Home ਪੰਜਾਬ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਿਖਾਉਂਦੀਆਂ ਨੇ ਮਨੁੱਖਤਾ ਦੀ ਸੇਵਾ ਦਾ ਰਾਹ:...

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦਿਖਾਉਂਦੀਆਂ ਨੇ ਮਨੁੱਖਤਾ ਦੀ ਸੇਵਾ ਦਾ ਰਾਹ: ਅਮਨ ਅਰੋੜਾ

Aman Arora Says Bhagwan Valmiki Ji’s Teachings Inspire Selfless Service to Humanity.

0
ਸੁਨਾਮ, 27 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਨਿਆਂ, ਬਰਾਬਰੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਸਮਾਜ ਦੀ ਭਲਾਈ ਲਈ ਮਿਲਜੁਲ ਕੇ ਉਪਰਾਲੇ ਕਰਨ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਨੇ ਪਿੰਡ ਬਿਗੜਵਾਲ, ਕੁਲਾਰ ਖੁਰਦ, ਖੇੜੀ, ਉਭਾਵਾਲ, ਸ਼ੇਰੋਂ, ਲੌਂਗੋਵਾਲ, ਕੁਨਰਾ ਅਤੇ ਚੌਵਾਸ ਵਿਖੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਪੰਜਾਬ ਦੀ ਅਮਨ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਅਖੰਡ ਪਾਠ ਸਾਹਿਬ, ਰਾਮਾਇਣ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਸਮਾਗਮਾਂ ਵਿੱਚ ਹਾਜ਼ਰੀ ਭਰੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਰਚਿਤ ਪਵਿੱਤਰ ਰਾਮਾਇਣ ਨੈਤਿਕ ਕਦਰਾਂ-ਕੀਮਤਾਂ, ਫ਼ਰਜ਼ ਦੀ ਪਾਲਣਾ ਅਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦਾ ਸਤਿਕਾਰ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਪ੍ਰੇਰਨਾ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸਮਾਜਿਕ ਨਿਆਂ ਦੇ ਆਦਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਬਰਾਬਰ ਮੌਕੇ ਅਤੇ ਸਨਮਾਨ ਦੇਣਾ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਮੀਡੀਆ ਵਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਸਖ਼ਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਮੰਗ ਘਟਾਉਣ, ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਨਾਲ ਜੋੜਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਵੀ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਧਾਰਮਿਕ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰ, ਪਾਰਟੀ ਆਗੂ, ਵਾਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Exit mobile version