Homeਪੰਜਾਬਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਬਰਾਬਰੀ, ਸੱਚਾਈ ਅਤੇ ਭਾਈਚਾਰਕ ਸਾਂਝ...

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਬਰਾਬਰੀ, ਸੱਚਾਈ ਅਤੇ ਭਾਈਚਾਰਕ ਸਾਂਝ ਦਾ ਦਿੰਦੀਆਂ ਨੇ ਸੰਦੇਸ਼: ਹਰਪਾਲ ਸਿੰਘ ਚੀਮਾ

Bhagwan Valmiki Ji’s Teachings Promote Equality, Truth and Communal Harmony: Harpal Singh Cheema

ਦਿੜ੍ਹਬਾ, 19 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ, ਸੱਚਾਈ, ਨੇਕੀ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮਹਾਂਪੁਰਖਾਂ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਸੇਧ ਲੈ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾ ਹੈ। ਕੈਬਨਿਟ ਮੰਤਰੀ ਪਿੰਡ ਦਿਆਲਗੜ੍ਹ ਜੇਜੀਆਂ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਹਰਪਾਲ ਸਿੰਘ ਚੀਮਾ ਨੇ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਗੁਰੂਆਂ, ਪੀਰਾਂ-ਪੈਗ਼ੰਬਰਾਂ ਅਤੇ ਮਹਾਂਪੁਰਖਾਂ ਨੇ ਮਨੁੱਖਤਾ ਨੂੰ ਪ੍ਰੇਮ, ਸੇਵਾ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਸੰਗਤ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿੱਤ ਮੰਤਰੀ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ 10 ਮਰਲੇ ਜ਼ਮੀਨ ਦਾਨ ਕਰਨ ਵਾਲੇ ਪਿੰਡ ਵਾਸੀ ਉਦੇਪਾਲ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਸਾਂਝੇ ਕਾਰਜਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਆਪਣੀ ਜ਼ਮੀਨ ਦਾਨ ਕਰਨਾ ਸਮਾਜ ਸੇਵਾ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਹੋਰਨਾਂ ਨੂੰ ਵੀ ਲੋਕ ਭਲਾਈ ਦੇ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ। ਕੈਬਨਿਟ ਮੰਤਰੀ ਅਤੇ ਕਲੱਬ ਦੇ ਅਹੁਦੇਦਾਰਾਂ ਵੱਲੋਂ ਉਦੇਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਰੱਖੀ ਮੰਗ ਬਾਰੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਾਨ ਕੀਤੀ ਗਈ ਜ਼ਮੀਨ ’ਤੇ ਸਾਂਝੇ ਸ਼ੈੱਡ ਦੀ ਉਸਾਰੀ ਲਈ ਗ੍ਰਾਂਟ ਮਨਜ਼ੂਰ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਲੋੜੀਂਦੇ ਦਸਤਾਵੇਜ਼ਾਂ ’ਤੇ ਉਨ੍ਹਾਂ ਵੱਲੋਂ ਦਸਤਖ਼ਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਗਲੇ 15 ਤੋਂ 20 ਦਿਨਾਂ ਅੰਦਰ ਗ੍ਰਾਂਟ ਦੀ ਰਾਸ਼ੀ ਪ੍ਰਾਪਤ ਹੋਣ ਉਪਰੰਤ ਪੰਚਾਇਤ ਅਤੇ ਕਲੱਬ ਆਪਸੀ ਤਾਲਮੇਲ ਨਾਲ ਉਸਾਰੀ ਦਾ ਕੰਮ ਸ਼ੁਰੂ ਕਰਵਾ ਸਕਣਗੇ। ਵਿੱਤ ਮੰਤਰੀ ਨੇ ਕਿਹਾ ਕਿ ਇਸ ਸ਼ੈੱਡ ਦੀ ਉਸਾਰੀ ਨਾਲ ਪਿੰਡ ਵਾਸੀਆਂ ਨੂੰ ਧਾਰਮਿਕ, ਸਮਾਜਿਕ ਅਤੇ ਹੋਰ ਸਾਂਝੇ ਸਮਾਗਮ ਕਰਵਾਉਣ ਲਈ ਢੁੱਕਵੀਂ ਥਾਂ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਯਤਨ ਕੀਤਾ ਜਾਵੇ ਕਿ ਉਸਾਰੀ ਸਮੇਂ ਸਿਰ ਮੁਕੰਮਲ ਹੋਵੇ ਤਾਂ ਜੋ ਭਗਵਾਨ ਵਾਲਮੀਕਿ ਜੀ ਦੇ ਅਗਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਮਾਗਮ ਇਸੇ ਸਥਾਨ ’ਤੇ ਕਰਵਾਇਆ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਾਂਝੀਆਂ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਦਿਆਲਗੜ੍ਹ ਜੇਜੀਆਂ ਦੇ ਰਹਿੰਦੇ ਵਿਕਾਸ ਕਾਰਜਾਂ ਅਤੇ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਕੈਬਨਿਟ ਮੰਤਰੀ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਅਤੇ ਸ਼ੈੱਡ ਦੀ ਉਸਾਰੀ ਲਈ ਗ੍ਰਾਂਟ ਮਨਜ਼ੂਰ ਕਰਨ ’ਤੇ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਮਨਪ੍ਰੀਤ ਸਿੰਘ, ਰਾਜਵੀਰ ਸਿੰਘ, ਜਸਵੀਰ ਸਿੰਘ, ਯੋਧਵੀਰ ਸਿੰਘ, ਕਰਨ ਸਿੰਘ, ਸੁਖਚੈਨ ਸਿੰਘ, ਧਰਮ ਸਿੰਘ, ਹਰਮੇਲ ਸਿੰਘ ਦੀਪੂ, ਹਰਪ੍ਰੀਤ ਸਿੰਘ, ਜਗਸੀਰ ਸਿੰਘ, ਹਰਦੀਪ ਸਿੰਘ, ਹਰਮਨ ਸਿੰਘ, ਕਲੱਬ ਦੇ ਅਹੁਦੇਦਾਰ ਤੇ ਮੈਂਬਰ, ਗ੍ਰਾਮ ਪੰਚਾਇਤ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine

Most Popular

Recent Comments