ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਥਾਨੇਸਰ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਤੋਂ ਲਈ ਫੀਡਬੈਕ, ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਦਿੱਤੇ ਨਿਰਦੇਸ਼
ਕੁਰੂਕਸ਼ੇਤਰ, 5 ਅਕਤੂਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਲੈ ਕੇ ਗੰਭੀਰ ਹੈ ਅਤੇ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅਨਾਜ ਮੰਡੀ ਵਿੱਚ ਲਿਆਂਦੀ ਜਾਣ ਵਾਲੀ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਕਿਸਮ ਦੀ ਬੇਨਿਯਮੀ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਸੋਮਵਾਰ ਨੂੰ ਕੁਰੂਕਸ਼ੇਤਰ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਦਫ਼ਤਰ ਵਿਖੇ ਝੋਨੇ ਦੀ ਖਰੀਦ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲਣਾ ਚਾਹੀਦਾ ਹੈ। ਖਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਕਿਸੇ ਵੀ ਮੰਡੀ ਤੋਂ ਵਪਾਰੀਆਂ ਜਾਂ ਕਿਸਾਨਾਂ ਦੀ ਸਮੱਸਿਆ ਸਬੰਧੀ ਸੂਚਨਾ ਮਿਲਣ ’ਤੇ ਅਧਿਕਾਰੀ ਉਸ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਅਧਿਕਾਰੀ ਝੋਨੇ ਦੀ ਖਰੀਦ ਦੇ ਕੰਮ ਨੂੰ ਗੰਭੀਰਤਾ ਨਾਲ ਲੈਣ। ਜੇਕਰ ਕੋਈ ਅਧਿਕਾਰੀ ਲਾਪਰਵਾਹੀ ਵਰਤਦਾ ਹੈ ਤਾਂ ਉਸ ਦੇ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਮੰਡੀਆਂ ਦੇ ਗੇਟ ਪਾਸ ਤੋਂ ਲੈ ਕੇ ਸਮੁੱਚੀ ਖਰੀਦ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਰਿਪੋਰਟ ਹਾਸਲ ਕਰਦਿਆਂ ਕਿਹਾ ਕਿ ਸਰਕਾਰ ਫਸਲ ਖਰੀਦ ਪ੍ਰਕਿਰਿਆ ਦੌਰਾਨ ਅੰਨਦਾਤਿਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਐਸ.ਡੀ.ਐਮ. ਅਮਨ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਹਰਜੀਤ ਸਿੰਘ ਸਮੇਤ ਸਬੰਧਤ ਅਧਿਕਾਰੀ ਹਾਜ਼ਰ ਸਨ।