Homeਪੰਜਾਬਜਨਗਣਨਾ-2027 ਦਾ ਦੂਜਾ ਪੜਾਅ ਪੰਜਾਬ ਵਿੱਚ 16 ਨਵੰਬਰ ਤੋਂ ਸ਼ੁਰੂ ਹੋਵੇਗਾ

ਜਨਗਣਨਾ-2027 ਦਾ ਦੂਜਾ ਪੜਾਅ ਪੰਜਾਬ ਵਿੱਚ 16 ਨਵੰਬਰ ਤੋਂ ਸ਼ੁਰੂ ਹੋਵੇਗਾ

Punjab Prepares for Second Phase of 2027 Census Set to Begin on November 16

ਸੰਗਰੂਰ, 24 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ-2027 ਤਹਿਤ ਆਬਾਦੀ ਦੀ ਗਣਨਾ ਦਾ ਦੂਜਾ ਪੜਾਅ ਪੰਜਾਬ ਵਿੱਚ 16 ਨਵੰਬਰ, 2026 ਤੋਂ ਸ਼ੁਰੂ ਹੋਵੇਗਾ ਅਤੇ 4 ਜਨਵਰੀ, 2027 ਤੱਕ ਜਾਰੀ ਰਹੇਗਾ। ਇਸ ਤਹਿਤ 16 ਤੋਂ 30 ਨਵੰਬਰ, 2026 ਤੱਕ ਲੋਕਾਂ ਨੂੰ ਆਨਲਾਈਨ ਸਵੈ-ਗਣਨਾ ਦੀ ਸਹੂਲਤ ਮਿਲੇਗੀ, ਜਦਕਿ ਪਹਿਲੀ ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਰਾਹੀਂ ਪ੍ਰਾਪਤ ਹੋਣ ਵਾਲੇ ਅੰਕੜੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਯੋਜਨਾਵਾਂ ਉਲੀਕਣ ਦਾ ਅਹਿਮ ਆਧਾਰ ਬਣਦੇ ਹਨ। ਸਿੱਖਿਆ, ਸਿਹਤ, ਰਿਹਾਇਸ਼, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਭਵਿੱਖੀ ਵਿਉਂਤਬੰਦੀ ਲਈ ਆਬਾਦੀ ਬਾਰੇ ਸਹੀ ਅਤੇ ਮੁਕੰਮਲ ਜਾਣਕਾਰੀ ਉਪਲਬਧ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰੇਕ ਪਰਿਵਾਰ ਦੀ ਭਾਗੀਦਾਰੀ ਇਸ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ ਨਿਰਧਾਰਿਤ ਸਮੇਂ ਦੌਰਾਨ ਜਾਰੀ ਹਦਾਇਤਾਂ ਅਨੁਸਾਰ ਆਨਲਾਈਨ ਸਵੈ-ਗਣਨਾ ਦੀ ਸਹੂਲਤ ਦਾ ਲਾਭ ਲੈਣ। ਆਪਣੇ ਪਰਿਵਾਰ ਦੇ ਵੇਰਵੇ ਦਰਜ ਕਰਦੇ ਸਮੇਂ ਜਾਣਕਾਰੀ ਦੀ ਧਿਆਨ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਕੋਈ ਵੇਰਵਾ ਗ਼ਲਤ ਜਾਂ ਅਧੂਰਾ ਨਾ ਰਹੇ। ਉਹਨਾਂ ਨੇ ਖ਼ਾਸ ਤੌਰ ‘ਤੇ ਸਿੱਖਿਆ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਨਗਣਨਾ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੀ ਦਸੰਬਰ ਤੋਂ ਘਰ-ਘਰ ਆਉਣ ਵਾਲੇ ਅਧਿਕਾਰਤ ਗਣਨਾਕਾਰਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਪੁੱਛੇ ਗਏ ਸਵਾਲਾਂ ਦੇ ਸਹੀ ਤੇ ਸਪੱਸ਼ਟ ਜਵਾਬ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਹਰੇਕ ਵਿਅਕਤੀ ਦੀ ਗਿਣਤੀ ਯਕੀਨੀ ਬਣਾਉਂਦਿਆਂ ਇਹ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ। ਉਨ੍ਹਾਂ ਪੰਚਾਇਤਾਂ, ਸਥਾਨਕ ਸੰਸਥਾਵਾਂ, ਸਮਾਜ ਸੇਵੀ ਜਥੇਬੰਦੀਆਂ ਅਤੇ ਜਾਗਰੂਕ ਨਾਗਰਿਕਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਜਨਗਣਨਾ ਦੀ ਮਹੱਤਤਾ ਅਤੇ ਨਿਰਧਾਰਿਤ ਮਿਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ।  ‘ਸਾਡੀ ਜਨਗਣਨਾ, ਸਾਡਾ ਵਿਕਾਸ’ ਦਾ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਨਗਣਨਾ ਨੂੰ ਸਫ਼ਲ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰੇਕ ਨਾਗਰਿਕ ਸਹੀ ਜਾਣਕਾਰੀ ਦੇ ਕੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਦੀ ਵਿਉਂਤਬੰਦੀ ਵਿੱਚ ਆਪਣਾ ਯੋਗਦਾਨ ਪਾਵੇ।
RELATED ARTICLES
- Advertisment -
Google search engine
Google search engine
Google search engine

Most Popular

Recent Comments