.ਪੀ.ਐਫ. 13ਵੀਂ ਬਟਾਲੀਅਨ ਕਮਾਂਡੈਂਟ ਬਿਕਰਮ ਸਿੰਘ ਸ਼ੇਖਾਵਤ, ਕਮਾਡੈਂਟ ਹੋਮਗਾਰਡਜ ਸ੍ਰੀ ਅਜੈਪਾਲ ਸਿੰਘ, ਐਸ.ਪੀ.ਡੀ ਅਮਨਦੀਪ ਸਿੰਘ ਬਰਾੜ, ਐਸ.ਪੀ.ਓਪਰੇਸ਼ਨ ਧਰਮਵੀਰ ਸਿੰਘ, ਡੀ.ਐਸ.ਪੀ.ਕੁਲਬੀਰ ਸਿੰਘ, ਡੀ.ਐਸ.ਪੀ.ਰਾਜ ਕੁਮਾਰ, ਜਿਲ੍ਹਾ ਅਟਾਰਨੀ ਕੁਲਵਿੰਦਰ ਸਿੰਘ ਬਾਜਵਾ, ਮੈਡੀਕਲ ਅਫਸਰ ਡਾ.ਰਕਿੰਦਰ ਸਿੰਘ ਤੋਂ ਇਲਾਵਾ ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ, ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।






